ਦੇਵਾ ਨੰਦ ਸ਼ਰਮਾ
- ਪਰਾਲੀ ਸਾੜਨ ਵਾਲਿਆਂ ਵਿਰੁੱਧ 58 ਐੱਫ.ਆਈ.ਆਰ. ਦਰਜ, 94 ਚਲਾਨ
- 199 ਲੋਕਾਂ ਦੇ ਜ਼ਮੀਨੀ ਰਿਕਾਰਡ ਵਿਚ ਲਾਲ ਐਂਟਰੀ ਦਰਜ ਕੀਤੀ ਗਈ
ਫਰੀਦਕੋਟ, 07 ਨਵੰਬਰ 2019 - ਜਿਹੜੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਉਨ੍ਹਾਂ ਨੂੰ ਸਰਕਾਰ ਵੱਲੋਂ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਸੌਰਭ ਰਾਜ ਆਈ.ਏ.ਐਸ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਹੀ ਮੁੱਖ ਸਕੱਤਰ ਪੰਜਾਬ ਸਰਕਾਰ ਨਾਲ ਹੋਈ ਵੀਡਿਓ ਕਾਨਫਰੰਸ ਰਾਹੀਂ ਇਹ ਜਾਣਕਾਰੀ ਦਿੱਤੀ ਗਈ ਹੈ, ਜਿਸ ਦੀ ਸਕੀਮ ਦਾ ਪੂਰਾ ਵੇਰਵਾ ਜਲਦ ਹੀ ਆ ਜਾਵੇਗੀ ਅਤੇ ਆਉਣ ਵਾਲੇ ਕੁਝ ਦਿਨਾਂ 'ਚ ਕਿਸਾਨਾਂ ਨੂੰ ਮੁਆਵਜਾ ਦੇ ਦਿੱਤਾ ਜਾਵੇਗਾ। ਇਸ ਲਈ ਕਿਸਾਨ ਉੱਕਾ ਹੀ ਪਰਾਲੀ ਨੂੰ ਅੱਗ ਨਾ ਲਗਾਉਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਹੁਣ ਤੱਕ ਜ਼ਿਲ੍ਹੇ ਵਿੱਚ 58 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ 94 ਕਿਸਾਨਾਂ ਦੇ ਚਲਾਨ ਕੱਟੇ ਗਏ ਹਨ। ਇਸ ਤੋਂ ਇਲਾਵਾ 199 ਕਿਸਾਨਾਂ ਦੇ ਮਾਲ ਰਿਕਾਰਡ ਵਿਚ ਲਾਲ ਇੰਦਰਾਜ ਦਰਜ ਕੀਤੇ ਗਏ ਹਨ। ਉਨ੍ਹਾਂ ਮੁੜ ਦੁਹਰਾਇਆ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਜੇਕਰ ਕਿਸੇ ਨੇ ਵੀ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਉਲੰਘਣਾ ਕੀਤੀ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਵੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਅੰਦਰ ਪੈਂਦੇ ਸਦਰ ਥਾਣੇ ਦੇ ਪਿੰਡਾਂ 'ਚ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਚੇਤੰਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਕੋਟਕਪੂਰਾ ਦੇ ਸਦਰ ਥਾਣੇ ਅੰਦਰ ਪੈਂਦੇ ਪਿੰਡਾਂ ਵਿਚ ਅਜਿਹੀਆਂ ਹੀ ਰੈਲੀਆਂ ਕੱਢੀਆਂ ਗਈਆਂ।
ਉਹਨਾਂ ਆਪਣੀ ਇਸ ਅਪੀਲ ਨੂੰ ਦੁਹਰਾਇਆ ਕਿ ਵਾਤਾਵਰਨ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ। ਉਹਨਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਐਫ ਆਈ ਆਰ ਦਰਜ ਅਤੇ ਚਲਾਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਕਿਸਾਨਾਂ ਨੂੰ ਤੰਗ ਪਰੇਸ਼ਾਨ ਕਰਨਾ ਨਹੀਂ ਹੈ ਸਗੋਂ ਪਰਾਲੀ ਨੂੰ ਅੱਗ ਲਾਉਣ ਨਾਲ ਫੈਲਣ ਵਾਲਾ ਪ੍ਰਦੂਸ਼ਣ ਮਨੁੱਖਤਾ, ਜੀਵ ਜੰਤੂਆਂ ਅਤੇ ਸਮੁੱਚੇ ਵਾਤਾਵਰਨ ਲਈ ਘਾਤਕ ਹੈ। ਇਸ ਨੂੰ ਰੋਕਣ ਲਈ ਸਮੂਹ ਪੰਚਾਇਤਾਂ ਸਮੇਤ ਵੱਖ ਵੱਖ ਸਰਕਾਰੀ ਵਿਭਾਗਾਂ ਅਤੇ ਹਰੇਕ ਨਾਗਰਿਕ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਇਸ ਨੂੰ ਜ਼ਮੀਨ ਵਿਚ ਹੀ ਖਪਾਉਣ । ਉਹਨਾਂ ਕਿਹਾ ਕਿ ਪ੍ਰਦੂਸ਼ਣ ਨੂੰ ਰੋਕਣ ਲਈ ਹਰੇਕ ਪਿੰਡ ਵਿਚ ਨੋਡਲ ਅਫਸਰ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਸਮੂਹ ਡਵੀਜ਼ਨਲ ਮੈਜਿਸਟਰੇਟ ਨੂੰ ਵੀ ਸਬ ਡਵੀਜਨ ਦਾ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ, ਇਸ ਤੋਂ ਇਲਾਵਾ ਮਾਲ ਵਿਭਾਗ ਦੇ ਸਮੂਹ ਅਧਿਕਾਰੀ, ਜ਼ਿਲ੍ਹੇ ਦੇ ਸਮੂਹ ਐਸ ਐਚ ਓ, ਸਰਪੰਚਾਂ ਨਾਲ ਤਾਲਮੇਲ ਕਰਕੇ ਪਰਾਲੀ ਨੂੰ ਅੱਗ ਲਾਉਣ ਦੇ ਵਰਤਾਰੇ ਨੂੰ ਰੋਕਣ ਲਈ ਜੁੰਮੇਵਾਰ ਹੋਣਗੇ। ਜਿਸ ਕੋਲ ਇਲਾਕੇ ਨਾਲ ਸਬੰਧਤ ਖੇਤੀ ਮਸ਼ੀਨਰੀ ਦੀ ਸੂਚੀ ਅਤੇ ਸੰਪਰਕ ਨੰਬਰ ਹਨ। ਉਹਨਾਂ ਕਿਹਾ ਕਿ ਇਕ ਪਾਸੇ ਅਸੀਂ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾ ਰਹੇ ਹਾਂ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈਂਦਿਆਂ ਹੋਇਆ ਸਾਨੂੰ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਪ੍ਰੋਜੈਕਟ ਡਾਇਰੈਕਟਰ ਆਤਮਾ ਸ਼੍ਰੀ ਅਮਨਦੀਪ ਕੇਸ਼ਵ ਨੇ ਦੱਸਿਆ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਸੁਪਰ ਸੀਡਰ ਲਈ ਵੀ ਸਬਸਿਡੀ ਦਿੱਤੀ ਜਾ ਰਹੀ ਹੈ।