ਚੰਡੀਗੜ੍ਹ, 4 ਜਨਵਰੀ, 2017 : ਪੰਜ ਸੂਬਿਆਂ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋਣ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਇਹ ਭਾਰਤ ਦੇ ਚੋਣ ਕਮਿਸ਼ਨ ਦਾ ਫਰਜ ਹੈ ਕਿ ਸੂਬੇ ਵਿੱਚ ਨਿਰਪੱਖ ਅਤੇ ਭੈਅਮੁਕਤ ਚੋਣ ਨੂੰ ਯਕੀਨੀ ਬਣਾਇਆ ਜਾਵੇ।
ਚੰਡੀਗੜ੍ਹ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਮਾਫੀਆ ਦੇ ਚੁੰਗਲ ਵਿੱਚੋਂ ਨਿਕਲਣ ਲਈ ਕਾਫੀ ਉਤਸੁਕ ਹਨ ਅਤੇ ਸੂਬੇ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਉਹ ਆਮ ਲੋਕਾਂ ਦੀ ਸਰਕਾਰ ਬਣਾਉਣ ਲਈ ਆਜਾਦ ਹਨ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਗੋਆ ਅਤੇ ਪੰਜਾਬ ਵਿੱਚ ਸਮਰਥਨ ਦੇਣ ਲਈ ਵੱਡੀ ਗਿਣਤੀ ਵਿੱਚ ਲੋਕ ਬਾਹਰ ਨਿਕਲਣਗੇ। ਉਨਾਂ ਕਿਹਾ ਕਿ ਗੋਆ ਵਿੱਚ ਬੀਜੇਪੀ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ। ਕੇਜਰੀਵਾਲ ਨੇ ਕਿਹਾ ਕਿ ਇਨਾਂ ਚੋਣਾਂ ਵਿੱਚ ਦਿੱਲੀ ਚੋਣਾਂ ਦਾ ਰਿਕਾਰਡ ਵੀ ਟੁੱਟੇਗਾ।
ਕੇਜਰੀਵਾਲ ਨੇ ਕਿਹਾ ਕਿ ਸੂਬਿਆਂ ਵਿੱਚ ਭੈਅਮੁਕਤ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਹੋਰ ਜਿਆਦਾ ਅਰਧਸੈਨਿਕ ਬਲਾਂ ਦੀਆਂ ਟੁਕੜੀਆਂ ਤੈਨਾਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਪੰਜਾਬ ਵਿੱਚ ਕਾਨੂੰਨ ਵਿਵਸਥਾ ਇੱਕ ਮਹੱਤਵਪੂਰਣ ਮੁੱਦਾ ਹੈ।
ਪੰਜਾਬ ਵਿੱਚ ਪਾਰਟੀ ਦੇ ਸੀਐਮ ਚਿਹਰੇ ਬਾਰੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਚੁਣੇ ਹੋਏ ਵਿਧਾਇਕ ਹੀ ਇਹ ਫੈਸਲਾ ਕਰਨਗੇ ਕਿ ਉਨਾਂ ਦਾ ਆਗੂ ਕੌਣ ਹੈ। ਇਸ ਲਈ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਦਾ ਐਲਾਨ ਕੀਤਾ ਜਾਵੇਗਾ।
ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਉਨਾਂ ਦੀ ਲੜਾਈ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਬੇਰੋਜਗਾਰੀ ਵਰਗੇ ਮੁੱਦਿਆਂ ਨਾਲ ਹੈ, ਕਾਂਗਰਸ ਅਤੇ ਅਕਾਲੀ ਦਲ ਵੱਲੋਂ ਤਾਂ ਦੂਜੇ ਅਤੇ ਤੀਜੇ ਸਥਾਨ ਉਤੇ ਆਉਣ ਲਈ ਆਪਸ ਵਿੱਚ ਲੜਾਈ ਲੜੀ ਜਾ ਰਹੀ ਹੈ। ਉਨਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ 100 ਤੋਂ ਜਿਆਦਾ ਸੀਟਾਂ ਉਤੇ ਜਿੱਤ ਪ੍ਰਾਪਤ ਕਰੇਗੀ।
ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਚੋਣਾਂ ਮੁੱਦਿਆਂ ਉਤੇ ਲੜੀਆਂ ਜਾਣਗੀਆਂ ਅਤੇ ਚਿਹਰੇ ਮਹੱਤਵਪੂਰਣ ਨਹੀਂ ਹਨ। ਉਨਾਂ ਕਿਹਾ ਕਿ ਪੰਜਾਬ ਵਿੱਚ ਲੋਕਾਂ ਵੱਲੋਂ ਦਿੱਲੀ ਦੀ ਤਰਜ ਉਤੇ ਆਪ ਚੋਣਾਂ ਲੜੀਆਂ ਜਾਣਗੀਆਂ ਅਤੇ ਆਮ ਲੋਕਾਂ ਦੀ ਸਰਕਾਰ ਦਾ ਗਠਨ ਕੀਤਾ ਜਾਵੇਗਾ।