← ਪਿਛੇ ਪਰਤੋ
ਚੰਡੀਗੜ੍ਹ, 04 ਮਈ 2019: ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ 2004 ਤੋਂ ਪਹਿਲਾਂ ਵਾਲੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਸਾਰੇ ਕੱਚੇ ਠੇਕਾ ਭਰਤੀ ਅਤੇ ਆਊਟ ਸੋਰਸਿੰਗ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਕੀਤੀ ਹੈ। 'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਪਿਛਲੀ (2002-07) ਸਰਕਾਰ ਮੌਕੇ ਸੇਵਾ ਮੁਕਤੀ ਤੋਂ ਬਾਅਦ ਸਰਕਾਰੀ ਮੁਲਾਜ਼ਮਾਂ ਦੀ ਆਰਥਿਕ-ਸਮਾਜਿਕ ਜ਼ਿੰਦਗੀ ਦੀ ਸੁਰੱਖਿਆ ਯਕੀਨੀ ਬਣਾਉਣ ਵਾਲੀ ਪੁਰਾਣੀ ਪੈਨਸ਼ਨ ਸਕੀਮ ਨੂੰ ਬੰਦ ਕਰ ਦਿੱਤਾ ਗਿਆ ਸੀ, ਜਿਸ ਦੀ 2007 ਦੀਆਂ ਚੋਣਾਂ ਮੌਕੇ ਕੈਪਟਨ ਅਮਰਿੰਦਰ ਸਿੰਘ ਨੂੰ ਕੁਰਸੀ ਗੁਆ ਕੇ ਕੀਮਤ ਅਦਾ ਕਰਨੀ ਪਈ ਸੀ। 2017 ਦੀਆਂ ਚੋਣਾਂ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਵਾਅਦਾ ਕਰਕੇ ਕਾਂਗਰਸ ਨੇ ਸੂਬੇ ਦੇ ਕਰੀਬ ਇੱਕ ਲੱਖ ਸਰਕਾਰੀ ਮੁਲਾਜ਼ਮਾਂ ਨਾਲ ਧੋਖਾ ਕੀਤਾ ਹੈ, ਜੋ ਸਰਕਾਰ ਦੇ ਇਸ ਮੁਲਾਜ਼ਮ ਵਿਰੋਧੀ ਫ਼ੈਸਲੇ ਤੋਂ ਪ੍ਰਭਾਵਿਤ ਹੋ ਰਹੇ ਹਨ ਅਤੇ ਭਵਿੱਖ 'ਚ ਭਰਤੀ ਹੋਣ ਵਾਲੇ ਸਾਰੇ ਸਰਕਾਰੀ ਮੁਲਾਜ਼ਮ ਸਰਕਾਰ ਦੇ ਇਸ ਮਾਰੂ ਫ਼ੈਸਲੇ ਦੀ ਕੀਮਤ ਚੁਕਾਉਂਦੇ ਰਹਿਣਗੇ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਉਸੇ ਤਰ੍ਹਾਂ ਐਲਾਨ ਕਰੇ ਜਿਵੇਂ ਦਿੱਲੀ 'ਚ ਅਰਵਿੰਦ ਕੇਜਰੀਵਾਲ ਸਰਕਾਰ ਨੇ ਕੀਤਾ ਹੈ। ਹਰਪਾਲ ਸਿੰਘ ਚੀਮਾ ਨੇ ਇਹ ਵੀ ਮੰਗ ਕੀਤੀ ਕਿ ਸਰਕਾਰ ਸਰਕਾਰੀ ਭਰਤੀ ਨੀਤੀ ਨੂੰ ਸੋਧ ਕੇ ਠੇਕਾ ਆਧਾਰਿਤ ਅਤੇ ਆਊਟ ਸੋਰਸਿੰਗ ਭਰਤੀ ਨੂੰ ਖ਼ਤਮ ਕਰੇ ਅਤੇ ਪੱਕੀ ਭਰਤੀ ਦੀ ਨੀਤੀ ਲਾਗੂ ਕਰੇ।
Total Responses : 267