ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾ ਕੇ ਉਹਨਾਂ ਨੂੰ ਸੁਰੱਖਿਅਤ ਭਾਰਤ ਲਿਆਂਦਾ ਜਾਵੇ : ਹਰਸਿਮਰਤ ਬਾਦਲ
ਚੰਡੀਗੜ੍ਹ, 25 ਫਰਵਰੀ 2022 - ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੁੰ ਅਪੀਲ ਕੀਤੀ ਕਿ ਉਹ ਰੂਸ ਵੱਲੋਂ ਕੀਤੇ ਹਮਲੇ ਤੋਂ ਬਾਅਦ ਯੂਕਰੇਨ ਵਿਚ ਫਸੇ ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਉਹਨਾਂ ਨੁੰ ਸੁਰੱਖਿਅਤ ਭਾਰਤ ਲਿਆਉਣ ਲਈ ਕਦਮ ਚੁੱਕਣ।
ਹਰਸਿਮਰਤ ਕੌਰ ਬਾਦਲ ਨੇ ਯੂਕਰੇਨ ਦੇ ਵੱਖ ਵੱਖ ਕਾਲਜਾਂ ਵਿਚ ਪੜ੍ਹਦੇ ਪੰਜਾਬ ਦੇ 33 ਵਿਦਿਆਰਥੀਆਂ ਦੀ ਸੂਚੀ ਸਾਂਝੀ ਕੀਤੀ। ਉਹਨਾਂ ਕਿਹਾ ਕਿ ਅਜਿਹੀ ਸੰਭਾਵਨਾ ਹੈ ਕਿ ਇਹਨਾਂ 33 ਵਿਦਿਆਰਥੀਆਂ ਤੋਂ ਇਲਾਵਾ ਹੋਰ ਵੀ ਪੰਜਾਬੀ ਤੇ ਦੇਸ਼ ਦੇ ਹੋਰ ਲੋਕ ਵੀ ਯੂਕਰੇਨ ਵਿਚ ਫਸੇ ਹੋਣ।
ਬਾਦਲ ਨੇ ਕਿਹਾ ਕਿ ਯੂਕਰੇਨ ਵਿਚ ਭਾਰਤੀ ਸਫਾਰਤਖਾਨੇ ਰਾਹੀਂ ਇਕਜੁੱਟ ਯਤਨ ਹੋਣੇ ਚਾਹੀਦੇ ਹਨ ਤਾਂ ਜੋ ਉਥੇ ਫਸੇ ਵਿਦਿਆਰਥੀਆਂ ਤੇ ਹੋਰ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਇਹ ਸੰਭਾਵਨਾ ਵੀ ਪਤਾ ਲਾਈ ਜਾਣੀ ਚਾਹੀਦੀ ਹੈ ਕਿ ਫਲਾਈਟਾਂ ਬੰਦ ਹੋਣ ਤੋਂ ਬਾਅਦ ਹੁਣ ਸਾਰੇ ਭਾਰਤੀਆਂ ਨੂੰ ਯੂਕਰੇਨ ਵਿਚੋਂ ਸੜਕ ਰਸਤੇ ਕੱਢਣ ਲਈ ਕੀ ਕੀਤਾ ਜਾ ਸਕਦਾ ਹੈ।
ਬਾਦਲ ਨੇ ਕੇਂਦਰੀ ਵਿਦੇਸ਼ ਮੰਤਰਾਲੇ ਵਿਚ ਸਕੱਤਰ ਪੱਛਮੀ ਸ੍ਰੀਮਤੀ ਰੀਨਤ ਸੰਧੂ ਕੋਲ ਵੀ ਪਹੁੰਚ ਕਰ ਕੇ ਬੇਨਤੀ ਕੀਤੀ ਕਿ ਯੂਕਰੇਨ ਵਿਚ ਫਸੇ ਭਾਰਤੀ ਵਿਦਿਆਰਥੀਆਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ।