ਪਟਿਆਲਾ: ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼
ਪਟਿਆਲਾ, 16 ਜੁਲਾਈ 2023 - ਵਧੀਕ ਡਿਪਟੀ ਕਮਿਸ਼ਨਰ ਜਗਜੀਤ ਸਿੰਘ ਨੇ ਹੜ੍ਹਾਂ ਤੋਂ ਬਾਅਦ ਦੇ ਰਾਹਤ ਕਾਰਜਾਂ ਦੌਰਾਨ ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਹੜ੍ਹਾਂ ਤੋਂ ਪ੍ਰਭਾਵਿਤ ਖੇਤਰਾਂ ਵਿੱਚ ਸੁਰੱਖਿਅਤ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ, ਪ੍ਰਾਈਵੇਟ ਵਾਟਰ ਸਪਲਾਈ ਟੈਂਕਰਾਂ ਅਤੇ ਸਹਾਇਤਾ ਸਮੂਹਾਂ ਵੱਲੋਂ ਦਿੱਤੀ ਜਾ ਰਹੀ ਪਾਣੀ ਦੀ ਸਪਲਾਈ ਦੌਰਾਨ ਸਿਹਤ ਵਿਭਾਗ ਵੱਲੋਂ ਜਾਰੀ ਐਸ.ਓ.ਪੀ. ਅਤੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਨੂੰ ਇੱਕ ਸੁਰੱਖਿਅਤ ਸਰੋਤ ਤੋਂ ਭਰਨਾ ਅਤੇ ਗੋਲੀਆਂ, ਪਾਊਡਰ ਜਾਂ ਤਰਲ ਕਲੋਰੀਨ ਨਾਲ 0.5 ਪੀਪੀਐਮ ਦੇ ਹਿਸਾਬ ਨਾਲ ਕਲੋਰੀਨ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ, ਏ.ਡੀ.ਸੀ. ਸ਼ਹਿਰੀ ਵਿਕਾਸ, ਸਿਵਲ ਸਰਜਨ, ਡੀ.ਡੀ.ਪੀ.ਓ., ਕਾਰਜਸਾਧਕ ਅਫ਼ਸਰ ਤੇ ਸਮੂਹ ਬੀ.ਡੀ.ਪੀ.ਓਜ਼ ਆਪਣੇ ਆਪਣੇ ਖੇਤਰਾਂ ਵਿੱਚ ਲੋਕਾਂ ਨੂੰ ਪੀਣ ਯੋਗ ਸੁਰੱਖਿਅਤ ਪਾਣੀ ਉਪਲਬਧ ਕਰਵਾਉਣਾ ਲਈ ਲੋੜੀਦੀ ਕਾਰਵਾਈ ਅਮਲ ਵਿੱਚ ਲਿਆਉਣਗੇ।