ਪ੍ਰਵਾਨਗੀ ਮਿਲਣ ਮਗਰੋਂ ਸੂਬੇ ਨੇ ਦੋ ਹੋਰ ਪਲਾਜ਼ਮਾ ਬੈਂਕਾਂ ਲਈ ਉਪਕਰਨਾਂ ਦੀ ਖਰੀਦ ਹਿੱਤ ਟੈਂਡਰ ਪ੍ਰਕ੍ਰਿਆ ਸ਼ੁਰੂ ਕੀਤੀ
ਚੰਡੀਗੜ੍ਹ, 30 ਜੁਲਾਈ 2020: ਕੋਵਿਡ ਦੇ ਫੈਲਾਅ ਅਤੇ ਮੌਤਾਂ ਦੀ ਦਰ ਵਧਣ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਰੇ ਲੋੜਵੰਦਾਂ ਨੂੰ ਪਲਾਜ਼ਮਾ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਸਖ਼ਤ ਆਦੇਸ਼ ਦਿੱਤੇ ਕਿ ਕੋਵਿਡ ਦੇ ਮਰੀਜ਼ਾਂ ਤੋਂ ਪਲਾਜ਼ਮਾ ਥਰੈਪੀ ਦੀ ਕੋਈ ਕੀਮਤ ਨਾ ਵਸੂਲੀ ਜਾਵੇ ਅਤੇ ਇਹ ਵੀ ਕਿ ਕਿਸੇ ਨੂੰ ਵੀ ਪਲਾਜ਼ਮਾ ਖਰੀਦਣ ਜਾਂ ਵੇਚਣ ਦਾ ਅਖਤਿਆਰ ਨਹੀਂ ਹੈ ਕਿਉਂ ਜੋ ਪਲਾਜ਼ਮਾ ਕਰੋਨਾਵਾਇਰਸ ਦੇ ਕਿਸੇ ਵੀ ਇਲਾਜ ਦੀ ਅਣਹੋਂਦ ਵਿੱਚ ਕਈ ਮਾਮਲਿਆਂ ਵਿੱਚ ਜਾਨਾਂ ਬਚਾਉਣ ਵਿੱਚ ਸਹਾਈ ਸਾਬਤ ਹੋਇਆ ਹੈ।
ਮੁੱਖ ਮੰਤਰੀ ਨੇ ਤੰਦਰੁਸਤ ਹੋਏ ਕੋਵਿਡ ਦੇ ਮਰੀਜ਼ਾਂ ਨੂੰ ਕੋਵਿਡ ਦੇ ਮਰੀਜ਼ਾਂ ਦੀਆਂ ਜਾਨਾਂ ਬਚਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕੋਵਿਡ ਦੇ ਪ੍ਰਬੰਧਾਂ ਦੀ ਸਮੀਖਿਆ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਇਕ ਮੀਟਿੰਗ ਮੌਕੇ ਅਜਿਹੇ ਮਰੀਜ਼ਾਂ ਨੂੰ ਆਪਣਾ ਪਲਾਜ਼ਮਾ ਦਾਨ ਕਰਨ ਲਈ ਉਤਸ਼ਾਹਤ ਕਰਨ ਵਾਸਤੇ ਵੀ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਸੂਬੇ ਵਿੱਚ ਕੋਵਿਡ ਦੇ ਤਕਰੀਬਨ 10,000 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਸੂਬੇ ਵਿੱਚ ਹਰੇਕ ਦੀ ਜ਼ਿੰਦਗੀ ਨੂੰ ਬਚਾਉਣਾ ਹੈ।
ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਅੰਮ੍ਰਿਤਸਰ ਅਤੇ ਫਰੀਦਕੋਟ ਵਿਖੇ ਦੋ ਪਲਾਜ਼ਮਾ ਬੈਂਕ ਸਥਾਪਤ ਕਰਨ ਸਬੰਧੀ ਤੇਜ਼ੀ ਨਾਲ ਕਾਰਵਾਈ ਕੀਤੀ ਜਾਵੇ ਤਾਂ ਜੋ ਪਟਿਆਲਾ ਵਿਖੇ ਪਹਿਲਾਂ ਹੀ ਚੱਲ ਰਹੇ ਪਲਾਜ਼ਮਾ ਬੈਂਕ ਨੂੰ ਸਹਾਰਾ ਮਿਲ ਸਕੇ। ਕੈਬਨਿਟ ਮੰਤਰੀ ਓ.ਪੀ. ਸੋਨੀ ਨੇ ਇਸ ਮੌਕੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਨਵੇਂ ਬੈਂਕਾਂ ਸਬੰਧੀ ਮਨਜ਼ੂਰੀ ਹਾਸਲ ਹੋ ਚੁੱਕੀ ਹੈ ਅਤੇ ਉਪਕਰਨਾਂ ਦੀ ਖਰੀਦ ਲਈ ਟੈਂਡਰ ਜਾਰੀ ਕੀਤੇ ਜਾ ਰਹੇ ਹਨ।
ਸੂਬੇ ਵਿੱਚ ਵੱਧਦੇ ਜਾ ਰਹੇ ਮਾਮਲਿਆਂ 'ਤੇ ਚਿੰਤਾ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਕਿਹਾ ਕਿ ਸਮੂਹ ਜ਼ਿਲ੍ਹਾ ਹਸਪਤਾਲਾਂ ਵਿੱਚ ਲਾਗ ਦੇ ਮਾਮੂਲੀ ਕੇਸਾਂ ਵਾਲੇ ਮਰੀਜ਼ਾਂ ਦੀ ਦੇਖਭਾਲ ਅਤੇ ਇਲਾਜ ਲਈ 10 ਬੈੱਡ ਸਥਾਪਤ ਹਿੱਤ ਢੁਕਵੀਂ ਤਜਵੀਜ਼ ਤਿਆਰ ਕਰਕੇ ਭੇਜੀ ਜਾਵੇ। ਸਿਹਤ ਮੰਤਰੀ ਨੇ ਦੱਸਿਆ ਕਿ ਅਜਿਹੀ ਸੁਵਿਧਾ ਪਹਿਲਾਂ ਸੂਬੇ ਦੇ ਸਾਰੇ ਸਿਵਲ ਹਸਪਤਾਲਾਂ ਲਈ ਤਜਵੀਜ਼ ਕੀਤੀ ਸੀ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਬਹੁਤ ਜ਼ਿਆਦਾ ਬਿਮਾਰ ਮਰੀਜ਼ਾਂ ਲਈ ਟਰਸ਼ਰੀ ਸਿਹਤ ਸੰਸਥਾਨਾਂ ਵਿੱਚ ਉਨ੍ਹਾਂ ਦੀ ਸੁਚੱਜੀ ਸੰਭਾਲ ਯਕੀਨੀ ਬਣਾਉਣ ਲਈ ਬਿਹਤਰੀਨ ਤਾਲਮੇਲ ਬਿਠਾਉਣ ਦੇ ਵੀ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸਭ ਤੋਂ ਵੱਧ ਕੇਸਾਂ ਵਾਲੇ ਪੰਜ ਜ਼ਿਲ੍ਹਿਆਂ ਵਿੱਚ ਨਿਯੁਕਤ ਸਮਰਪਿਤ ਨੋਡਲ ਅਫਸਰਾਂ ਨਾਲ ਬਿਹਤਰ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਨ੍ਹਾਂ ਅਫਸਰਾਂ ਨੂੰ ਡਾ. ਕੇ.ਕੇ. ਤਲਵਾੜ ਦੀ ਅਗਵਾਈ ਵਾਲੇ ਸਿਹਤ ਮਾਹਿਰਾਂ ਨਾਲ ਸਲਾਹ-ਮਸ਼ਵਰੇ ਰਾਹੀਂ ਉਚ ਪਾਏ ਦਾ ਇਲਾਜ ਯਕੀਨੀ ਬਣਾਉਣ ਦਾ ਕੰਮ ਸੌਂਪਿਆ ਗਿਆ ਹੈ।
ਮੁੱਖ ਸਕੱਤਰ ਵਿਨੀ ਮਹਾਜਨ ਨੇ ਸੁਝਾਅ ਦਿੱਤਾ ਕਿ ਸਾਰੇ ਫੀਲਡ ਅਫਸਰਾਂ, ਜਿਨ੍ਹਾਂ ਵਿੱਚ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀਜ਼ ਸ਼ਾਮਲ ਹੋਣ, ਨੂੰ ਅਗਲੇ ਦੋ ਮਹੀਨਿਆਂ ਲਈ ਰਾਤ ਸਮੇਂ ਵੀ ਆਪਣੀ ਤਾਇਨਾਤੀ ਵਾਲੇ ਸਥਾਨਾਂ 'ਤੇ ਹੀ ਰਹਿਣਾ ਚਾਹੀਦਾ ਹੈ ਕਿਉਂ ਜੋ ਪੰਜਾਬ ਲਈ ਇਹ ਨਾਜ਼ੁਕ ਸਮਾਂ ਹੈ ਜਿਸ ਦੌਰਾਨ ਕੇਸਾਂ ਦੇ ਵਧਣ ਦੀ ਸੰਭਾਵਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਉਮੀਦ ਕੀਤੀ ਜਾਂਦੀ ਹੈ ਕਿ ਇਹ ਅਫਸਰ ਹਾਲਾਤ 'ਤੇ ਹਮੇਸ਼ਾ ਕਾਬੂ ਪਾਉਣ ਵਿੱਚ ਸਫਲ ਹੋਣਗੇ।