ਨੌਕਰੀਆਂ ਦੇਣ ਵਾਲੀ ਸਰਕਾਰ ਤਨਖਾਹਾਂ ਦੇਣ ਤੋਂ ਵੀ ਭੱਜੀ: ਪ੍ਰੋ. ਚੰਦੂਮਾਜਰਾ
- ਮੁੱਖ ਮੰਤਰੀ ਨੇ ਇਨਕਲਾਬ ਦੇ ਝੂਠੇ ਨਾਅਰੇ ਲਗਾਕੇ ਸ਼ਹੀਦਾਂ ਦਾ ਅਪਮਾਨ ਕੀਤਾ
ਖਰੜ 14 ਮਈ 2024 - ਅੱਜ ਸ਼ਰੋਮਣੀ ਅਕਾਲੀ ਦਲ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਸ਼ਾਹਪੁਰ ਵਿਖੇ ਹਲਕਾ ਇੰਚਾਰਜ਼ ਸ. ਰਣਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਭਰਵੀਂ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ । ਇਸ ਮੌਕੇ ਪ੍ਰੋ . ਚੰਦੂਮਾਜਰਾ ਨੇ ਸੰਬੋਧਨ ਕਰਦਿਆਂ ਆਖਿਆ ਕਿ ਸ਼ਹੀਦ ਭਗਤ ਸਿੰਘ ਦਾ ਨਾਂ ਲੈਕੇ ਇਨਕਲਾਬ ਦੇ ਝੂਠੇ ਨਾਅਰੇ ਲਗਾ ਕਿ ਮੁੱਖ ਮੰਤਰੀ ਮਾਨ ਨੇ ਸ਼ਹੀਦਾਂ ਦਾ ਅਪਮਾਨ ਕੀਤਾ। ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ, ਇਸ ਧਰਤੀ ਉੱਪਰ ਝੂਠ ਬੋਲਣ ਵਾਲੇ ਲੋਕਾਂ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀ ਕਰਨਗੇ। ਅਕਾਲੀ ਉਮੀਦਵਾਰ ਨੇ ਆਖਿਆ ਕਿ ਮੁੱਖ ਮੰਤਰੀ ਮਾਨ ਨੂੰ ਸੂਬੇ ਦੇ ਲੋਕਾਂ ਨਾਲ ਬੋਲੇ ਝੂਠ ਦਾ ਖ਼ਮਿਆਜਾ ਰੋਡ ਸ਼ੋਆਂ ਦੌਰਾਨ ਭੁਗਤਣਾ ਪੈ ਰਿਹਾ ਹੈ, ਜਿੱਥੇ ਸੂਬੇ ਦੇ ਨੌਜਵਾਨਾਂ ਤੇ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆ ਦਿਖਾ ਕੇ ਸਵਾਗਤ ਕੀਤਾ ਗਿਆ। ਉਨ੍ਹਾਂ ਆਖਿਆ ਕਿ ਇਹ ਪਹਿਲੀ ਬਾਰ ਹੋਇਆ ਹੈ ਜਦੋਂ ਸੂਬੇ ਦੇ ਮੁਲਾਜ਼ਮਾਂ ਨੂੰ ਤਨਖਾਹਾ ਲੈਣ ਲਈ ਕਈ-ਕਈ ਮਹੀਨੇ ਇੰਤਜ਼ਾਰ ਕਰਨਾ ਪੈ ਰਿਹਾ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਆਪ ਪਾਰਟੀ ਦੇ ਉਮੀਦਵਾਰਾਂ ਨੂੰ ਲੋਕ ਪਿੰਡਾਂ ਅਤੇ ਸ਼ਹਿਰਾਂ ਵਿੱਚ ਰੋਕ-ਰੋਕ ਕੇ ਸਵਾਲ ਕਰ ਰਹੇ ਹਨ, ਪਰ ਆਪ ਉਮੀਦਵਾਰ ਸਵਾਲਾਂ ਦੇ ਜਵਾਬ ਦੇਣ ਦੀ ਥਾਂ ਸੱਤਾ ਦਾ ਦੁਰਉਪਯੋਗ ਕਰ ਕਿਸਾਨਾਂ ਅਤੇ ਨੌਜਵਾਨਾਂ ਉੱਤੇ ਲਾਠੀਚਾਰਜ ਕਰਵਾ ਰਹੇ ਹਨ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਆਪ ਪਾਰਟੀ ਵੱਲੋਂ ਸਰਕਾਰ ਬਣਾਉਣ ਤੋਂ ਪਹਿਲਾਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੀ ਗਾਰੰਟੀ ਦਿੱਤੀ ਗਈ ਸੀ, ਪਰ ਅੱਜ ਸੱਤਾ ਵਿੱਚ ਧੁੱਤ ਹੋਈ ਸੂਬਾ ਸਰਕਾਰ ਨੂੰ ਨੌਜਵਾਨਾਂ, ਕਿਸਾਨਾਂ, ਮੁਲਾਜ਼ਮਾਂ ਅਤੇ ਹੋਰ ਵਰਗਾਂ ਨੂੰ ਦਿੱਤੀਆਂ ਗਾਰੰਟੀਆਂ ਚੇਤੇ ਵੀ ਨਹੀਂ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਥਾਂ ਬਾਹਰੀ ਰਾਜਾਂ ਦੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਭਰਤੀ ਕੀਤਾ ਗਿਆ। ਪ੍ਰੋ. ਚੰਦੂਮਾਜਰਾ ਨੇ ਹੈਰਾਨੀ ਪ੍ਰਗਟ ਕਰਦਿਆਂ ਆਖਿਆ ਕਿ ਸੂਬੇ ਵਿੱਚ ਹੋਈ ਵੈਂਟਰਨਰੀ ਇੰਸਪੈਕਟਰਾਂ ਦੀ ਭਰਤੀ ‘ਚ ਗੁਆਂਢੀ ਸੂਬਿਆਂ ਦੇ 33 ਫ਼ੀਸਦ ਉਮੀਦਵਾਰ ਭਰਤੀ ਕੀਤੇ ਗਏ। ਉਨ੍ਹਾਂ ਆਖਿਆ ਕਿ ਪਾਵਰਕੌਮ, ਟਰਾਂਸਕੋ ਅਤੇ ਪਸ਼ੂ ਪਾਲਣ ਵਿਭਾਗ ਅਦਾਰਿਆਂ ਵਿੱਚ ਵੀ ਗੁਆਂਢੀ ਸੂਬਿਆਂ ਦੇ ਲੋਕਾਂ ਨੇ ਵੱਡਾ ਫਾਇਦਾ ਲਿਆ। ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ‘ਆਪ ਸਰਕਾਰ’ ਨੌਕਰੀਆਂ ਤੋਂ ਇਲਾਵਾ ਲੋਕ ਸਭਾ, ਰਾਜ ਸਭਾ ਦੀਆਂ ਟਿਕਟਾਂ ਵੀ ਪੰਜਾਬੀਆਂ ਦੀ ਥਾਂ ਬਾਹਰੀਆਂ ਨੂੰ ਦੇ ਰਹੀ ਹੈ। ਉਨ੍ਹਾਂ ਆਖਿਆ ਕਿ ਪੰਜਾਬੀ ਇਨ੍ਹਾਂ ਚੋਣਾਂ ਵਿੱਚ ਅਜਿਹੀ ਪਾਰਟੀ ਨੂੰ ਕਦੇ ਮੂੰਹ ਨਹੀਂ ਲਗਾਉਣਗੇ, ਜੋ ਪੰਜਾਬ ਦੇ ਲੋਕਾਂ ਦੀ ਥਾਂ ਬਾਹਰੀਆਂ ਨੂੰ ਜਿਆਦਾ ਮੌਕੇ ਦੇਣ ਵਿੱਚ ਮੋਹਰੀ ਹੈ। ਇਸ ਮੌਕੇ ਉਨ੍ਹਾਂ ਆਖਿਆ ਕਿ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਆਪ ਪਾਰਟੀ ਦਾ ਉਮੀਦਵਾਰ ਹਲਕੇ ਤੋਂ ਹੋਣਾਂ ਤਾਂ ਦੂਰ ਦੀ ਗੱਲ, ਪੰਜਾਬ ਤੋਂ ਵੀ ਨਹੀਂ।
ਇਸ ਮੌਕੇ ਹਲਕਾ ਇੰਚਾਰਜ਼ ਸ. ਰਣਜੀਤ ਸਿੰਘ ਗਿੱਲ, ਐਸਜੀਪੀਸੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਕਿਸਾਨ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਕਾਦੀਮਾਜਰਾ, ਰਣਧੀਰ ਸਿੰਘ ਧੀਰਾ, ਮਨਜੀਤ ਸਿੰਘ ਮੁੱਧੋਂ, ਝਰਮਲ ਸਿੰਘ, ਹਾਕਮ ਸਿੰਘ, ਲਖਵੀਰ ਸਿੰਘ, ਮੁਖਤਿਆਰ ਸਿੰਘ, ਜਸਮੇਰ ਸਿੰਘ ਸਾਬਕਾ ਸਰਪੰਚ, ਗੁਰਜਿੰਦਰ ਸਿੰਘ, ਵਰਿੰਦਰ ਸਿੰਘ, ਹਰਜਿੰਦਰ ਸਿੰਘ, ਅਮਰਜੀਤ ਸਿੰਘ, ਜਗਦੇਵ ਸਿੰਘ ਮਲੋਆ, ਮੋਹਨ ਸਿੰਘ, ਭੁਪਿੰਦਰ ਸਿੰਘ, ਜਗਤਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੀਨੀਅਰ ਅਕਾਲੀ ਲੀਡਰਸ਼ਿਪ ਤੇ ਵਰਕਰ ਮੌਜੂਦ ਸਨ।