ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਲਗਾਤਾਰ ਦੌਰੇ ਕਰਨ ਕਲੱਸਟਰ ਅਫ਼ਸਰ - ਡਾ. ਅਕਸ਼ਿਤਾ ਗੁਪਤਾ
-ਐਸ.ਡੀ.ਐਮ ਵੱਲੋਂ ਖੇਤੀਬਾੜੀ ਅਧਿਕਾਰੀਆਂ ਤੇ ਕਲੱਸਟਰ ਅਫਸਰਾਂ ਨਾਲ ਮੀਟਿੰਗ
ਪ੍ਰਮੋਦ ਭਾਰਤੀ
ਨਵਾਂਸ਼ਹਿਰ 6 ਨਵੰਬਰ ,2024 - ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ ਵੱਲੋਂ ਅੱਜ ਨਵਾਂਸ਼ਹਿਰ ਅਤੇ ਔੜ ਬਲਾਕਾਂ ਦੇ ਖੇਤੀਬਾੜੀ ਅਧਿਕਾਰੀਆਂ ਅਤੇ ਕਲੱਸਟਰ ਅਫ਼ਸਰਾਂ ਨਾਲ ਪਰਾਲੀ ਨੂੰ ਸਾੜਨ ਤੋਂ ਰੋਕਣ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਖੇਤੀਬਾੜੀ ਅਧਿਕਾਰੀਆਂ ਵੱਲੋਂ ਨੇੜਲੇ ਭਵਿੱਖ ਵਿਚ ਜਿਨ੍ਹਾਂ ਪਿੰਡਾਂ ਦੇ ਖੇਤਾਂ ਵਿਚ ਪਰਾਲੀ ਜਮ੍ਹਾ ਹੈ ਅਤੇ ਜਿਥੇ ਪਰਾਲੀ ਨੂੰ ਸਾੜਨ ਦੀ ਸੰਭਾਵਨਾ ਜ਼ਿਆਦਾ ਹੋ ਸਕਦੀ ਹੈ, ਬਾਰੇ ਜਾਣਕਾਰੀ ਦਿੱਤੀ ਗਈ। ਐਸ.ਡੀ.ਐਮ ਅਕਸ਼ਿਤਾ ਗੁਪਤਾ ਨੇ ਸਮੂਹ ਕਲੱਸਟਰ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਰੋਜ਼ਾਨਾ ਪਿੰਡਾਂ ਦੇ ਦੌਰੇ ਕਰਨ ਅਤੇ ਉਥੋਂ ਦੇ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਸਬੰਧੀ ਜਾਗਰੂਕ ਕਰਨ, ਤਾਂ ਜੋ ਸੰਭਾਵਿਤ ਖੇਤਰਾਂ ਵਿਚ ਪਰਾਲੀ ਨੂੰ ਸਾੜਨ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਸਾੜਨ ਤੋਂ ਗੁਰੇਜ਼ ਕਰਨ, ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।