ਪੰਜਾਬ ਦੇ ਮੁਲਾਜ਼ਮਾਂ ਵੱਲੋ ਕਿਸਾਨ ਸੰਘਰਸ਼ ’ਚ ਸ਼ਮੂਲੀਅਤ ਦਾ ਫੈਸਲਾ
ਅਸ਼ੋਕ ਵਰਮਾ
ਬਠਿੰਡਾ,24 ਸਤੰਬਰ, 2020 : ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਸੂਬਾ ਪ੍ਰਧਾਨ ਮੇਘ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹਾਈ ਪਾਵਰ ਕਮੇਟੀ ਦੀ ਜ਼ੂਮ ਐਪ ਰਾਹੀਂ ਹੰਗਾਮੀ ਮੀਟਿੰਗ ਕੀਤੀ ਗਈ ਜਿਸ ’ਚ ਫੈਸਲਾ ਕੀਤਾ ਹੈ ਕਿ ਪੰਜਾਬ ਅਤੇ ਕੇਂਦਰ ਸਰਕਾਰਾਂ ਦੀਆਂ ਮਾਰੂ ਨੀਤੀਆਂ ਖਿਲਾਫ 25 ਸਤੰਬਰ ਨੂੰ ਕਿਸਾਨ ਜੱਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਪੰਜਾਬ ਬੰਦ ਅਤੇ ਰਸਤਾ ਰੋਕੋ ਅੰਦੋਲਨ ’ਚ ਸ਼ਮੂਲੀਅਤ ਕੀਤੀ ਜਾਏਗੀ। ਮੀਟਿੰਗ ਵਿੱਚ ਹਾਈ ਪਾਵਰ ਕਮੇਟੀ ਦੇ ਮੈਂਬਰ ਸੁਖਚੈਨ ਸਿੰਘ ਖਹਿਰਾ, ਗੁਰਨਾਮ ਸਿੰਘ ਵਿਰਕ ਨਛੱਤਰ ਸਿੰਘ ਭਾਈਰੂਪਾ, ਗੁਰਮੀਤ ਸਿੰਘ ਵਾਲੀਆ, ਅਮਰੀਕ ਸਿੰਘ ਸੰਧੂ ਜਸਦੀਪ ਸਿੰਘ ਚਾਹਲ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਦੀ ਮੁਲਾਜ਼ਮ ਮਾਰੂ ਨੀਤੀ ਨੂੰ ਲੈ ਕੇ ਪਹਿਲਾਂ ਹੀ ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਵੱਲੋ 16 ਸਤੰਬਰ 2020 ਤੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ।
ਉਨਾਂ ਆਖਿਆ ਕਿ ਇਸਦੇ ਬਾਵਜੂਦ ਵੀ ਸਰਕਾਰ ਵੱਲੋ 2 ਮੀਟਿੰਗਾਂ ਕਰਨ ਉਪਰੰਤ ਮੁਲਾਜ਼ਮ ਮੰਗਾਂ ਨੂੰ ਅੱਖੋ ਪਰੋਖੇ ਕੀਤਾ ਜਾ ਰਿਹਾ ਹੈ ਅਤੇ ਮੰਨੀਆਂ ਹੋਈਆਂ ਮੰਗਾਂ ਦੇ ਨੋਟੀਫਿਕੇਸ਼ਨ ਜਾਰੀ ਨਹੀ ਕੀਤੇ ਜਾ ਰਹੇ ਜਿਸਨੂੰ ਲੈ ਕੇ ਮੁਲਾਜ਼ਮ ਵਰਗ ਵਿੱਚ ਬਹੁਤ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨਾਂ ਆਖਿਆ ਕਿ ਦੂਜੇ ਪਾਸੇ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਮਾਰੂ ਕਾਲੇ ਕਾਨੂੰਨ ਲਾਗੂ ਕੀਤੇ ਜਾ ਰਹੇ ਹਨ ਜਿਸਨੂੰ ਲੈ ਕੇ ਕਿਸਾਨ ਸੜਕਾਂ ਤੇ ਉਤਰਨ ਲਈ ਮਜਬੂਰ ਹੋ ਚੁੱਕਿਆ ਹੈ। ਉਨਾਂ ਦੱਸਿਆ ਕਿ ਜਿੱਥੇ ਪੰਜਾਬ ਦੇ ਸਾਰੇ ਹੀ ਵਰਗਾਂ ਨੇ ਕਿਸਾਨਾਂ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਹਮਾਇਤ ਦਿੱਤੀ ਹੈ ਤਾਂ ਮੁਲਾਜ਼ਮਾਂ ਵੀ ਇਸ ਸੰਘਰਸ਼ ’ਚ ਸ਼ਾਮਲ ਹੋਣਗ। ਸੂਬਾ ਪ੍ਰਧਾਨ ਨੇ ਪੰਜਾਬ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਕਰ ਮੁਲਾਜਮ ਅਤੇ ਕਿਸਾਨ ਮਾਰੂ ਨੀਤੀਆਂ ਬੰਦ ਨਾਂ ਕੀਤੀਆਂ ਤਾਂ ਹਰੇਕ ਵਰਗ ਨੂੰ ਸਰਕਾਰ ਵਿਰੁੱਧ ਸੜਕਾਂ ਤੇ ਨਿੱਤਰੇਗਾ।