ਪਟਿਆਲਾ, 25 ਜਨਵਰੀ, 2017 : ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਅੱਜ ਨੌਜਵਾਨਾਂ ਨੂੰ ਪੰਜਾਬ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਪੂਰੇ ਉਤਸ਼ਾਹ ਨਾਲ ਸ਼ਾਮਲ ਹੋਣ ਅਤੇ ਸਭ ਤੋਂ ਵੱਡੀ ਲੋਕਤੰਤਰਿਕ ਪ੍ਰਣਾਲੀ ਵਿੱਚ ਭਾਗ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਵਾਰੀ 100 ਫੀਸਦੀ ਵੋਟਾਂ ਪੈਣ ਦਾ ਟੀਚਾ ਪੂਰਾ ਕੀਤਾ ਜਾਵੇ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸ਼੍ਰੀ ਗੁਰੂ ਤੇਗ ਬਹਾਦਰ ਹਾਲ ਵਿੱਚ ਕੌਮੀ ਵੋਟਰ ਦਿਵਸ ਦੇ ਅਵਸਰ 'ਤੇ ਕਰਵਾਏ ਗਏ ਰਾਜ ਪੱਧਰੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸ਼੍ਰੀ ਬਦਨੌਰ ਨੇ ਨੌਜਵਾਨ ਤੇ ਵਿਦਿਆਰਥੀ ਵਰਗ ਦੇ ਭਾਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਉਤਸ਼ਾਹ ਨਾਲ ਨਵੀਂ ਸਰਕਾਰ ਚੁਣਨ ਲਈ ਅਤੇ ਭਵਿੱਖ ਦੀਆਂ ਨੀਤੀਆਂ ਬਣਾਉਣ ਵਿੱਚ ਸ਼ਮੂਲੀਅਤ ਕਰਨ ਲਈ ਵੋਟਾਂ ਪਾਉਣ ਦਾ ਸੱਦਾ ਦਿੱਤਾ। ਸ਼੍ਰੀ ਬਦਨੌਰ ਨੇ ਕਿਹਾ ਕਿ 18 ਤੋਂ 19 ਸਾਲ ਦੀ ਉਮਰ ਵਰਗ ਦੇ ਨੌਜਵਾਨਾਂ ਦੀ ਚੋਣ ਪ੍ਰਕ੍ਰਿਆ ਵਿੱਚ ਸ਼ਮੂਲੀਅਤ ਘੱਟ ਹੋਣਾ ਇੱਕ ਚਿੰਤਾ ਦਾ ਵਿਸ਼ਾ ਹੈ। ਉਹਨਾਂ ਕਿਹਾ ਕਿ ਆਮ ਤੌਰ 'ਤੇ ਨੌਜਵਾਨ ਵਰਗ ਆਪਣੀ ਵੋਟ ਦੀ ਰਜਿਸਟਰੇਸ਼ਨ ਕਰਾਉਣ ਅਤੇ ਇਸ ਦੇ ਮਹੱਤਵ ਨੂੰ ਭੁੱਲ ਜਾਂਦਾ ਹੈ। ਪਰ ਇਸ ਵਾਰ ਇਹ ਵਰਗ ਕੁੱਲ ਵੋਟਾਂ ਦਾ 40 ਫੀਸਦੀ ਤੱਕ ਪੁੱਜ ਗਿਆ ਹੈ ਜਿਹੜਾ ਕਿ ਪਿਛਲੇ ਕੁਝ ਸਾਲ ਤੱਕ ਸਿਰਫ਼ 10 ਤੋਂ 15 ਫੀਸਦੀ ਤੱਕ ਹੀ ਹੋਇਆ ਕਰਦਾ ਸੀ। ਰਾਜਪਾਲ ਨੇ ਕਿਹਾ ਕਿ ਭਵਿੱਖ ਦੇ ਵੋਟਰਾਂ ਨੂੰ ਆਪਣੀਆਂ ਵੋਟਾਂ ਰਜਿਸਟਰਡ ਕਰਵਾਉਣ ਲਈ ਹੋਰ ਵਧੇਰੇ ਉਤਸ਼ਾਹਤ ਕਰਨ ਦੀ ਲੋੜ ਹੈ, ਇਸ ਮੌਕੇ ਸ਼੍ਰੀ ਬਦਨੌਰ ਨੇ ਨੌਜਵਾਨ ਵਰਗ ਨੂੰ ਬਿਨਾਂ ਕਿਸੇ ਡਰ, ਲਾਲਚ ਤੇ ਜਾਤਪਾਤ ਅਤੇ ਧਰਮ ਤੋਂ ਨਿਰਪੱਖ ਹੋ ਕੇ ਵੋਟ ਪਾਉਣ ਦੀ ਸਹੁੰ ਵੀ ਚੁਕਾਈ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ਼੍ਰੀ ਵੀ.ਕੇ. ਸਿੰਘ ਨੇ ਸਮਾਗਮ ਵਿੱਚ ਪੁੱਜੀਆਂ ਸਮੂਹ ਸਖਸ਼ੀਅਤਾਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਭਾਰਤ ਵਿਸ਼ਵ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਪਰ ਇਸ ਲੋਕਤੰਤਰ ਦੀ ਬਹਾਲੀ ਲਈ ਚੋਣ ਕਮਿਸ਼ਨ ਦਾ ਵੱਡਾ ਯੋਗਦਾਨ ਹੈ। ਉਹਨਾਂ ਕਿਹਾ ਕਿ ਚੋਣ ਕਮਿਸ਼ਨ ਦੀ ਚੌਕਸੀ ਕਾਰਨ ਹੁਣ ਵੋਟਰਾਂ ਨੂੰ ਡਰਾਉਣ, ਧਮਕਾਉਣ ਤੇ ਭਰਮਾਉਣ ਦਾ ਰੁਝਾਨ ਕਾਫ਼ੀ ਘਟਿਆ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਜਨਵਰੀ 2017 ਨੂੰ ਨਵੀਂ ਪ੍ਰਕਾਸ਼ਿਤ ਹੋਈ ਵੋਟਰ ਸੂਚੀ ਵਿੱਚ ਪੰਜਾਬ ਦੇ ਕੁੱਲ 1.97 ਕਰੋੜ ਵੋਟਰਾਂ ਵਿੱਚੋਂ 18 ਤੋਂ 19 ਸਾਲ ਵਰਗ ਦੇ ਨਵੇਂ 3 ਲੱਖ 43 ਹਜ਼ਾਰ ਵੋਟਰ ਰਜਿਸਟਰ ਹੋਏ ਹਨ। ਉਹਨਾਂ ਕਿਹਾ ਕਿ ਕੌਮੀ ਵੋਟਰ ਦਿਵਸ ਮਨਾਉਣ ਦਾ ਮਕਸਦ ਲੋਕਾਂ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਨਾ ਹੈ। ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਵੋਟ ਦੇ ਅਧਿਕਾਰ ਨੂੰ ਸਕੂਲਾਂ ਦੇ ਸਲੇਬਸ ਦਾ ਹਿੱਸਾ ਬਣਾਉਣ ਲਈ ਯਤਨ ਜਾਰੀ ਹਨ ਤਾਂ ਕਿ ਨੌਜਵਾਨਾਂ ਨੂੰ ਆਪਣੇ ਵੋਟ ਦੇ ਹੱਕ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਉਹਨਾਂ ਸਮੂਹ ਪੰਜਾਬੀਆਂ ਨੂੰ 4 ਫਰਵਰੀ ਨੂੰ ਹੋ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ: ਜਸਪਾਲ ਸਿੰਘ ਨੇ ਕਿਹਾ ਕਿ ਭਾਰਤ ਦੁਨੀਆਂ ਦੇ ਮੋਹਰੀ ਦੇਸ਼ਾਂ ਦੀ ਕਤਾਰ ਵਿੱਚ ਪੁੱਜਣ ਦਾ ਕਾਰਨ ਸਾਡੇ ਦੇਸ਼ ਵਿੱਚ ਲੰਮੇ ਸਮੇਂ ਤੋਂ ਲੋਕਾਂ ਵਿੱਚ ਲੋਕਤੰਤਰ ਦੀ ਰਵਾਇਤ ਤੇ ਅਨੇਕਤਾ ਵਿੱਚ ਏਕਤਾ ਦਾ ਪ੍ਰਗਟਾਵਾ ਹੈ। ਉਹਨਾਂ ਦੱਸਿਆ ਕਿ ਦੁਨੀਆਂ ਦਾ ਸਭ ਤੋਂ ਉੱਚਾ ਪੋਲਿੰਗ ਸਟੇਸ਼ਨ ਲੇਹ ਵਿਖੇ 15 ਹਜ਼ਾਰ ਫੁੱਟ ਦੀ ਉਚਾਈ 'ਤੇ ਹੈ ਅਤੇ ਦੁਨੀਆਂ ਦਾ ਸਭ ਤੋਂ ਵੱਡਾ ਤੇ ਸਭ ਤੋਂ ਛੋਟਾ ਲੋਕ ਸਭਾ ਹਲਕਾ ਵੀ ਭਾਰਤ ਵਿੱਚ ਹੋਣ ਦਾ ਰਿਕਾਰਡ ਹੈ। ਉਹਨਾਂ ਹਰੇਕ ਵਰਗ ਦੇ ਲੋਕਾਂ ਨੂੰ ਆਪਣੇ ਵੋਟ ਦੇ ਹੱਕ ਦੇ ਇਸਤੇਮਾਲ ਦਾ ਸੱਦਾ ਦਿੰਦਿਆ ਕਿਹਾ ਕਿ 4 ਫਰਵਰੀ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਵਧ ਚੜ੍ਹ ਕੇ ਹਿੱਸਾ ਲੈਣ।
ਚੋਣ ਕਮਿਸ਼ਨ ਵੱਲੋਂ ਨੌਜਵਾਨਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਤੌਰ 'ਤੇ ਭੇਜੇ ਆਪਣੇ ਬਰਾਂਡ ਅੰਬੈਸਡਰ ਅਤੇ ਉਲੰਪੀਅਲ ਸ਼੍ਰੀ ਅਭੀਨਵ ਬਿੰਦਰਾ ਨੇ ਕੌਮੀ ਵੋਟਰ ਦਿਵਸ ਦੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਦੀ ਮਜਬੂਤੀ ਲਈ 4 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾ ਦਾ ਹਿੱਸਾ ਜ਼ਰੂਰ ਬਣਨ।
ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਸਿਘ ਨੇ ਮਾਣਯੋਗ ਰਾਜਪਾਲ ਪੰਜਾਬ ਸ਼੍ਰੀ ਵੀ.ਪੀ. ਸਿੰਘ ਬਦਨੌਰ ਸਮੇਤ ਪੁੱਜੀਆਂ ਸਮੂਹ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਡੇ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਕੌਮੀ ਵੋਟਰ ਦਿਵਸ ਦਾ ਰਾਜ ਪੱਧਰੀ ਸਮਾਗਮ ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਾਨੂੰ ਇਹ ਪੂਰਾ ਵਿਸ਼ਵਾਸ਼ ਹੈ ਕਿ 4 ਫਰਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਵਿੱਚ ਬਾਕੀ ਵਰਗਾਂ ਦੇ ਨਾਲ-ਨਾਲ ਨੌਜਵਾਨ ਵਰਗ ਵੀ ਵਧ ਚੜ੍ਹ ਦੇ ਹਿੱਸਾ ਲਵੇਗਾ।
ਇਸ ਮੌਕੇ ਰਾਜਪਾਲ ਸ਼੍ਰੀ ਬਦਨੌਰ ਵੱਲੋਂ ਜਿੱਥੇ ਨੌਜਵਾਨ ਵਰਗ ਦੇ ਨਵੇਂ ਬਣੇ ਵੋਟਰਾਂ ਨੂੰ ਵੋਟਰ ਕਾਰਡ ਤਕਸੀਮ ਕੀਤੇ ਗਏ ਉੱਥੇ ਹੀ ਨਵੇਂ ਵੋਟਰਾਂ ਨੂੰ ਉਤਸ਼ਾਹਤ ਕਰਨ ਵਾਲੇ ਚੋਣ ਕਮਿਸ਼ਨ ਦੇ ਸਵੀਪ ਪ੍ਰੋਗਰਾਮ ਨੂੰ ਲਾਗੂ ਕਰਨ ਵਿੱਚ ਪਟਿਆਲਾ ਜ਼ਿਲ੍ਹੇ ਨੂੰ ਮੋਹਰੀ ਜ਼ਿਲ੍ਹਾ ਵੀ ਐਲਾਨਿਆ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਸ਼੍ਰੀ ਜਗਜੀਤ ਸਿੰਘ ਪੀ.ਸੀ.ਐਸ., ਬਿਹਤਰ ਬੂਥ ਲੈਵਲ ਅਫ਼ਸਰ ਵੱਲੋਂ ਪ੍ਰਾਇਮਰੀ ਹੈਲਥ ਸੈਂਟਰ ਮੁਕੰਦਪੁਰ (ਸ਼ਹੀਦ ਭਗਤ ਸਿਘ ਨਗਰ) ਦੇ ਕੰਪਿਊਟਰ ਅਪਰੇਟਰ ਸ੍ਰੀ ਚਮਨ ਲਾਲ, ਸਰਕਾਰੀ ਐਲੀਮੈਂਟਰੀ ਸਕੂਲ ਬਾੜਾ ਸੁਰਤਾਂਪੁਰ (ਰੂਪ ਨਗਰ) ਦੀ ਅਧਿਆਪਕਾ ਸ਼੍ਰੀਮਤੀ ਅਮਨਪ੍ਰੀਤ ਕੌਰ, ਜ਼ਿਲ੍ਹਾ ਫਿਰੋਜ਼ਪੁਰ ਦੀ ਆਂਗਨਵਾੜੀ ਵਰਕਰ ਸ਼੍ਰੀਮਤੀ ਸਰਬਜੀਤ ਕੌਰ ਅਤੇ ਕਈ ਹੋਰ ਵਿਦਿਆਰਥੀਆਂ ਤੇ ਸੰਸਥਾਵਾਂ ਨੂੰ ਵੀ ਸਨਮਾਨਿਤ ਕੀਤਾ।
ਇਸ ਮੌਕੇ ਅੰਮ੍ਰਿਤਸਰ ਦੇ ਸੋਹਲ ਗਰੁੱਪ ਵੱਲੋਂ ਨੌਜਵਾਨਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਕੋਰੀਓਗ੍ਰਾਫੀ ਕੀਤੀ ਅਤੇ ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਵੱਲੋਂ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਜਾਗੋ ਵੀ ਕੱਢੀ ਗਈ।
ਸਮਾਗਮ ਦੌਰਾਨ ਮਾਣਯੋਗ ਰਾਜਪਾਲ ਦੇ ਐਡੀਸ਼ਨਲ ਪ੍ਰਮੁੱਖ ਸਕੱਤਰ ਸ਼੍ਰੀ ਐਮ.ਪੀ. ਸਿੰਘ , ਵਧੀਕ ਮੁੱਖ ਚੋਣ ਅਧਿਕਾਰੀ ਸ਼੍ਰੀ ਸੀ. ਸਿੱਬਨ ਅਤੇ ਸ਼੍ਰੀ ਮਨਜੀਤ ਸਿੰਘ ਨਾਰੰਗ, ਡਵੀਜ਼ਨਲ ਕਮਿਸ਼ਨਰ ਸ਼੍ਰੀ ਸੁਮੇਰ ਸਿੰਘ ਗੁਰਜਰ, ਚੋਣ ਕਮਿਸ਼ਨ ਵੱਲੋਂ ਭੇਜੇ ਕਈ ਚੋਣ ਅਬਜਰਵਰ,ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਸਿੰਘ, ਐਸ.ਐਸ.ਪੀ. ਸ਼੍ਰੀ ਡਾ: ਐਸ.ਭੂਪਤੀ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਸੰਦੀਪ ਹੰਸ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਰਿਸ਼ੀ, ਐਸ.ਡੀ.ਐਮ. ਪਟਿਆਲਾ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਅਤੇ ਵੱਡੀ ਗਿਣਤੀ ਵਿੱਚ ਪੰਜਾਬੀ ਯੂਨੀਵਰਸਿਟੀ, ਵੱਖ-ਵੱਖ ਕਾਲਜਾਂ ਦੇ ਅਧਿਆਪਕ ਅਤੇ ਵਿਦਿਆਰਥੀ ਵੀ ਹਾਜ਼ਰ ਸਨ।