ਦੇਵਾ ਨੰਦ ਸ਼ਰਮਾ
- ਕਲਸਟਰ ਜੋਨ ਵਿੱਚ ਰਹਿੰਦੇ ਲੋਕਾਂ ਦੀ ਘਰ ਘਰ ਜਾ ਕੇ ਸਿਹਤ ਸਬੰਧੀ ਜਾਣਕਾਰੀ ਲਈ ਜਾ ਰਹੀ ਹੈ
ਫਰੀਦਕੋਟ, 21 ਅਪ੍ਰੈਲ 2020 - ਸਿਹਤ ਵਿਭਾਗ ਫਰੀਦਕੋਟ ਵੱਲੋਂ ਕੋਵਿਡ-19 ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦੀ ਲੜੀ ਤਹਿਤ ਵਿਭਾਗ ਵੱਲੋਂ ਇਸ ਮਹਾਂਮਾਰੀ ਨੂੰ ਰੋਕਣ ਲਈ ਲਗਾਤਾਰ ਆਪਣੀਆਂ ਡਿਊਟੀਆਂ ਨਿਭਾ ਰਹੇ ਪੁਲਿਸ ਦੇ ਜਵਾਨਾਂ ਅਤੇ ਅਧਿਕਾਰੀਆਂ ਦੀ ਲਗਾਤਾਰ ਥਰਮਲ ਸਕਰੀਨਿੰਗ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਵੱਖ ਵੱਖ ਟੀਮਾਂ ਜਿੰਨਾਂ ਦੀ ਅਗਵਾਈ ਐਸ.ਐਮ.ਓ. ਡਾ. ਚੰਦਰ ਸ਼ੇਖਰ ਅਤੇ ਡਾ. ਰਾਜੀਵ ਭੰਡਾਰੀ ਆਦਿ ਵੱਲੋਂ ਕੀਤੀ ਜਾ ਰਹੀ ਹੈ, ਵੱਲੋਂ ਜਿਲ੍ਹੇ ਵਿੱਚ ਵੱਖ ਵੱਖ ਥਾਂ ਤੇ ਪੁਲਿਸ ਵੱਲੋਂ ਲਗਾਏ ਗਏ ਨਾਕਿਆਂ ਤੇ ਸੇਵਾਵਾਂ ਦੇ ਰਹੇ ਪੁਲਿਸ ਅਮਲੇ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ ਤਾਂ ਜੋ ਸਮੇਂ ਸਮੇਂ ਤੇ ਉਨ੍ਹਾਂ ਦੀ ਸਿਹਤ ਜਾਂਚ ਕੀਤੀ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਫਰੀਦਕੋਟ ਜਿਲ੍ਹੇ ਵਿੱਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਏ 127 ਲੋਕਾਂ ਦੇ ਲਏ ਗਏ ਸਾਰੇ ਹੀ ਸੈਂਪਲ ਨੈਗੇਟਿਵ ਆ ਚੁੱਕੇ ਹਨ ਅਤੇ ਇਕ ਕਰੋਨਾ ਪਾਜੀਟਿਵ ਮਰੀਜ਼ ਨੂੰ ਇਲਾਜ ਮਗਰੋਂ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਚੁੱਕੀ ਹੈ ਅਤੇ ਉਸ ਦੀ ਹਾਲਤ ਬਿਲਕੁਲ ਠੀਕ ਹੈ।
ਇਸੇ ਤਰ੍ਹਾਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਬਾਕੀ 2 ਕਰੋਨਾ ਮਰੀਜ਼ਾਂ ਦਾ ਇਲਾਜ ਵੀ ਵਧੀਆ ਚੱਲ ਰਿਹਾ ਹੈ ਤੇ ਉਨ੍ਹਾਂ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹਰਿੰਦਰਾ ਨਗਰ ਇਲਾਕੇ ਜਿਸ ਨੂੰ ਕੰਨਟੇਨਮੈਂਟ ਏਰੀਆ ਘੋਸ਼ਿਤ ਕੀਤਾ ਗਿਆ ਸੀ, ਨੂੰ ਪਿਛਲੇ ਦਿਨੀ ਖੋਲ੍ਹ ਦਿੱਤਾ ਗਿਆ ਹੈ ਜਦ ਕਿ ਕਲਸਟਰ ਜੋਨ (ਮਿਸਤਰੀਆਂ ਵਾਲੀ ਗਲੀ) ਇਲਾਕੇ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਦੀ ਸਿਹਤ ਸਬੰਧੀ ਜਾਣਕਾਰੀ ਲਈ ਜਾ ਰਹੀ ਹੈ।
ਸਿਵਲ ਸਰਜਨ ਨੇ ਸਮੂਹ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਜਿੱਥੇ ਕਰਫਿਊ ਦੇ ਨਿਯਮਾਂ ਦੀ ਪਾਲਣਾ ਕਰਨ ਉੱਥੇ ਹੀ ਘਰ ਵਿੱਚ ਰਹਿ ਕੇ ਸਮਾਜਿਕ ਦੂਰੀ ਬਣਾਈ ਰੱਖਣ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਲੋਕ ਇਸ ਬਿਮਾਰੀ ਤੋਂ ਬਚਣ ਲਈ ਆਪਣਾ ਮੂੰਹ ਢੱਕ ਕੇ ਰੱਖਣ ਅਤੇ ਸਮੇਂ ਸਮੇਂ ਤੇ ਆਪਣੇ ਹੱਥ ਧੌਂਦੇ ਰਹਿਣ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਨੂੰ ਰੋਕਣ ਦਾ ਇਕੋ ਇਕ ਤਰੀਕਾ ਹੈ ਕਿ ਅਸੀਂ ਸਿਰਫ ਤੇ ਸਿਰਫ ਆਪਣੇ ਘਰਾਂ ਵਿੱਚ ਰਹੀਏ।