ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੈਨਸ਼ਨਰ ਅਦਾਲਤ
- 15 ਸ਼ਿਕਾਇਤਾਂ 'ਚੋਂ 10 ਦਾ ਮੌਕੇ 'ਤੇ ਹੀ ਕੀਤਾ ਗਿਆ ਨਿਪਟਾਰਾ
ਹੁਸ਼ਿਆਰਪੁਰ, 21 ਨਵੰਬਰ 2024: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅਸ਼ੋਕ ਚੱਕਰ ਹਾਲ ਵਿੱਚ ਅੱਜ ਆਡਿਟ ਦਿਵਸ ਦੇ ਸਬੰਧ ਵਿੱਚ ਐਸ.ਡੀ.ਐਮ. ਹੁਸ਼ਿਆਰਪੁਰ ਸੰਜੀਵ ਸ਼ਰਮਾ ਦੀ ਪ੍ਰਧਾਨਗੀ ਵਿਚ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਵਿਸ਼ੇਸ਼ ਪੈਨਸ਼ਨਰ ਅਦਾਲਤ ਦਾ ਆਯੋਜਨ ਕੀਤਾ ਗਿਆ।
ਐੱਸ.ਡੀ.ਐੱਮ. ਸੰਜੀਵ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਕੁੱਲ 15 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 10 ਦਾ ਮੌਕੇ 'ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਜਦਕਿ 3 ਸ਼ਿਕਾਇਤਾਂ ਏ.ਜੀ.ਪੰਜਾਬ ਦੇ ਪੱਧਰ 'ਤੇ ਸਨ ਅਤੇ 2 ਸ਼ਿਕਾਇਤਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਦੇ ਪੱਧਰ 'ਤੇ ਸਨ। ਏ.ਜੀ.ਪੰਜਾਬ ਨਾਲ ਜੁੜੀਆਂ ਸ਼ਿਕਾਇਤਾਂ ਨੂੰ ਉਨ੍ਹਾਂ ਕੋਲ ਅਗਲੇਰੀ ਕਾਰਵਾਈ ਲਈ ਭੇਜਿਆਂ ਜਾਂਦਾ ਹੈ ਜਦੋਂ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਇਸ ਨਾਲ ਸਬੰਧਤ ਸ਼ਿਕਾਇਤ ਦੇ ਸਬੰਧ ਵਿਚ ਨਿਰਦੇਸ਼ ਦੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਅਦਾਲਤ ਦਾ ਮੰਤਵ ਸੇਵਾਮੁਕਤ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਪੈਨਸ਼ਨ ਸਬੰਧੀ ਸਮੱਸਿਆਵਾਂ ਦਾ ਜਲਦੀ ਨਿਪਟਾਰਾ ਕਰਨਾ ਹੈ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸੇਵਾਮੁਕਤ ਕਰਮਚਾਰੀਆਂ ਨੇ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਪੇਸ਼ ਕੀਤੀਆਂ, ਜਿਨ੍ਹਾਂ ਵਿੱਚ ਪੈਨਸ਼ਨ ਦੀ ਗਣਨਾ, ਅਦਾਇਗੀ ਵਿੱਚ ਦੇਰੀ, ਪਰਿਵਾਰਕ ਪੈਨਸ਼ਨ ਸਬੰਧੀ ਸਮੱਸਿਆਵਾਂ ਅਤੇ ਹੋਰ ਪ੍ਰਸ਼ਾਸਨਿਕ ਮੁਸ਼ਕਿਲਾਂ ਸ਼ਾਮਲ ਸਨ।
ਐਸਡੀਐਮ ਨੇ ਕਿਹਾ ਕਿ ਪੈਨਸ਼ਨਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਪ੍ਰਸ਼ਾਸਨ ਦੀ ਤਰਜੀਹ ਹੈ।
ਇਸ ਅਦਾਲਤ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਸਮੱਸਿਆਵਾਂ ਦੇ ਹੱਲ ਲਈ ਸਰਗਰਮੀ ਨਾਲ ਯੋਗਦਾਨ ਪਾਇਆ। ਪੈਨਸ਼ਨਰਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਆਪਣੇ ਹਿੱਤਾਂ ਦੀ ਰਾਖੀ ਲਈ ਇੱਕ ਹਾਂ-ਪੱਖੀ ਕਦਮ ਦੱਸਿਆ।
ਇਸ ਮੌਕੇ ਐਸਪੀ ਮਨੋਜ ਠਾਕੁਰ, ਸਹਾਇਕ ਲੇਖਾ ਅਧਿਕਾਰੀ ਪ੍ਰਦੀਪ ਕੁਮਾਰ, ਏ.ਏ.ਓ ਕਰਨ, ਸੀਨੀਅਰ ਲੇਖਾਕਾਰ ਨਿਤੀਸ਼ ਪੰਵਾਰ ਵੀ ਹਾਜ਼ਰ ਸਨ।