- ਡੀ.ਸੀ. ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਰਕਾਰੀ ਲੈਬੋਰੇਟਰੀਆਂ ਵਿੱਚ ਟੈਸਟਿੰਗ ਲਈ ਸੈਂਪਲ ਪ੍ਰਤੀਦਿਨ ਦੋ ਵਾਰ ਭੇਜੇ ਜਾਣ ਦੇ ਨਿਰਦੇਸ਼
- ਜ਼ਿਲ੍ਹੇ ਵਿੱਚ ਵੈਕਸੀਨ ਦੀਆਂ ਖੁਰਾਕਾਂ ਸਬੰਧੀ ਸਥਿਤੀ ਨੂੰ ਰੋਜ਼ਾਨਾ ਪੋਰਟਲ 'ਤੇ ਅਪਲੋਡ ਕਰਨ ਲਈ ਵੀ ਕਿਹਾ
ਜਲੰਧਰ, 10 ਅਪ੍ਰੈਲ 2021 - ਜ਼ਿਲ੍ਹਾ ਜਲੰਧਰ ਵਿੱਚ ਕੋਵਿਡ-19 ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਵੈਕਸੀਨੇਸ਼ਨ ਵਿੱਚ ਲਿਆਂਦੀ ਗਈ ਤੇਜ਼ੀ ਸਦਕਾ ਜਲੰਧਰ ਵੱਲੋਂ ਪ੍ਰਤੀਦਿਨ ਟੀਕਾਕਰਨ ਦੇ ਮਾਮਲੇ ਵਿੱਚ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਕਰੀਬ 15000 ਟੀਕਾਕਰਨ ਕੀਤਾ ਗਿਆ ।
ਮੁੱਖ ਸਕੱਤਰ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂਆਤ ਤੋਂ ਹੀ ਕੋਵਿਡ ਮਹਾਂਮਾਰੀ ਦੇ ਪ੍ਰਬੰਧਨ ਲਈ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਹੁਣ ਤੱਕ 7,98,139 ਕੋਵਿਡ ਟੈਸਟ ਕੀਤੇ ਗਏ ਹਨ ਅਤੇ ਕੁੱਲ 1,80450 ਟੀਕਾਕਰਨ ਕਰਨ ਸਦਕਾ ਜਲੰਧਰ ਸੂਬੇ ਵਿੱਚ ਵੈਕਸੀਨੇਸ਼ਨ ਕਰਨ ਦੇ ਮਾਮਲੇ ਵਿੱਚ ਦੂਜੇ ਸਥਾਨ 'ਤੇ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ 7 ਮਾਈਕਰੋ ਕਨਟੇਨਮੈਂਟ ਜ਼ੋਨਸ ਐਲਾਨੇ ਗਏ, ਜਿਨ੍ਹਾਂ ਵਿੱਚ 4 ਸ਼ਹਿਰੀ ਅਤੇ 3 ਦਿਹਾਤੀ ਸ਼ਾਮਲ ਹਨ ਜਦਕਿ 1 ਕਨਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ, ਜੋ ਕਿ ਸ਼ਹਿਰੀ ਖੇਤਰ ਵਿੱਚ ਹੈ। ਉਨ੍ਹਾਂ ਦੱਸਿਆ ਕਿ ਜਲੰਧਰ ਵਿੱਚ ਕੋਵਿਡ ਦੇ ਗੰਭੀਰ ਮਰੀਜ਼ਾਂ ਲਈ 157 ਵੈਂਟੀਲੇਟਰਾਂ ਉਪਲਬਧ ਹਨ। ਇਸ ਤੋਂ ਇਲਾਵਾ 136 ਐਂਬੂਲੈਂਸਾਂ ਮੌਜੂਦ ਹਨ, ਜਿਨ੍ਹਾਂ ਦੀ ਕਾਰਜਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਨਿਯਮਿਤ ਤੌਰ 'ਤੇ ਚੈਕਿੰਗ ਕੀਤੀ ਜਾਂਦੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਟੀਕਾਕਰਨ ਮੁਹਿੰਮ ਨੂੰ ਜਨਤਕ ਮੁਹਿੰਮ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪੁਲਿਸ ਵਿਭਾਗ ਵੱਲੋਂ ਕੋਵਿਡ-19 ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ, ਜਿਸ ਤਹਿਤ ਮਾਸਕ ਨਾ ਪਹਿਨਣ 'ਤੇ 95619 ਚਲਾਨ ਕੀਤੇ ਗਏ ਹਨ ਅਤੇ ਉਲੰਘਣਾ ਕਰਨ ਵਾਲਿਆਂ ਕੋਲੋਂ 5,06,97,100 ਰੁਪਏ ਜੁਰਮਾਨੇ ਵਜੋਂ ਵਸੂਲੇ ਗਏ ਹਨ। ਇਸੇ ਤਰ੍ਹਾਂ ਘਰੇਲੂ ਇਕਾਂਤਵਾਸ ਦੀ ਉਲੰਘਣਾ ਕਰਨ 'ਤੇ 89 ਚਲਾਨ ਜਾਰੀ ਕਰਦਿਆਂ 1,90,000, ਸਮਾਜਿਕ ਦੂਰੀ ਕਾਇਮ ਨਾ ਰੱਖਣ 'ਤੇ 289 ਚਲਾਨ ਜਾਰੀ ਕਰਦਿਆਂ 5,79500 ਅਤੇ ਥੁੱਕਣ 'ਤੇ 569 ਚਲਾਨ ਜਾਰੀ ਕਰਦਿਆਂ 1,32,600 ਰੁਪਏ ਜੁਰਮਾਨੇ ਵਜੋਂ ਵਸੂਲੇ ਗਏ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਯਤਨਾਂ ਸਦਕਾ ਕੋਵਿਡ ਪੋਜ਼ੀਟਿਵ ਦਰ ਅਤੇ ਮੌਤ ਦਰ ਵਿੱਚ ਕਮੀ ਆਈ।
ਵੀਡੀਓ ਕਾਨਫਰੰਸ ਵਿੱਚ ਹਿੱਸਾ ਲੈਣ ਉਪਰੰਤ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕੋਵਿਡ ਸਬੰਧੀ ਸੈਂਪਲ ਸਰਕਾਰੀ ਲੈਬੋਰੇਟਰੀਆਂ ਵਿੱਚ ਟੈਸਟਿੰਗ ਲਈ ਰੋਜ਼ਾਨਾ ਦੋ ਵਾਰ ਭੇਜੇ ਜਾਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਵੈਕਸੀਨ ਸਬੰਧੀ ਸਥਿਤੀ ਨੂੰ ਰੋਜ਼ਾਨਾ ਈਵਿਨ ਪੋਰਟਲ 'ਤੇ ਅਪਡੇਟ ਕਰਨ ਲਈ ਵੀ ਕਿਹਾ ਤਾਂ ਜੋ ਜ਼ਿਲ੍ਹੇ ਵਿੱਚ ਲੋੜੀਂਦੀ ਗਿਣਤੀ ਵਿੱਚ ਵੈਕਸੀਨ ਉਪਲਬੱਧ ਹੋਵੇ। ਨਾਲ ਹੀ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਦੀ ਸਖ਼ਤ ਨਿਗਰਾਨੀ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ, ਸਿਵਲ ਸਰਜਨ ਡਾ. ਬਲਵੰਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।