- 28 ਕਿਸਾਨਾਂ ਨੂੰ ਹੋਇਆ 92 ਹਜ਼ਾਰ 500 ਜੁਰਮਾਨਾ
ਫ਼ਤਹਿਗੜ੍ਹ ਸਾਹਿਬ, 03 ਨਵੰਬਰ 2019 - ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖਿਲਾਫ ਐਫ.ਆਈ.ਆਰ ਤੇ ਜੁਰਮਾਨੇ ਸਮੇਤ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਤੇ ਜ਼ਿਲ੍ਹੇ ਵਿੱਚ ਹੁਣ ਤੱਕ 21 ਕਿਸਾਨਾਂ ਖਿਲਾਫ ਐਫ.ਆਈ.ਆਰਜ਼ ਦਰਜ ਕੀਤੀਆਂ ਜਾ ਚੁੱਕੀਆਂ ਹਨ ਤੇ 28 ਕਿਸਾਨਾਂ ਨੂੰ 92 ਹਜ਼ਾਰ 500 ਰੁਪਏ ਜੁਰਮਾਨਾ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਜਗਵਿੰਦਰਜੀਤ ਸਿੰਘ ਸੰਧੂ ਨੇ ਦੱਸਿਆ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਅਤੇ ਸਬ ਡਿਵੀਜ਼ਨ ਪੱਧਰ ਉਤੇ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ, ਜਿਥੇ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਬਾਰੇ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਕੰਟਰੋਲ ਰੂਮ ਫ਼ਤਹਿਗੜ੍ਹ ਸਾਹਿਬ ਦੇ ਨੰਬਰ 01763-232099, ਬੱਸੀ ਪਠਾਣਾਂ ਦੇ ਕੰਟਰੋਲ ਰੂਮ ਨੰਬਰ 01763-252748, ਅਮਲੋਹ ਦੇ ਕੰਟਰੋਲ ਰੂਮ ਨੰਬਰ 01765-230029 ਅਤੇ ਖਮਾਣੋਂ ਕੰਟਰੋਲ ਨੰਬਰ 01628-260700 ਉਤੇ ਪਰਾਲੀ ਨੂੰ ਅੱਗ ਲਾਏ ਜਾਣ ਦੀਆਂ ਘਟਨਾਵਾਂ ਉਤੇ ਸੂਚਨਾ ਦਿੱਤੀ ਜਾ ਸਕਦੀ ਹੈ। ਸੂਚਨਾ ਮਿਲਣ ਉਤੇ ਫੌਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜੋ ਕਿਸਾਨ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਇਆ ਜਾ ਸਕੇ।
ਸ. ਸੰਧੂ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਫਲਾਇੰਗ ਸਕੁਐਡ ਟੀਮਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਪੁਲੀਸ ਮੁਲਾਜ਼ਮਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਹ ਟੀਮਾਂ ਪਿੰਡ ਪਿੰਡ ਜਾ ਕੇ 24 ਘੰਟੇ ਤਿੱਖੀ ਨਜ਼ਰ ਰੱਖਣਗੀਆਂ ਤੇ ਕਿਤੇ ਵੀ ਪਰਾਲੀ ਨੂੰ ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਣ ਉਤੇ ਫੌਰੀ ਤੌਰ ਉੱਤੇ ਸਬੰਧਤ ਕਿਸਾਨ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਯਕੀਨੀ ਬਣਾਈ ਜਾਵੇਗੀ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸਬਸਿਡੀ ਉਤੇ ਪਰਾਲੀ ਦੀ ਸੰਭਾਲ ਲਈ ਖੇਤੀ ਸੰਦ ਮੁਹੱਈਆ ਕਰਵਾਏ ਗਏ ਹਨ, ਜੇਕਰ ਸਬਸਿਡੀ ਉੱਤੇ ਸੰਦ ਹਾਸਲ ਕਰਨ ਵਾਲੇ ਕਿਸੇ ਕਿਸਾਨ ਵੱਲੋਂ ਪਰਾਲੀ ਸਾੜੀ ਜਾਂਦੀ ਹੈ ਤਾਂ ਉਸ ਖਿਲਾਫ ਤੈਅ ਕਾਰਵਾਈ ਕੀਤੇ ਜਾਣ ਦੇ ਨਾਲ-ਨਾਲ ਉਸ ਨੂੰ ਦਿੱਤੀ ਸਬਸਿਡੀ ਵੀ ਵਾਪਸ ਲਈ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿੱਚ ਅਨਾਊਂਸਮੈਂਟਸ ਕਰਵਾਉਣ ਦੇ ਨਾਲ-ਨਾਲ ਪੂਰੇ ਜ਼ਿਲ੍ਹੇ ਵਿੱਚ ਵੱਖ-ਵੱਖ ਸਾਧਨਾਂ ਨਾਲ ਕਿਸਾਨਾਂ ਨੂੰ ਇਹ ਅਪੀਲ ਕੀਤੀ ਜਾਵੇ ਕਿ ਉਹ ਪਰਾਲੀ ਨਾ ਸਾੜਨ ਪਰ ਇਸ ਦੇ ਬਾਵਜੂਦ ਜੇ ਉਹ ਪਰਾਲੀ ਸਾੜਨ ਤਾਂ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਕਾਰੀ ਤੇ ਕਰਮਚਾਰੀ ਵੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਇਸ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।