← ਪਿਛੇ ਪਰਤੋ
ਕੈਪਟਨ ਸਰਕਾਰ ਨੌਕਰੀਆਂ ਵਿੱਚ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਕਰ ਰਹੀ ਪੰਜਾਬੀ ਭਾਸ਼ਾ ਦਾ ਘਾਣ : ਡਾ. ਸਿਰਸਾ ਮੋਹਾਲੀ, 23 ਜੂਨ 2020: ਪੰਜਾਬ ਵਕਫ਼ ਬੋਰਡ ਵੱਲੋਂ ਨੌਕਰੀਆਂ ਲਈ ਦਿੱਤੇ ਗਏ ਇਸ਼ਤਿਹਾਰ ਵਿੱਚ ਪੰਜਾਬੀ ਭਾਸ਼ਾ ਵਾਲੀ ਸ਼ਰਤ ਖ਼ਤਮ ਕੀਤੇ ਜਾਣ ਦਾ ਪ੍ਰਸਿੱਧ ਸਮਾਜ ਸੇਵੀ ਤੇ ਪੰਜਾਬੀ ਚਿੰਤਕ ਲੱਖਾ ਸਿਧਾਣਾ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਹੈ ਅਤੇ ਪੰਜਾਬ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਇਸ ਕਾਰਵਾਈ ਨੂੰ ਪੰਜਾਬ ਵਿਰੋਧੀ ਗਰਦਾਨਿਆ ਹੈ। ਇਸ ਮੌਕੇ ਪੰਜਾਬੀ ਮਾਂ ਬੋਲੀ ਸਤਿਕਾਰ ਜਥੇਬੰਦੀ ਦੇ ਡਾ. ਸਰਬਜੀਤ ਸਿੰਘ, ਮੁਸਲਿਮ ਪੰਜਾਬੀ ਭਾਈਚਾਰੇ ਤੋਂ ਨੋਨੀ ਸਮਰਾਲਾ, ਪੰਜਾਬੀ ਲੇਖਕ ਸਭਾ ਚੰਡੀਗੜ੍ਹ ਤੋਂ ਕਰਮ ਸਿੰਘ ਵਕੀਲ ਆਦਿ ਸਮੇਤ ਕਈ ਪੰਜਾਬ ਭਾਸ਼ਾ ਹਿਤੈਸ਼ੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਫੈਸਲੇ ਤੁਰੰਤ ਵਾਪਿਸ ਨਾ ਲਏੇ ਤਾਂ ਉਹ ਸਰਕਾਰ ਖਿਲਾਫ਼ ਸੰਘਰਸ਼ ਛੇੜਨ ਲਈ ਮਜ਼ਬੂਰ ਹੋਣਗੇ। ਅੱਜ ਇੱਥੇ ਮੋਹਾਲੀ ਪ੍ਰੈੱਸ ਕਲੱਬ ਵਿਖੇ ਭਰ੍ਹਵੀਂ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਲੱਖਾ ਸਿਧਾਣਾ ਨੇ ਕਿਹਾ ਕਿ ਪਹਿਲਾਂ ਤਾਂ ਪੰਜਾਬ ਵਿਚਲੀ ਕੈਪਟਨ ਸਰਕਾਰ ਨੇ ਪੰਜਾਬ ਵਕਫ਼ ਬੋਰਡ ਦਾ ਚੇਅਰਮੈਨ ਯੂ.ਪੀ. ਤੋਂ ਲਿਆ ਕੇ ਲਗਾਇਆ ਅਤੇ ਹੁਣ ਵਕਫ਼ ਬੋਰਡ ਵਿੱਚ ਕੱਢੀਆਂ ਨੌਕਰੀਆਂ ਦੇ ਇਸ਼ਤਿਹਾਰ ਵਿੱਚ ਪੰਜਾਬੀ ਭਾਸ਼ਾ ਪੜ੍ਹੀ ਹੋਣ ਵਾਲੀ ਸ਼ਰਤ ਖ਼ਤਮ ਕਰ ਦਿੱਤੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਸਰਕਾਰਾਂ ਹਰੇਕ ਮਸਲੇ ਨੂੰ ਧਰਮ ਨਾਲ ਜੋੜ ਦਿੰਦੀਆਂ ਹਨ ਜੋ ਕਿ ਖ਼ਤਰਨਾਕ ਰੁਝਾਨ ਹੈ। ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵੀ ਪੰਜਾਬੀ ਭਾਸ਼ਾ ਨੂੰ ਨਜ਼ਰਅੰਦਾਜ਼ ਕਰਕੇ ਅੰਗਰੇਜ਼ੀ ਭਾਸ਼ਾ ਨੂੰ ਤਰਜੀਹ ਦੇਣ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਵਕਫ਼ ਬੋਰਡ ਨੂੰ ਇਹ ਇਸ਼ਤਿਹਾਰ ਤੁਰੰਤ ਵਾਪਿਸ ਲੈ ਕੇ ਪੰਜਾਬੀ ਭਾਸ਼ਾ ਲਾਜ਼ਮੀ ਵਾਲਾ ਜਾਰੀ ਕਰਨਾ ਚਾਹੀਦਾ ਹੈ। ਜੇਕਰ ਹੁਣ ਢਿੱਲ ਛੱਡ ਦਿੱਤੀ ਤਾਂ ਭਵਿੱਖ ਵਿੱਚ ਹੋਰ ਮਹਿਕਮੇ ਵੀ ਇਸੇ ਗੱਲ ਦੀ ਰੀਸ ਕਰਨਗੇ ਅਤੇ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਪੰਜਾਬੀ ਨੌਜਵਾਨਾਂ ਦੀ ਬਜਾਇ ਬਾਹਰਲੇ ਸੂਬਿਆਂ ਤੋਂ ਆ ਕੇ ਨੌਜਵਾਨ ਭਰਤੀ ਹੋ ਜਾਣਗੇ। ਉਨ੍ਹਾਂ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਪੰਜਾਬੀ ਜ਼ੁਬਾਨ ਨੂੰ ਬਚਾਉਣ ਲਈ ਲਾਮਬੰਦ ਹੋਣ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਨੇ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਪੰਜਾਬੀ ਭਾਸ਼ਾ ਪ੍ਰਤੀ ਸੁਹਿਰਦ ਹੀ ਨਹੀਂ ਹੈ। ਵਕਫ਼ ਬੋਰਡ ਵੱਲੋਂ ਨੌਕਰੀਆਂ ਵਿੱਚ ਪੰਜਾਬੀ ਭਾਸ਼ਾ ਦੀ ਸ਼ਰਤ ਨਾ ਲਗਾ ਕੇ ਸਰਕਾਰ ਨੇ ਪੰਜਾਬੀ ਭਾਸ਼ਾ ਨਾਲ ਧਰੋਹ ਕਮਾਇਆ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਹਿਸਾਬ ਦਾ ਵਿਸ਼ਾ ਅੰਗਰੇਜ਼ੀ ਵਿੱਚ ਪੜ੍ਹਾਉਣ ਦਾ ਫ਼ੈਸਲਾ ਵੀ ਸਕੂਲਾਂ ਵਿੱਚ ਅੰਗਰੇਜ਼ੀ ਲਾਗੂ ਕਰਨ ਦਾ ਪੜਾਅਵਾਰ ਕਦਮ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਉਤੇ ਦੋਸ਼ ਲਗਾਉਂਦਿਆਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਉਹ ਚੋਣਾਂ ਦੌਰਾਨ ਵੋਟਾਂ ਮੰਗਣ ਵੇਲੇ ਤਾਂ ਪੰਜਾਬੀ ਭਾਸ਼ਾ ਵਿੱਚ ਗੱਲ ਕਰਦੇ ਹਨ ਅਤੇ ਸੱਤਾ ਸੰਭਾਲਦਿਆਂ ਹੀ ਉਨ੍ਹਾਂ ਦੀ ਜ਼ੁਬਾਨ ਉਤੇ ਅੰਗਰੇਜ਼ੀ ਭਾਸ਼ਾ ਸਵਾਰ ਹੋ ਜਾਂਦੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬੀ ਵਿਰੋਧੀ ਗੈਰ-ਸੰਵਿਧਾਨਕ ਫ਼ੈਸਲੇ ਤੁਰੰਤ ਵਾਪਿਸ ਲਏ ਜਾਣ।
Total Responses : 267