ਜਲੰਧਰ 25 ਮਾਰਚ 2021 - ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਮੋਹਨ ਲਾਲ ਸੂਦ ਵਲੋਂ ਅੱਜ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ ਗੜ੍ਹਾ ਰੋਡ ਜਲੰਧਰ ਵਿਖੇ ਕੋਵਿਡ-19 ਸਬੰਧੀ ਕੋਵੀਸ਼ੀਲਡ ਵੈਕਸੀਨ ਦਾ ਟੀਕਾ ਲਗਵਾਇਆ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਮੋਹਨ ਸੂਦ ਨੇ ਦੱਸਿਆ ਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਯੋਗ ਸੂਬਾ ਵਾਸੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਉਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਪਹਿਲੀ ਅਪ੍ਰੈਲ ਤੋਂ 45 ਸਾਲ ਤੋਂ ਉਪਰ ਦੀ ਉਮਰ ਵਾਲੇ ਕਾਰਪੋਰੇਸ਼ਨ ਦੇ ਸਮੂਹ ਮੁਲਾਜ਼ਮ ਵੀ ਇਹ ਟੀਕਾ ਲਗਵਾ ਕੇ ਕੋਰੋਨਾ ਦੇ ਫੈਲਾਅ ਨੂੰ ਰੋਕਣ ਵਿੱਚ ਸਹਿਯੋਗ ਕਰਨਗੇ। ਉਨ੍ਹਾਂ ਦੱਸਿਆ ਕਿ ਕੋਵਿਡ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਲੋਕਾਂ ਨੂੰ ਕੋਵਿਡ ਵੈਕਸੀਨ ਲਗਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
ਸੂਦ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕੋਵਿਡ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਬਹੁਤ ਹੀ ਸ਼ਲਾਘਾ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੋਵਿਡ-19 ਵਿਰੁੱਧ ਲੜਾਈ ਨੂੰ ਸਾਡੇ ਵਾਲੇ ਕੀਤੇ ਜਾਣ ਵਾਲੇ ਸਾਂਝੇ ਯਤਨਾ ਸਦਕਾ ਹੀ ਜਿੱਤਿਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ ਵੈਕਸੀਨ ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਵਿੱਚ ਨਹੀਂ ਆਉਣਾ ਚਾਹੀਦਾ।