ਪੰਜਾਬ 'ਚ ਸ਼ਾਨਦਾਰ ਜਿੱਤ 'ਤੇ ਪ੍ਰਧਾਨਮੰਤਰੀ ਮੋਦੀ ਦੀ ਵਧਾਈ ਦਾ ਕੇਜਰੀਵਾਲ ਨੇ ਦਿੱਤਾ ਜਵਾਬ, ਕਿਹਾ- ਧੰਨਵਾਦ ਸਰ
ਦੀਪਕ ਗਰਗ
ਕੋਟਕਪੂਰਾ 11 ਮਾਰਚ 2022 - ਪੰਜਾਬ ਵਿਧਾਨ ਸਭਾ ਚੋਣਾਂ 'ਚ ਜ਼ਬਰਦਸਤ ਜਿੱਤ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਪੀਐੱਮ ਮੋਦੀ ਨੇ ਜਿੱਤ ਦੀ ਵਧਾਈ ਦਿੱਤੀ ਸੀ, ਜਿਸ ਦੇ ਜਵਾਬ 'ਚ ਅਰਵਿੰਦ ਕੇਜਰੀਵਾਲ ਨੇ ਪੀਐੱਮ ਮੋਦੀ ਦਾ ਧੰਨਵਾਦ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਪੀਐਮ ਮੋਦੀ ਦੇ ਟਵੀਟ ਨੂੰ ਰੀਟਵੀਟ ਕੀਤਾ ਅਤੇ ਕਿਹਾ, "ਧੰਨਵਾਦ ਸਰ"।
ਤੁਹਾਨੂੰ ਦੱਸ ਦੇਈਏ ਕਿ ਵੀਰਵਾਰ ਨੂੰ ਆਮ ਆਦਮੀ ਪਾਰਟੀ ਨੂੰ ਜਿੱਤ 'ਤੇ ਵਧਾਈ ਦਿੰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਨੂੰ ਪੰਜਾਬ ਚੋਣਾਂ 'ਚ ਇਸ ਸ਼ਾਨਦਾਰ ਜਿੱਤ ਲਈ ਵਧਾਈ ਦੇਣਾ ਚਾਹਾਂਗਾ। ਮੈਂ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਭਲਾਈ ਲਈ ਕੇਂਦਰ ਤੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਉਂਦਾ ਹਾਂ।"
ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ। ਪਾਰਟੀ ਨੇ 117 ਵਿਧਾਨ ਸਭਾ ਸੀਟਾਂ ਵਿੱਚੋਂ 92 ਸੀਟਾਂ ਜਿੱਤ ਕੇ ਇਤਿਹਾਸ ਰਚਿਆ ਹੈ। ਪੰਜਾਬ 'ਚ 'ਆਪ' ਦੇ ਉਮੀਦਵਾਰਾਂ ਨੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਵੱਡੇ ਆਗੂਆਂ ਨੂੰ ਹਰਾਇਆ ਹੈ। ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਪੰਜਾਬ ਦੀ ਸੱਤਾ ਤੋਂ ਬਾਹਰ ਕਰਕੇ ਜਿੱਤ ਦਰਜ ਕੀਤੀ ਹੈ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਦੀ ਅਹਿਮੀਅਤ ਨੂੰ ਇਸ ਤਰ੍ਹਾਂ ਸਮਝਿਆ ਜਾ ਸਕਦਾ ਹੈ ਕਿ 2017 ਵਿੱਚ ਆਮ ਆਦਮੀ ਪਾਰਟੀ ਦਾ ਵੋਟ ਸ਼ੇਅਰ 23.7 ਫੀਸਦੀ ਸੀ, ਜੋ 2022 ਵਿੱਚ ਵੱਧ ਕੇ 42 ਫੀਸਦੀ ਹੋ ਗਿਆ। 'ਆਪ' ਦੀ ਜਿੱਤ ਤੋਂ ਬਾਅਦ ਪੰਜਾਬ 'ਚ ਭਗਵੰਤ ਮਾਨ ਮੁੱਖ ਮੰਤਰੀ ਬਣਨ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਉਹ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਵਿੱਚ 17 ਮੰਤਰੀ ਸ਼ਾਮਲ ਹੋਣਗੇ।