ਪਾਇਲ ਚ ਕਾਂਗਰਸ ਦੇ ਚੋਣ ਦਫ਼ਤਰ ਦਾ ਹੋਇਆ ਉਦਘਾਟਨ
- ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਸਮੇਤ ਰਹੀ ਹਲਕੇ ਦੀ ਸੀਨੀਅਰ ਲੀਡਰਸ਼ਿਪ ਮੌਜੂਦ
ਰਵਿੰਦਰ ਸਿੰਘ ਢਿੱਲੋਂ
ਪਾਇਲ, 2 ਮਈ 2024 - ਲੋਕ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਅੱਜ ਸਥਾਨਕ ਸ਼ਹਿਰ ਵਿਖੇ ਵੀ ਕਾਂਗਰਸ ਪਾਰਟੀ ਵਲੋਂ ਆਪਣੇ ਚੋਣ ਦਫ਼ਤਰ ਖੋਲ ਲਿਆ ਹੈ। ਇਸ ਚੋਣ ਦਫ਼ਤਰ ਦਾ ਉਦਘਾਟਨ ਸਾਬਕਾ ਮੰਤਰੀਂ ਤੇਜ਼ ਪ੍ਰਕਾਸ਼ ਸਿੰਘ ਨੇ ਕੀਤਾ। ਇਸ ਮੌਕੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ ਕੇਂਦਰ ਦੀ ਸੱਤਾ ਉੱਤੇ ਕਾਬਜ਼ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਮੁਲਖ਼ ਚ ਵੰਡੀਆਂ ਪਾਉਣ ਦਾ ਕੰਮ ਕਰ ਰਹੀ ਹੈ। ਉਹ ਆਏ ਦਿਨ ਦੇਸ਼ ਅੰਦਰ ਫਿਰਕਾਪ੍ਰਸਤੀ ਦੀ ਅੱਗ ਲਗਾਉਂਦੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਆਮ ਲੋਕਾਂ ਦੀਆਂ ਮੰਗਾਂ ਅਤੇ ਮਸਲੇ ਅਣਗੌਲਿਆ ਕਰਕੇ ਕਾਰਪੋਰੇਟ ਘਰਾਣਿਆਂ ਦਾ ਸਾਥ ਦਿੱਤਾ ਜਾ ਰਿਹਾ ਹੈ। ਕਿਸਾਨੀ ਮੁੱਦਿਆਂ ਨੂੰ ਲੈਕੇ ਦਿੱਲੀ ਦੀਆਂ ਬਰੂਹਾਂ ਉੱਤੇ 700 ਕਿਸਾਨਾਂ ਦੀਆਂ ਉੱਠੀਆਂ ਅਰਥੀਆਂ ਦਾ ਬਦਲਾ ਲੈਣ ਲਈ ਪੰਜਾਬ ਸਮੇਤ ਪੂਰੇ ਭਾਰਤ ਦੇ ਕਿਸਾਨ ਇੰਡੀਆਂ ਗੱਠਜੋੜ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਦੀਆਂ ਫੋਕੀਆਂ ਗੱਲਾਂ ਚ ਨਾ ਆਕੇ ਕਾਂਗਰਸ ਦਾ ਸਾਥ ਦਿੱਤਾ ਜਾਵੇ।
ਇਸ ਮੌਕੇ ਹਾਜ਼ਰ ਸੈਂਕੜ੍ਹੇ ਲੋਕਾਂ ਨੇ ਹੱਥ ਖੜ੍ਹੇ ਕਰਕੇ ਕਾਂਗਰਸ ਪਾਰਟੀ ਨਾਲ ਡਟਣ ਦਾ ਭਰੋਸਾ ਦਿੱਤਾ। ਇਸ ਮੌਕੇ ਸਾਬਕਾ ਵਿਧਾਇਕ ਲਖਬੀਰ ਸਿੰਘ, ਯਾਦਵਿੰਦਰ ਸਿੰਘ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ, ਪਰਮਜੀਤ ਸਿੰਘ, ਮਲਕੀਤ ਸਿੰਘ ਗੋਗਾ, ਸ਼ਾਂਤੀ ਸਰੂਪ ਜੈਨ, ਸ਼ਿਵ ਕੁਮਾਰ ਸੋਨੀ, ਮਹਿਲਾਂ ਕਾਂਗਰਸ ਪ੍ਰਧਾਨ ਸਤਿੰਦਰਪਾਲ ਕੌਰ ਅਤੇ ਬਲਜੀਤ ਕੌਰ, ਗੁਰਵਿੰਦਰ ਸਿੰਘ, ਕਰਮ ਸਿੰਘ,ਰਾਮ ਪ੍ਰਕਾਸ਼ ਆਦਿ ਵੀ ਹਾਜ਼ਰ ਸਨ।