ਮਨਪ੍ਰੀਤ ਸਿੰਘ ਜੱਸੀ
- ਕਿਹਾ, ਕਰਫ਼ਿਊ ਦੌਰਾਨ ਸਰਕਾਰ ਵੱਲੋਂ ਕਿਸੇ ਵੀ ਵਿਅਕਤੀ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ
ਅੰਮ੍ਰਿਤਸਰ, 27 ਮਾਰਚ 2020 - ਕਰਫ਼ਿਊ ਦੌਰਾਨ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਪੁਲਿਸ ਥਾਣਾ ਅਜਨਾਲਾ ਵਿਖੇ ਸਿਵਲ ਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਇਸ ਔਖੀ ਘੜੀ ਵਿਚ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਿਹਾ ਗਿਆ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸੰਸਾਰ ਭਰ ਵਿਚ ਫੈਲੇ ਕੋਰੋਨਾ ਵਾਇਰਸ ਤੋਂ ਪੰਜਾਬ ਵਾਸੀਆਂ ਨੂੰ ਬਚਾਉਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਰਫ਼ਿਊ ਦੌਰਾਨ ਲੋਕਾਂ ਨੂੰ ਖਾਣ ਪੀਣ ਤੋਂ ਇਲਾਵਾ ਸਿਹਤ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੀ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਤਰਫ਼ੋਂ ਕਿਸੇ ਵੀ ਵਿਅਕਤੀ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ ਅਤੇ ਹਰੇਕ ਵਿਅਕਤੀ ਨੂੰ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ ਤੇ ਇਸ ਦੇ ਨਾਲ ਹੀ ਸਸਤੇ ਭਾਅ ਤੇ ਮਿਲਦੀ ਕਣਕ ਵੀ ਲੋਕਾਂ ਤੱਕ ਇੱਕ ਦੋ ਦਿਨਾਂ ਤੱਕ ਪਹੁੰਚ ਜਾਵੇਗੀ।