- ਲੋਕਾਂ ਨੂੰ ਹਰ ਵਾਰ ਸਬਜ਼ਬਾਗ ਦਿਖਾ ਕੇ ਲੁੱਟਣ ਤੇ ਕੁੱਟਣ ਵਾਲੀਆਂ ਪਾਰਟੀਆਂ ਦਾ ਸਫ਼ਾਇਆ ਕੀਤਾ ਜਾਵੇ : ਗੁਰਕ੍ਰਿਪਾਲ ਸਿੰਘ ਮਾਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਫ਼ਰਵਰੀ 2021 - ਪੰਜਾਬ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਵੱਲੋਂ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ. ਦੇ ਰਾਜਸੀ ਵਿੰਗ ਨਾਲ ਮਿਲ ਕੇ ਨਗਰ ਨਿਗਮ ਚੋਣਾਂ ਲਡ਼ੀਆਂ ਜਾ ਰਹੀਆਂ ਹਨ ਜਿਸ ਦੇ ਚਲਦਿਆਂ ਬੇਦਾਗ ਅਤੇ ਸਾਫ਼ ਸੁਥਰੇ ਅਕਸ ਵਾਲੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ ਤਾਂ ਜੋ ਮੋਹਾਲੀ ਸ਼ਹਿਰ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਮਾਹੌਲ ਪ੍ਰਦਾਨ ਕੀਤਾ ਜਾ ਸਕੇ। ਇਹ ਵਿਚਾਰ ਪੀ.ਡੀ.ਪੀ. ਦੇ ਰਾਸ਼ਟਰੀ ਪ੍ਰਧਾਨ ਸ੍ਰ. ਗੁਰਕਿਰਪਾਲ ਸਿੰਘ ਮਾਨ ਨੇ ਅੱਜ ਆਪਣੀ ਪਾਰਟੀ ਦੇ ਪੰਜ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਭਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।
ਗੁਰਕ੍ਰਿਪਾਲ ਸਿੰਘ ਮਾਨ ਨੇ ਦੱਸਿਆ ਕਿ ਵਾਰਡ ਨੰਬਰ 4 ਤੋਂ ਅਮਰਜੀਤ ਸਿੰਘ ਵਾਲੀਆ, ਵਾਰਡ ਨੰਬਰ 20 ਤੋਂ ਹਰਪਾਲ ਸਿੰਘ, ਵਾਰਡ ਨੰਬਰ 35 ਤੋਂ ਬੀਬੀ ਰਵਿੰਦਰ ਕੌਰ ਗਿੱਲ, ਵਾਰਡ ਨੰਬਰ 36 ਤੋਂ ਬਲਵਿੰਦਰ ਸਿੰਘ ਬੱਲੀ ਅਤੇ ਵਾਰਡ ਨੰਬਰ 50 ਤੋਂ ਗੁਰਬਖਸ਼ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ ਜਿਨ੍ਹਾਂ ਦੇ ਅੱਜ ਨਾਮਜ਼ਦਗੀ ਕਾਗਜ਼ ਭਰਵਾ ਦਿੱਤੇ ਗਏ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ 14 ਫ਼ਰਵਰੀ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਵਿੱਚ ਪੀ.ਡੀ.ਪੀ. ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ ਤਾਂ ਜੋ ਹਰ ਵਾਰ ਲੋਕਾਂ ਨੂੰ ਸਬਜ਼ਬਾਗ ਦਿਖਾ ਕੇ ਲੁੱਟਣ ਅਤੇ ਕੁੱਟਣ ਵਾਲੀਆਂ ਰਵਾਇਤੀ ਪਾਰਟੀਆਂ ਦਾ ਸਫ਼ਾਇਆ ਕੀਤਾ ਜਾ ਸਕੇ।
ਇਸ ਮੌਕੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਵਿਨੋਦ ਪਾਠਕ, ਮੀਤ ਪ੍ਰਧਾਨ ਡਾ. ਹਰਜਿੰਦਰ ਹੈਰੀ, ਮੀਤ ਪ੍ਰਧਾਨ ਮੈਡਮ ਭੁਪਿੰਦਰ ਕੌਰ, ਕਾਨੂੰਨੀ ਸਲਾਹਕਾਰ ਮਲਕੀਤ ਸਿੰਘ ਆਦਿ ਵੀ ਹਾਜ਼ਰ ਸਨ।