ਜੀ ਐਸ ਪੰਨੂ
- ਕੋਈ ਵੀ ਧਾਰਮਿਕ ਇਕੱਠ ਕਰਨ ਦੀ ਨਹੀਂ ਇਜ਼ਾਜਤ
ਪਟਿਆਲਾ, 10 ਅਪ੍ਰੈਲ 2020 - ਕੋਰੋਨਾ ਵਾਇਰਸ ਕੋਵਿਡ-19 ਦੇ ਜੀਵਾਣੂ ਤੋਂ ਬਿਮਾਰੀ ਤੋਂ ਬਚਾਅ ਅਤੇ ਇਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪਟਿਆਲਾ ਵਿਖੇ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਵੱਲੋਂ 23 ਮਾਰਚ ਤੋਂ ਅਗਲੇ ਹੁਕਮਾਂ ਤੱਕ ਕਰਫਿਊ ਲਗਾਇਆ ਗਿਆ ਹੈ। ਇਸ ਦੌਰਾਨ ਜ਼ਿਲ੍ਹਾ ਮੈਜਿਸਟਰੇਟ ਨੇ ਡਿਜ਼ਾਸਟਰ ਮੈਨੇਜਮੈਂਟ ਐਕਟ-2005 ਤਹਿਤ ਜ਼ਿਲ੍ਹਾ ਪਟਿਆਲਾ ਦੀ ਹੱਦ ਵਿੱਚ ਪੈਂਦੇ ਸਮੂਹ ਧਾਰਮਿਕ ਅਸਥਾਨਾਂ ਨੂੰ ਅਗਲੇ ਹੁਕਮਾਂ ਤੱਕ ਆਮ ਲੋਕਾਂ ਲਈ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਸ ਤੋਂ ਬਿਨ੍ਹਾਂ ਜ਼ਿਲ੍ਹੇ ਵਿੱਚ ਕੋਈ ਵੀ ਧਾਰਮਿਕ ਇਕੱਠ ਵੀ ਨਹੀਂ ਹੋਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾਵਾਇਰਸ ਦੀ ਬਿਮਾਰੀ ਨੂੰ ਰੋਕਣ ਲਈ ਐਪੀਡੈਮਿਕ ਡੀਸੀਜ਼ ਐਕਟ 1897 ਅਧੀਨ ਜਾਰੀ ਦਿਸ਼ਾ ਨਿਰਦੇਸ਼ 5 ਮਾਰਚ 2020 ਤੋਂ ਹੀ ਲਾਗੂ ਹਨ। ਜਦੋਂਕਿ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਮਿਤੀ 9 ਅਪ੍ਰੈਲ 2020 ਨੂੰ ਜਾਰੀ ਹੁਕਮਾਂ ਮੁਤਾਬਕ ਪੰਜਾਬ ਦੇ ਸਾਰੇ ਧਾਰਮਿਕ ਅਸਥਾਨਾਂ ਨੂੰ ਆਮ ਲੋਕਾਂ ਲਈ ਬੰਦ ਕਰਨ ਅਤੇ ਕੋਈ ਵੀ ਧਾਰਮਿਕ ਇਕੱਠ ਨਾ ਕਰਨ ਲਈ ਪਾਬੰਦੀ ਲਗਾਈ ਗਈ ਹੈ।
ਇਨ੍ਹਾਂ ਹੁਕਮਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਨੇ ਮਿਤੀ 10 ਅਪ੍ਰੈਲ 2020 ਨੂੰ ਉਕਤ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ, ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਜ਼ਿਲ੍ਹੇ ਦੇ ਸਮੂਹ ਧਾਰਮਿਕ ਅਸਥਾਨਾਂ ਦੇ ਪ੍ਰਬੰਧਕਾਂ ਅਤੇ ਧਾਰਮਿਕ ਆਗੂਆਂ ਨੂੰ ਇਹ ਹੁਕਮ ਭੇਜ ਕੇ ਇਨ੍ਹਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਜਨਤਕ ਹਿੱਤਾਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ, ਜਿਸ ਲਈ ਆਮ ਲੋਕ ਇਸ ਦੀ ਪਾਲਣਾ ਕਰਨੀ ਯਕੀਨੀ ਬਣਾਉਣ।