← ਪਿਛੇ ਪਰਤੋ
ਚੰਡੀਗੜ, 15 ਫਰਵਰੀ 2019: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿੱਚ ਸੀ.ਆਰ.ਪੀ.ਐਫ. ਦੇ ਕਾਫਲੇ ’ਤੇ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਵੱਲੋਂ ਕੀਤੇ ਦਹਿਸ਼ਤੀ ਹਮਲੇ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਦੁਸ਼ਮਣ ਨੂੰ ਢੁੱਕਵਾਂ ਜਵਾਬ ਦੇਣ ਦੀ ਮੰਗ ਕੀਤੀ ਹੈ। ਇਸੇ ਦੇ ਨਾਲ ਹੀ ਉਨਾਂ ਨੇ ਪਾਕਿਸਤਾਨ ਦੀ ਫੌਜ ਅਤੇ ਆਈ.ਐਸ.ਆਈ. ਨੂੰ ਪੰਜਾਬ ਵਿੱਚ ਅਜਿਹੀ ਕਿਸੇ ਵੀ ਤਰਾਂ ਦੀ ਗਤੀਵਿਧੀ ਵਿਰੁੱਧ ਚਿਤਾਵਨੀ ਦਿੱਤੀ ਹੈ। ਅੱਜ ਵਿਧਾਨ ਸਭਾ ਵਿੱਚ ਸਦਨ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਇਸ ਹਮਲੇ ਦੀ ਨਿਖੇਧੀ ਕੀਤੀ। ਸਦਨ ਨੂੰ ਉਠਾਉਣ ਦੀ ਮੰਗ ਦਾ ਮਤਾ ਸਦਨ ਵਿੱਚ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਨਾਲ ਸ਼ਾਂਤੀ ਦੀ ਗੱਲ ਕਰਨ ਦਾ ਵੇਲਾ ਲੰਘ ਚੁੱਕਾ ਹੈ ਅਤੇ ਉਨਾਂ ਨੇ ਕੇਂਦਰ ਸਰਕਾਰ ਪਾਸੋਂ ਗੁਆਂਢੀ ਮੁਲਕ ਨੂੰ ਜਵਾਬੀ ਕਾਰਵਾਈ ਕਰਨ ਦੀ ਅਪੀਲ ਕੀਤੀ ਕਿਉਂ ਜੋ ਇਹ ਮੁਲਕ ਜੰਮੂ-ਕਸ਼ਮੀਰ ਦੇ ਨਾਲ-ਨਾਲ ਪੰਜਾਬ ਵਿੱਚ ਅੱਤਵਾਦ ਦੇ ਪੈਰ ਪਸਾਰਨ ਲਈ ਪੂਰਾ ਸਮਰਥਨ ਦੇ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸਰਹੱਦ ਪਾਰ ਤੋਂ ਦੁਸ਼ਮਣ ਮੁਲਕ ਵੱਲੋਂ ਸਾਡੇ ਭਾਰਤੀ ਜਵਾਨਾਂ ਨੂੰ ਮਾਰਿਆ ਜਾ ਰਿਹਾ ਹੈ ਅਤੇ ਇਨਾਂ ਹਮਲਿਆਂ ਵਿੱਚ ਸੈਕਿੰਡ ਸਿੱਖ ਦਾ ਇੱਕ ਮੇਜਰ ਅਤੇ ਦੋ ਜਵਾਨ ਵੀ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਉਨਾਂ ਕਿਹਾ ਕਿ ਸਥਿਤੀ ਹੁਣ ਕਾਬੂ ਤੋਂ ਬਾਹਰ ਹੁੰਦੀ ਜਾ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਨੇ 80ਵੇਂ ਅਤੇ 90ਵੇਂ ਦਹਾਕਿਆਂ ਦੇ ਸਮੇਂ ਦੌਰਾਨ ਅੱਤਵਾਦ ਦਾ ਦੌਰ ਹੰਢਾਇਆ ਅਤੇ ਇਸ ਵਿਰੁੱਧ ਸਾਡੀ ਮਜ਼ਬੂਤ ਪੁਲਿਸ ਫੋਰਸ ਡਟ ਕੇ ਲੜੀ। ਇਸ ਤੋਂ ਬਾਅਦ ਸਾਡੀ ਫੋਰਸ ਦੀ ਨਫਰੀ ਕਈ ਗੁਣਾ ਵਧੀ ਹੈ ਜੋ ਹੁਣ ਕਿਸੇ ਵੀ ਚੁਣੌਤੀ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਪੂਰੀ ਤਰਾਂ ਸਮਰਥ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨੀ ਫੌਜ ਦੇ ਮੁਖੀ ਬਾਜਵਾ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਸ਼ਮੀਰ ਅਤੇ ਪੰਜਾਬ ਦੇ ਵੱਖਵਾਦੀਆਂ ਨੂੰ ਜੋੜਣ ਦੀ ਨੀਤੀ ਜਾਰੀ ਰੱਖਣ ਵਿਰੁੱਧ ਸਖ਼ਤ ਚਿਤਾਵਨੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ,‘‘ਸਾਡੇ ਕੋਲ 81000 ਪੁਲਿਸ ਜਵਾਨਾਂ ਦੀ ਮਜ਼ਬੂਤ ਤੇ ਹਰ ਤਰਾਂ ਨਾਲ ਲੈਸ ਫੋਰਸ ਹੈ ਜੋ ਅਗਨੀ ਪ੍ਰੀਖਿਆ ਵਿੱਚੋਂ ਲੰਘੀ ਹੋਈ ਹੈ।’’ ਮੁੱਖ ਮੰਤਰੀ ਨੇ ਐਲਾਨ ਕੀਤਾ ਜੇਕਰ ਬਾਜਵਾ ਅਤੇ ਆਈ.ਐਸ.ਆਈ. ਨੇ ਪੰਜਾਬ ਵਿੱਚ ਹੁਣ ਕੋਈ ਕੋਝੀ ਕਾਰਵਾਈ ਕਰਨ ਦੀ ਕੋਸ਼ਿਸ਼ ਦਿੱਤੀ ਤਾਂ ਉਸ ਨੂੰ ਠੋਕਵਾਂ ਜਵਾਬ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ 80ਵੇਂ ਦਹਾਕੇ ਦਾ ਸਮਾਂ ਨਹੀਂ ਹੈ ਅਤੇ ਪੰਜਾਬ ਪੁਲਿਸ ਹੁਣ ਬਹੁਤ ਜ਼ਿਆਦਾ ਤਾਕਤਵਰ ਹੈ ਜਿਸ ਦੀ ਮਿਸਾਲ ਇਸ ਘਟਨਾ ਤੋਂ ਲਈ ਜਾ ਸਕਦੀ ਹੈ ਕਿ ਪੁਲਿਸ ਨੇ ਲੁਧਿਆਣਾ ਵਿੱਚ ਵਾਪਰੇ ਬਲਾਤਕਾਰ ਦੇ ਮਾਮਲੇ ਨੂੰ ਦੋ ਦਿਨਾਂ ਵਿੱਚ ਹੀ ਹੱਲ ਕਰ ਲਿਆ। ਮੁੱਖ ਮੰਤਰੀ ਨੇ ਇਮਰਾਨ ਖਾਨ ’ਤੇ ਦੂਹਰੀ ਨੀਤੀ ਅਪਣਾਉਣ ਦਾ ਦੋਸ਼ ਲਾਉਂਦਿਆਂ ਆਖਿਆ ਕਿ ਇਕ ਪਾਸੇ ਉਹ ਭਾਰਤ ਵਿਰੋਧੀ ਤਾਕਤਾਂ ਨੂੰ ਹੱਲਾਸ਼ੇਰੀ ਦੇ ਰਿਹਾ ਹੈ ਜਦਕਿ ਦੂਜੇ ਪਾਸੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਯੂਨੀਵਰਸਿਟੀ ਸ਼ੁਰੂ ਕਰਨ ਤੋਂ ਇਲਾਵਾ ਗੁਰੂਦੁਆਰਿਆਂ ਦੀ ਸੇਵਾ ਦੀ ਗੱਲ ਕਰ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਵਿੱਚ ਆਈ.ਐਸ.ਆਈ. ਨੇ ਉਸ ਨੂੰ ਪ੍ਰਧਾਨ ਮੰਤਰੀ ਬਣਾਇਆ ਹੈ ਜਿਸ ਕਰਕੇ ਉਹ ਉਨਾਂ ਦੇ ਇਸ਼ਾਰਿਆਂ ’ਤੇ ਹੀ ਕੰਮ ਕਰਦਾ ਹੈ। ਸਦਨ ਦੀ ਕਾਰਵਾਈ ਮੁਲਤਵੀ ਕਰਨ ਦੀ ਮੰਗ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਾਤਕ ਹਮਲੇ ਵਿੱਚ ਹਲਾਕ ਹੋਏ 41 ਸੀ.ਆਰ.ਪੀ.ਐਫ. ਜਵਾਨਾਂ ਦੇ ਪਰਿਵਾਰਾਂ ਨਾਲ ਪੂਰਾ ਮੁਲਕ ਖੜਾ ਹੈ। ਉਨਾਂ ਨੇ ਅਕਾਲ ਪੁਰਖ ਦੇ ਚਰਨਾਂ ਵਿੱਚ ਵਿਛੜੇ ਜਵਾਨਾਂ ਦੀਆਂ ਪਵਿੱਤਰ ਆਤਮਾਵਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਰਸਮੀ ਤੌਰ ’ਤੇ ਮਤਾ ਪੇਸ਼ ਕੀਤਾ ਜਿਸ ਵਿੱਚ ਕਿਹਾ,‘‘ਪੁਲਵਾਮਾ ਵਿੱਚ ਸੀ.ਆਰ.ਪੀ.ਐਫ. ਦੇ ਕਾਫਲੇ ’ਤੇ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਵੱਲੋਂ ਕੀਤੇ ਵਹਿਸ਼ੀ ਹਮਲੇ ਦੀ ਸਦਨ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹੈ ਜਿਸ ਵਿੱਚ 41 ਬਹਾਦਰ ਜਵਾਨ ਹਲਾਕ ਅਤੇ ਹੋਰ ਕਈ ਜ਼ਖਮੀ ਹੋਏ ਹਨ। ਇਨਾਂ ਵਿੱਚ ਬਹੁਤੇ ਜਵਾਨ ਆਪਣੀਆਂ ਛੁੱਟੀਆਂ ਬਿਤਾਉਣ ਤੋਂ ਬਾਅਦ ਮੁਲਕ ਦੀਆਂ ਸਰਹੱਦਾਂ ਦੀ ਰਾਖੀ ਲਈ ਡਿਊਟੀ ’ਤੇ ਵਾਪਸ ਜਾ ਰਹੇ ਸਨ। ਇਨਾਂ ਸ਼ਹੀਦਾਂ ਦੀ ਕੁਰਬਾਨੀ ਅਜਾਈਂ ਨਹੀਂ ਜਾਣੀ ਚਾਹੀਦੀ ਅਤੇ ਮੈਂ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਸਾਡੇ ਮੁਲਕ ’ਤੇ ਹੋਏ ਇਸ ਹਮਲੇ ਦਾ ਢੁਕਵਾਂ ਜਵਾਬ ਦੇਣਾ ਯਕੀਨੀ ਬਣਾਏ। ਇਹ ਹਮਲਾ ਪਾਕਿਸਤਾਨ ਸਰਕਾਰ ਦੇ ਦੂਹਰੇ ਕਿਰਦਾਰ ਦਾ ਪਰਦਾਫਾਸ਼ ਕਰਦਾ ਹੈ ਜੋ ਇਕ ਪਾਸੇ ਅਮਨ-ਸ਼ਾਂਤੀ ਦੀ ਗੱਲ ਕਰ ਰਹੀ ਹੈ ਜਦਕਿ ਦੂਜੇ ਪਾਸੇ ਜੰਮੂ-ਕਸ਼ਮੀਰ ਵਿੱਚ ਅਜਿਹੇ ਅੱਤਵਾਦੀ ਗਰੁੱਪਾਂ ਨੂੰ ਪੈਰ ਪਸਾਰਨ ਲਈ ਪੂਰਾ ਸਮਰਥਨ ਦੇ ਰਹੀ ਹੈ। ਦੁੱਖ ਦੀ ਇਸ ਘੜੀ ਵਿੱਚ ਅਸੀਂ ਸਾਰੇ ਇਨਾਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨਾਲ ਖੜੇ ਹਾਂ ਅਤੇ ਉਨਾਂ ਨਾਲ ਆਪਣੀ ਦਿਲੀ ਹਮਦਰਦੀ ਜ਼ਾਹਰ ਕਰਦੇ ਹਨ।’’ ਇਸ ਮਤੇ ਨੂੰ ਸਦਨ ਨੇ ਸਰਬਸੰਮਤੀ ਨਾਲ ਪਾਸ ਕੀਤਾ ਅਤੇ ਸਦਨ ਨੂੰ ਪੂਰੇ ਦਿਨ ਲਈ ਉਠਾ ਦਿੱਤਾ ਗਿਆ। ਸਦਨ ਵਿੱਚ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠਿਆ ਨੇ ਕਿਹਾ ਮੁੱਖ ਮੰਤਰੀ ਨੇ ਇਕ ਫੌਜੀ ਅਤੇ ਸੱਚੇ ਭਾਰਤੀ ਵਜੋਂ ਆਪਣੇ ਵਿਚਾਰ ਪੇਸ਼ ਕੀਤੇ ਹਨ। ਉਨਾਂ ਕਿਹਾ ਕਿ ਇਸ ਤੋਂ ਪਹਿਲਾਂ ਅਜਿਹਾ ਭਿਆਨਕ ਹਾਦਸਾ ਕਦੇ ਵੀ ਨਹੀਂ ਵਾਪਰਿਆ। ਉਨਾਂ ਕਿਹਾ ਕਿ ਪਾਕਿਸਤਾਨ ਅਤੇ ਉੱਥੋਂ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਨਿੰਦਾ ਬਾਰੇ ਸਦਨ ਦੀ ਅਪੀਲ ਨੂੰ ਰਿਕਾਰਡ ’ਤੇ ਰੱਖਣਾ ਚਾਹੀਦਾ ਹੈ। ਇਮਰਾਨ ਖਾਨ ਨੂੰ ਆਈ.ਐਸ.ਆਈ. ਦੀ ਕਠਪੁਤਲੀ ਦੱਸਦਿਆਂ ਉਨਾਂ ਕਿਹਾ ਕਿ ਇਸ ਹਮਲੇ ਨਾਲ ਉਨਾਂ ਦਾ ਦੂਹਰਾ ਕਿਰਦਾਰ ਜਗਜ਼ਾਹਰ ਹੋਇਆ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਸ ਹਮਲੇ ਵਿੱਚ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਦੇ ਪਰਿਵਾਰਾਂ ਲਈ ਇਕ-ਇਕ ਕਰੋੜ ਰੁਪਏ ਅਤੇ ਅਗਲੇ ਵਾਰਸਾਂ ਨੂੰ ਨੌਕਰੀਆਂ ਦੇਣ ਦੀ ਮੰਗ ਕੀਤੀ ਜਿਸ ਬਾਰੇ ਮੁੱਖ ਮੰਤਰੀ ਨੇ ਬਾਅਦ ਵਿੱਚ ਸਦਨ ਦੇ ਬਾਹਰ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਬਹੁਤ ਛੋਟਾ ਮਾਮਲਾ ਹੈ ਜਿਸ ਨੂੰ ਪੂਰਾ ਕੀਤਾ ਜਾਵੇਗਾ। ਪੱਤਰਕਾਰਾਂ ਦੇ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਹਮਲੇ ਦਾ ਕਰਤਾਰਪੁਰ ਲਾਂਘੇ ’ਤੇ ਕੋਈ ਅਸਰ ਨਹੀਂ ਪਵੇਗਾ ਅਤੇ ਉਨਾਂ ਨੇ ਵੀਜ਼ਾ ਮੁਕਤ ‘ਖੁੱਲੇ ਦਰਸ਼ਨ ਦੀਦਾਰੇ’ ਕਰਨ ਬਾਰੇ ਆਪਣੀ ਮੰਗ ਨੂੰ ਮੁੜ ਦੁਹਰਾਇਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦਾ ਵਿਸ਼ਵਾਸ ਹੈ ਕਿ ਲਾਂਘਾ ਪੂਰੀ ਤਰਾਂ ਮਹਿਫੂਜ਼ ਹੋਵੇਗਾ ਪਰ ਇਸ ਦੇ ਨਾਲ ਹੀ ਉਨਾਂ ਆਖਿਆ ਕਿ ਜੇਕਰ ਦੋਵਾਂ ਮੁਲਕਾਂ ਦਰਮਿਆਨ ਅਮਨ-ਸ਼ਾਂਤੀ ਦੀਆਂ ਕੋਸ਼ਿਸ਼ਾਂ ਨੂੰ ਅੱਗੇ ਵਧਾਉਣਾ ਹੈ ਤਾਂ ਇਸ ਲਈ ਪਾਕਿਸਤਾਨ ਨੂੰ ਆਪਣੇ ਰਵੱਈਏ ਵਿੱਚ ਤਬਦੀਲੀ ਲਿਆਉਣ ਦੀ ਲੋੜ ਹੈ। ਪਾਕਿਸਤਾਨ ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਅੱਤਵਾਦੀਆਂ ਨੂੰ ਜੋੜਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਿਪੋਰਟਾਂ ਸਾਹਮਣੇ ਆਈਆਂ ਹਨ ਕਿ ਗੁਆਂਢੀ ਮੁਲਕ ਪੰਜਾਬ ’ਚ ਗੜਬੜ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਹੈ ਜਿੱਥੇ ਹਾਲ ਹੀ ਮਹੀਨਿਆਂ ਵਿੱਚ 28 ਅੱਤਵਾਦੀ ਗਰੁੱਪਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਉਨਾਂ ਕਿਹਾ ਕਿ ਆਈ.ਐਸ.ਆਈ. ਦੇ ਇਸ਼ਾਰਿਆਂ ’ਤੇ ਕੰਮ ਕਰ ਰਹੀ ਸਿੱਖਜ਼ ਫਾਰ ਜਸਟਿਸ ਦੀ 2020 ਦੀ ਰਾਇਸ਼ੁਮਾਰੀ ਪੰਜਾਬ ਵਿੱਚ ਅਮਨ- ਸ਼ਾਂਤੀ ਵਿੱਚ ਵਿਘਨ ਪਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਦਾ ਸੰਕੇਤ ਹੈ ਪਰ ਉਹ ਇਸ ਵਿੱਚ ਸਫ਼ਲ ਨਹੀਂ ਹੋਣਗੇ। ਇਹ ਪੁੱਛੇ ਜਾਣ ’ਤੇ ਕਿ ਪੁਲਵਾਮਾ ਦਾ ਹਮਲਾ ਖੁਫ਼ੀਆ ਅਸਫ਼ਲਤਾ ਕਰਕੇ ਹੋਇਆ ਤਾਂ ਇਸ ਦੇ ਜਵਾਬ ’ਚ ਮੁੱਖ ਮੰਤਰੀ ਨੇ ਕਿਹਾ ਇਸ ਬਾਰੇ ਘਟਨਾ ਦੀ ਜਾਂਚ ਤੋਂ ਬਾਅਦ ਵੇਰਵਿਆਂ ਤੋਂ ਸਾਹਮਣੇ ਆਵੇਗਾ।
Total Responses : 267