ਚੰਡੀਗੜ੍ਹ, 19 ਅਕਤੂਬਰ, 2016 : ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਪਟਿਆਲਾ ਮਿਊਂਸੀਪਲ ਕਾਰਪੋਰੇਸ਼ਨ ਦੇ ਸਾਬਕਾ ਡਿਪਟੀ ਮੇਅਰ ਸ੍ਰੀ ਕਬੀਰ ਦਾਸ ਅੱਜ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਿਤਾਉਣ ਵਿਚ ਸ੍ਰੀ ਕਬੀਰ ਦਾਸ ਦੀ ਹਮੇਸ਼ਾ ਹੀ ਵਿਸ਼ੇਸ਼ ਅਹਿਮੀਅਤ ਰਹੀ ਹੈ।
ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਕਬੀਰ ਦਾਸ ਦਾ ਅਨੁਸੂਚਿਤ ਜਾਤੀ ਭਾਈਚਾਰੇ ਵਿਚ ਬਹੁਤ ਮਜ਼ਬੂਤ ਆਧਾਰ ਹੈ ਅਤੇ ਉਨ੍ਹਾਂ ਹੇਠਲੇ ਪੱਧਰ ਤੋਂ ਆਪਣਾ ਸਿਆਸੀ ਜੀਵਨ ਸ਼ੁਰੂ ਕਰਕੇ ਬਹੁਤ ਹੀ ਸਨਮਾਨਯੋਗ ਅਹੁਦਿਆਂ 'ਤੇ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਕਬੀਰ ਦਾਸ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਸਿਆਸੀ ਤਜ਼ਰਬੇ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਸ੍ਰੀ ਕਬੀਰ ਦਾਸ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਸਮਾਜਕ ਸੇਵਾ ਹੈ ਅਤੇ ਸਿਆਸਤ ਵਿਚ ਰਹਿ ਕੇ ਵੀ ਉਨ੍ਹਾਂ ਨੇ ਹਮੇਸ਼ਾਂ ਹੀ ਲੋਕਾਂ ਦੀ ਭਲਾਈ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਦਿਨ-ਰਾਤ ਕੰਮ ਕੀਤਾ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਦੀ ਕਹਿਣੀ ਅਤੇ ਕਰਨੀ ਵਿਚ ਬਹੁਤ ਵੱਡਾ ਅੰਤਰ ਹੈ ਇਸ ਲਈ ਉਨ੍ਹਾਂ ਨੇ ਬਿਨਾਂ ਸ਼ਰਤ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ ਅਤੇ ਪਾਰਟੀ ਨੂੰ ਬੁਲੰਦੀ 'ਤੇ ਪਹੁੰਚਾਉਣ ਲਈ ਉਹ ਦਿਨ ਦੁੱਗਣਾ ਰਾਤ ਚੌਗੁਣਾ ਕੰਮ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ, ਵਿਧਾਇਕ ਐਨ.ਕੇ.ਸ਼ਰਮਾ ਤੇ ਪਵਨ ਕੁਮਾਰ ਟੀਨੂੰ, ਉੱਪ ਮੁੱਖ ਮੰਤਰੀ ਦੇ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ, ਓਐਸਡੀ ਚਰਨਜੀਤ ਸਿੰਘ ਬਰਾੜ ਅਤੇ ਪਰਮਿੰਦਰ ਸਿੰਘ ਬਰਾੜ ਆਦਿ ਹਾਜ਼ਰ ਸਨ।