ਨੈਸ਼ਨਲ ਵੈਕਟਰ ਬੋਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਅਧੀਨ ਰੀਵਿਊ ਮੀਟਿੰਗ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 2 ਜੁਲਾਈ 2024
ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੈਸ਼ਨਲ ਵੈਕਟਰ ਬੋਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਅਧੀਨ ਡੇਂਗੂ ਤੇ ਮਲੇਰੀਆ ਸਮੇਤ ਹੋਰ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਜ਼ਿਲ੍ਹੇ ਦੇ ਸਮੂਹ ਹੈਲਥ ਇੰਸਪੈਕਟਰਾਂ ਦੀ ਮਹੀਨਾਵਾਰ ਰੀਵਿਊ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਸਿਹਤ ਅਧਿਕਾਰੀਆਂ ਨੇ ਇਨ੍ਹਾਂ ਬਿਮਾਰੀਆਂ ਬਾਰੇ ਵਿਆਪਕ ਚਰਚਾ ਕੀਤੀ, ਜਿਸ ਵਿੱਚ ਪਿਛਲੇ ਸਮੇੰ ਦੇ ਤੱਥਾਂ ਦਾ ਡੂੰਘਾਈ ਨਾਲ ਵਿਸ਼ਲੇਸ਼ਣ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਹੈਲਥ ਇੰਸਪੈਕਟਰਾਂ ਨੂੰ ਡੇਂਗੂ ਤੇ ਮਲੇਰੀਆ ਸਮੇਤ ਹੋਰ ਵੈਕਟਰ ਬੋਰਨ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਡੇਂਗੂ ਤੇ ਮਲੇਰੀਆ ਸਮੇਤ ਹੋਰ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ 'ਤੇ ਜ਼ੋਰ ਦਿੱਤਾ ਜਾਵੇ। ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਲੋਕਾਂ ਨੂੰ ਲੋੜੀਂਦੀਆਂ ਸਾਵਧਾਨੀਆਂ ਵਰਤਣ ਸਬੰਧੀ ਦੱਸਣ ਲਈ ਜਾਗਰੂਕਤਾ ਕੈਪ ਲਗਾਏ ਜਾਣ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਅਸੀਂ ਸਾਰੇ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਆਮ ਲੋਕਾਂ ਵਿੱਚ ਜਾਗਰੂਕਤਾ ਨਾਲ ਮੱਛਰਾਂ ਦੀ ਪੈਦਾਵਾਰ ਹੋਣ ਤੋਂ ਰੋਕੀਏ ਅਤੇ ਜ਼ਿੰਮੇਵਾਰ ਨਾਗਰਿਕ ਹੋਣ ਦਾ ਰੋਲ ਅਦਾ ਕਰੀਏ।
ਡਾ. ਰਾਕੇਸ਼ ਪਾਲ ਨੇ ਹੈਲਥ ਇੰਸਪੈਕਟਰਾਂ ਨੂੰ ਹਦਾਇਤ ਕੀਤੀ ਕਿ ਬੁਖਾਰ ਦੇ ਮਰੀਜ਼ਾਂ ਦੀਆਂ ਬਲੱਡ ਸਲਾਈਡਾਂ ਬਣਾਈਆਂ ਜਾਣ। ਇਸਦੇ ਦੇ ਨਾਲ ਹੀ ਸ਼ੱਕੀ ਮਰੀਜ਼ਾਂ ਨੂੰ ਬੁਖਾਰ ਹੋਣ 'ਤੇ ਨੇੜਲੇ ਸਰਕਾਰੀ ਹਸਪਤਾਲ ਵਿਚ ਜਾ ਕੇ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਦਾ ਟੈਸਟ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਤੇ ਮਲੇਰੀਆ 'ਤੇ ਕਾਬੂ ਪਾਉਣ ਲਈ ਮੱਛਰ ਦੀ ਪੈਦਾਇਸ਼ ਰੋਕਣਾ ਜ਼ਰੂਰੀ ਹੈ, ਇਸ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਉਹ ਆਪਣੇ ਘਰਾਂ ਦੇ ਆਲੇ-ਦੁਆਲੇ ਛੱਤਾਂ ਉਤੇ ਕਬਾੜ, ਟੁੱਟੇ ਪੁਰਾਣੇ ਭਾਂਡਿਆਂ, ਟਾਇਰਾਂ ਅਤੇ ਗਮਲਿਆਂ ਆਦਿ ਵਿੱਚ ਪਾਣੀ ਇਕੱਠਾ ਨਾ ਹੋਣ ਦੇਣ। ਟੈਂਕੀਆਂ, ਡਰੰਮਾਂ, ਘੜਿਆਂ ਅਤੇ ਹੋਰ ਪਾਣੀ ਨਾਲ ਭਰੇ ਭਾਂਡਿਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ। ਰਾਤ ਨੂੰ ਸੌਣ ਵੇਲੇ ਮੱਛਰਦਾਨੀ ਦਾ ਪ੍ਰਯੋਗ ਕਰੋ ਅਤੇ ਕੱਪੜੇ ਅਜਿਹੇ ਪਹਿਨੋ ਕਿ ਸ਼ਰੀਰ ਪੂਰੀ ਤਰ੍ਹਾਂ ਢਕਿਆ ਰਹੇ। ਹਫਤੇ ਵਿੱਚ ਇਕ ਵਾਰ ਕੂਲਰ ਜ਼ਰੂਰ ਸਾਫ ਕਰਕੇ ਸੁਕਾਓ। ਜੇਕਰ ਕਿਸੇ ਨੂੰ ਬੁਖਾਰ ਹੁੰਦਾ ਹੈ ਤਾਂ ਉਹ ਤੁਰੰਤ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੇ।
ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ, ਹੈਲਥ ਇੰਸਪੈਕਟਰ ਰਾਜੀਵ ਸ਼ਰਮਾ, ਬਲਵੰਤ ਸਿੰਘ, ਜੋਗਿੰਦਰ ਪਾਲ, ਆਦਰਸ਼ਪਾਲ ਸਿੰਘ, ਰਵੀਇੰਦਰ ਸਿੰਘ, ਸੁਲਿੰਦਰ ਬਾਂਸਲ, ਹਰਮੇਸ਼ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।