ਜੀ ਐਸ ਪੰਨੂ
ਮਰੀਜ ਵਧਣ 'ਤੇ ਸੁਪਰ ਸਪੈਸ਼ਲਿਟੀ ਬਲਾਕ ਵੀ ਵਰਤਣ ਲਈ ਪੂਰੀ ਤਰ੍ਹਾਂ ਤਿਆਰ-ਕੁਮਾਰ ਅਮਿਤ
ਪਟਿਆਲਾ, 06 ਅਗਸਤ 2020: ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਅੱਜ ਦੇਰ ਸ਼ਾਮ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮ.ਸੀ.ਐਚ. ਇਮਾਰਤ ਵਿਖੇ ਸਥਾਪਤ ਕੋਵਿਡ ਆਈਸੋਲੇਸ਼ਨ ਵਾਰਡ ਦੀ ਪਹਿਲੀ ਮੰਜ਼ਿਲ ਦਾ ਦੌਰਾ ਕਰਕੇ, ਕੋਵਿਡ ਵਾਰਡ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਪਟਿਆਲਾ ਦੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਡਾਕਟਰਾਂ ਦੇ ਹੌਂਸਲੇ ਬੁਲੰਦ ਹਨ ਅਤੇ ਰਾਜਿੰਦਰਾ ਹਸਪਤਾਲ ਵਿਖੇ ਕੋਵਿਡ ਮਰੀਜਾਂ ਦੇ ਇਲਾਜ ਦੇ ਬਿਹਤਰ ਪ੍ਰਬੰਧ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਰੀਜਾਂ ਦੀ ਗਿਣਤੀ ਵਧਣ 'ਤੇ ਰਾਜਿੰਦਰਾ ਹਸਪਤਾਲ ਵਿਖੇ ਨਵੇਂ ਬਣੇ ਸੁਪਰ ਸਪੈਸ਼ਲਿਟੀ ਬਲਾਕ ਦੀ ਇਮਾਰਤ ਨੂੰ ਵੀ ਕੋਵਿਡ ਆਈਸੋਲੇਸ਼ਨ ਲਈ ਵਰਤਿਆ ਜਾ ਸਕਦਾ ਹੈ, ਜਿਸ ਲਈ ਇਹ ਇਮਾਰਤ ਵੀ ਪੂਰੀ ਤਰ੍ਹਾਂ ਤਿਆਰ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਦੇ ਨਾਲ ਏ.ਡੀ.ਸੀ. (ਡੀ) ਡਾ. ਪ੍ਰੀਤੀ ਯਾਦਵ, ਹਸਪਤਾਲ ਦੇ ਕੋਵਿਡ ਕੇਅਰ ਇੰਚਾਰਜ, ਪੀਡੀਏ ਦੇ ਮੁੱਖ ਪ੍ਰਸ਼ਾਸਕ ਤੇ ਮੈਡੀਕਲ ਸਿਖਿਆ ਤੇ ਖੋਜ ਦੇ ਵਧੀਕ ਸਕੱਤਰ ਸ੍ਰੀਮਤੀਸੁਰਭੀ ਮਲਿਕ, ਸਹਾਇਕ ਕਮਿਸ਼ਨਰ ਡਾ. ਨਿਰਮਲ ਓਸੀਪਚਨ, ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਹਰਜਿੰਦਰ ਸਿੰਘ, ਮੈਡੀਕਲ ਸੁਪਰਡੈਂਟ ਡਾ. ਰਮੇਸ਼ ਕੁੰਡਲ, ਡਿਪਟੀ ਮੈਡੀਕਲ ਸੁਪਰਡੈਂਟ ਡਾ. ਵਿਨੋਦ ਡਾਂਗਵਾਲ ਸਮੇਤ ਹੋਰ ਡਾਕਟਰ ਅਤੇ ਅਧਿਕਾਰੀ ਮੌਜੂਦ ਸਨ।
ਕੁਮਾਰ ਅਮਿਤ ਨੇ ਦੱਸਿਆ ਕਿ ਕੋਵਿਡ ਮਰੀਜ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮਰੀਜਾਂ ਦਾ ਇਲਾਜ ਬਹੁਤ ਹੀ ਬਿਹਤਰ ਢੰਗ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜਿੰਦਰਾ ਹਸਪਤਾਲ ਵਿਖੇ ਮਰੀਜਾਂ ਦੇ ਵਾਰਸਾਂ ਨੂੰ ਜਾਣਕਾਰੀ ਦੇਣ ਲਈ ਸਥਾਪਤ ਕੀਤੇ ਗਏ ਕਾਲ ਸੈਂਟਰ ਤੋਂ ਹੁਣ ਤੱਕ 125 ਮਰੀਜਾਂ ਦੇ ਵਾਰਸਾਂ ਨੂੰ ਫੋਨ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਹਸਪਤਾਲ ਦੇ ਡਾਕਟਰਾਂ ਸਮੇਤ ਨਰਸਿੰਗ ਸਟਾਫ਼ ਅਤੇ ਦਰਜਾ ਚਾਰ ਅਮਲੇ ਨੂੰ ਵੀ ਜਰੂਰੀ ਹਦਾਇਤਾਂ ਜਾਰੀ ਕੀਤੀਆਂ।