ਪੜ੍ਹੋ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਦੇ ਕੁੱਝ ਮੁੱਖ ਅੰਸ਼, ਵੀਡੀਓ ਵੀ ਦੇਖੋ
ਚੰਡੀਗੜ੍ਹ, 11 ਨਵੰਬਰ 2021 - ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਡਿਪਟੀ ਸੀ ਐਮ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬੀ. ਐੱਸ. ਐੱਫ. ਮੁੱਦੇ ਨੂੰ ਲੈ ਕੇ ਮਤਾ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੀ. ਐੱਸ. ਐੱਫ. ਵੱਲੋਂ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦਾ ਫ਼ੈਸਲਾ ਪੰਜਾਬ ਦੇ ਲੋਕਾਂ ਅਤੇ ਪੰਜਾਬ ਦੀ ਪੁਲਸ 'ਤੇ ਬੇਇਤਬਾਰੀ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਇੰਨਾ ਵੱਡਾ ਫ਼ੈਸਲਾ ਲੈਣ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਸੀ। ਰੰਧਾਵਾ ਨੇ ਕਿਹਾ ਕਿ ਪੰਜਾਬ 'ਚ ਕਾਨੂੰਨ-ਵਿਵਸਥਾ ਦੀ ਸਥਿਤੀ ਮਜ਼ਬੂਤ ਹੈ ਅਤੇ ਬੀ. ਐੱਸ. ਐੱਫ. ਦਾ ਅਧਿਕਾਰ ਖੇਤਰ ਵਧਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਸਰਬ ਸੰਮਤੀ ਨਾਲ ਕੇਂਦਰ ਸਰਕਾਰ ਦੀ ਇਸ ਕਾਰਵਾਈ ਦੀ ਨਿਖ਼ੇਧੀ ਕੀਤੀ ਹੈ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਮਿਤੀ 11-10-2021 ਨੂੰ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਨੂੰ ਤੁਰੰਤ ਵਾਪਸ ਲਵੇ।
ਉਸ ਤੋਂ ਬਾਅਦ ਕੈਬਨਿਟ ਮੰਤਰੀ ਰਣਦੀਪ ਨਾਭਾ ਵਲੋਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪੇਸ਼ ਕੀਤਾ ਗਿਆ। ਕੈਬਨਿਟ ਮੰਤਰੀ ਨਾਭੇ ਨੇ ਮਤਾ ਪੇਸ਼ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਵਪਾਰੀ ਨਾ ਸਮਝੇ ਅਤੇ ਪੰਜਾਬ ਸਰਕਾਰ ਹਮੇਸ਼ਾ ਹੀ ਕਿਸਾਨਾਂ ਦੀ ਹਮਾਇਤੀ ਰਹੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਵੀ ਵਿਧਾਨ ਸਭਾ ’ਚ ਕੇਂਦਰ ਦੇ ਖ਼ੇਤੀ ਕਾਨੂੰਨਾਂ ਖ਼ਿਲਾਫ਼ ਲਿਆਂਦਾ ਮਤਾ ਪਾਸ ਕੀਤਾ ਗਿਆ ਸੀ।
ਇਸ ਤੋਂ ਬਿਨਾ 2013 ਕਾਂਟਰੈਕਟ ਫਾਰਮਿੰਗ ਐਕਟ ਖ਼ਿਲਾਫ਼ ਮਤਾ ਪੇਸ਼ ਕੀਤਾ ਗਿਆ ਅਤੇ ਕਾਂਟਰੈਕਟ ਫਾਰਮਿੰਗ ਬਿੱਲ 2021 ਲਿਆਂਦਾ ਗਿਆ।
ਇਸ ਦੌਰਾਨ ਸਦਨ ਅੰਦਰ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਨੂੰ ਵੱਖ-ਵੱਖ ਮੁੱਦਿਆਂ 'ਤੇ ਘੇਰਿਆ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਆਮ ਆਦਮੀ ਪਾਰਟੀ ਵੱਲੋਂ ਸਦਨ ਅੰਦਰ ਡੀ. ਏ. ਪੀ. ਖ਼ਾਦ ਦੀ ਕਿੱਲਤ ਦਾ ਮੁੱਦਾ ਚੁੱਕਿਆ ਗਿਆ ਹੈ। ਆਪ ਆਗੂ ਡੀ. ਏ. ਪੀ. ਖ਼ਾਦ ਦੀਆਂ ਖ਼ਾਲੀ ਬੋਰੀਆਂ ਲੈ ਕੇ ਸਦਨ ਅੰਦਰ ਪਹੁੰਚੇ। ਇਸ ਦੌਰਾਨ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਨਾਅਰੇਬਾਜ਼ੀ ਕਰਦੇ ਹੋਏ ਸਦਨ 'ਚੋਂ ਵਾਕਆਊਟ ਕੀਤਾ ਗਿਆ।
ਵੀਡੀਓ ਵੀ ਦੇਖੋ....
https://www.facebook.com/BabushahiDotCom/videos/756147668693085