ਪਿੰਡ ਖ਼ੁਰਦ ਵਿਖੇ 11 ਸਤੰਬਰ ਨੂੰ ਲੱਗੇਗਾ ਜਨ ਸੁਣਵਾਈ ਕੈਂਪ-ਅਪਰਨਾ ਐਮ.ਬੀ.
*ਕਿਹਾ ਕਿ,ਡਿਪਟੀ ਕਮਿਸ਼ਨਰ ਮਾਲੇਰਕੋਟਲਾ ਲੋਕਾਂ ਦੀਆਂ ਸੁਣਨਗੇ ਨਿੱਜੀ ਤੇ ਸਾਂਝੀ ਮੁਸ਼ਕਲਾਂ
* ਪਿੰਡ ਵਸਨੀਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਕੀਤੀ ਅਪੀਲ
* 13 ਸਤੰਬਰ ਨੂੰ ਸਬ ਡਵੀਜ਼ਨ ਅਮਰਗੜ੍ਹ ਦੇ ਪਿੰਡ ਗੁਆਰਾ ਵਿਖੇ ਵੀ ਲੱਗੇਗਾ ਜਨ ਸੁਣਵਾਈ ਕੈਂਪ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 10 ਸਤੰਬਰ :2024
ਭਲਕੇ 11 ਸਤੰਬਰ ਦਿਨ ਬੁੱਧਵਾਰ ਨੂੰ ਗੁਰੂ ਘਰ ਨਾਨਕ ਦਰਬਾਰ ਪਿੰਡ ਖ਼ੁਰਦ ਵਿਖੇ " ਸਰਕਾਰ ਤੁਹਾਡੇ ਦੁਆਰ" ਲੜੀ ਤਹਿਤ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦੀਆਂ ਸਥਾਨਕ ਐਸ.ਡੀ.ਐਮ. ਸ੍ਰੀਮਤੀ ਅਪਰਨਾ ਐਮ.ਬੀ. ਨੇ ਦੱਸਿਆ ਕਿ ਇਹ ਕੈਂਪ ਸਵੇਰੇ 11-00 ਵਜੇ ਤੋਂ ਸ਼ੁਰੂ ਹੋ ਜਾਵੇਗਾ । ਇਸ ਵਿਸ਼ੇਸ਼ ਕੈਂਪ ਵਿੱਚ ਡਿਪਟੀ ਕਮਿਸ਼ਨਰ ਡਾ ਪੱਲਵੀ ਵਿਸ਼ੇਸ਼ ਤੌਰ ਸ਼ਿਰਕਤ ਕਰਨਗੇ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣਕੇ ਮੌਕੇ ਨਿਪਟਾਰਾ ਕਰਨ ਦੇ ਯੋਗ ਉਪਰਾਲੇ ਕਰਨਗੇ । ਉਨ੍ਹਾਂ ਹੋਰ ਕਿਹਾ ਇਹ ਵਿਸ਼ੇਸ਼ ਕੈਂਪ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂੰਹਾਂ ਤੱਕ ਪ੍ਰਸ਼ਾਸਨਿਕ ਸੇਵਾਵਾਂ ਪੁੱਜਦੀਆਂ ਕਰਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਸਬ ਡਵੀਜ਼ਨ ਪੱਧਰ ਤੇ ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿੱਚ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਵਿਸ਼ੇਸ਼ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਲਗਾਤਾਰ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਦੀ ਨਿੱਜੀ/ਸਾਂਝੀ ਸਮੱਸਿਆਵਾਂ ਦਾ ਨਿਪਟਾਰਾ ਉਨ੍ਹਾਂ ਦੀਆਂ ਬਰੂੰਹਾਂ ਤੇ ਜਾ ਕੇ ਕੀਤਾ ਜਾ ਸਕੇ । ਉਨ੍ਹਾਂ ਪਿੰਡ ਨਿਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਇਸ ਕੈਂਪ ਵਿਚ ਆਪਣੇ ਕੰਮ ਕਰਵਾਉਣ ਲਈ ਪੁੱਜ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਸਮੂਹ ਵਿਭਾਗ ਜਿਵੇਂ ਮਾਲ ਵਿਭਾਗ ਨਾਲ ਸਬੰਧਤ ਇੰਤਕਾਲ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਵਿਭਾਗ, ਸੇਵਾ ਕੇਂਦਰ ਨਾਲ ਸਬੰਧਤ, ਸਿਹਤ ਵਿਭਾਗ ਨਾਲ ਸਬੰਧਤ ਕੰਮ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ/ਲੀਡ ਬੈਂਕ ਮੈਨੇਜਰ, ਪਸੂ ਪਾਲਣ, ਡੇਅਰੀ, ਮੱਛੀ ਪਾਲਣ ਵਿਭਾਗ, ਕੋਆਪਰੇਟਿਵ ਸੋਸਾਇਟੀ, ਉਦਯੋਗ ਕੇਂਦਰ, ਆਦਿ ਵਿਭਾਗ ਆਪੋ-ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ।
ਉਨ੍ਹਾਂ ਹੋਰ ਦੱਸਿਆ ਕਿ ਇਸੇ ਕੜੀ ਤਹਿਤ ਮਿਤੀ 13ਸਤੰਬਰ ਦਿਨ ਸ਼ੁੱਕਰਵਾਰ ਨੂੰ ਸਬ ਡਵੀਜ਼ਨ ਅਮਰਗੜ੍ਹ ਦੇ ਪਿੰਡ ਗੁਆਰਾ ਵਿਖੇ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਆਪਣੇ ਰੋਜ਼ਮਰ੍ਹਾ ਦੇ ਕੰਮ ਕਰਵਾਉਣ ਲਈ ਦੂਰ ਨਾ ਜਾਣਾ ਪਵੇ ਤੇ ਘਰ ਨੇੜੇ ਹੀ ਸਰਕਾਰੀ ਕੰਮ ਹੋ ਸਕਣ ।