ਪੰਜਾਬ ਦੇ ਲੋਕ ਇਮਾਨਦਾਰ ਅਤੇ ਕੰਮ ਕਰਨ ਵਾਲੀ ਪਾਰਟੀ ਨੂੰ ਹੀ ਵੋਟ ਪਾਉਣਗੇ: ਮਨੀਸ਼ ਸਿਸੋਦੀਆ
- ਅਸੀਂ ਦਿੱਲੀ ਵਿੱਚ ਕੰਮ ਕੀਤਾ, ਪੰਜਾਬ ਵਿੱਚ ਵੀ ਚੰਗਾ ਕੰਮ ਕਰਾਂਗੇ: ਮਨੀਸ਼ ਸਿਸੋਦੀਆ
ਤਰਨਤਾਰਨ/ਅੰਮ੍ਰਿਤਸਰ, 17 ਫਰਵਰੀ 2022 - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀਰਵਾਰ ਨੂੰ ਤਰਨਤਾਰਨ ਵਿਧਾਨ ਸਭਾ ਹਲਕੇ ਦੇ ਉਮੀਦਵਾਰ ਡਾ. ਕਸ਼ਮੀਰ ਸਿੰਘ ਸੋਹਲ ਅਤੇ ਜੰਡਿਆਲਾ ਹਲਕੇ ਦੇ ਉਮੀਦਵਾਰ ਹਰਭਜਨ ਸਿੰਘ ਈਟੀਓ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ 'ਆਪ' ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।
ਲੋਕਾਂ ਨੂੰ ਸੰਬੋਧਨ ਕਰਦਿਆ ਸਿਸੋਦੀਆ ਨੇ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕ ਲੁੱਟ ਅਤੇ ਭ੍ਰਿਸ਼ਟਾਚਾਰ ਦੀ ਰਾਜਨੀਤੀ ਦਾ ਖਾਤਮਾ ਕਰਨਗੇ। ਲੋਕਾਂ ਨੇ ਇਮਾਨਦਾਰ ਅਤੇ ਕੰਮ ਕਰਨ ਵਾਲੀ ਪਾਰਟੀ ਨੂੰ ਵੋਟਾਂ ਪਾਉਣ ਦਾ ਮਨ ਬਣਾ ਲਿਆ ਹੈ। ਉਨਾਂ ਕਿਹਾ ਕਿ ਅਕਾਲੀ ਦਲ ਨੇ 26 ਸਾਲ ਅਤੇ ਕਾਂਗਰਸ 24 ਸਾਲ ਪੰਜਾਬ 'ਤੇ ਰਾਜ ਕੀਤਾ। ਦੋਵਾਂ ਪਾਰਟੀਆਂ ਨੇ ਵਾਰੀ ਵਾਰੀ ਪੰਜਾਬ ਦੇ ਸਾਧਨਾਂ ਨੂੰ ਲੁੱਟਿਆ ਅਤੇ ਸਰਕਾਰੀ ਖਜ਼ਾਨਾ ਖਾਲੀ ਕੀਤਾ।
ਪੰਜਾਬ ਦੇ ਲੋਕ ਦੋਵਾਂ ਪਾਰਟੀਆਂ ਦੀ ਲੁੱਟ ਤੋਂ ਤੰਗ ਆ ਚੁੱਕੇ ਹਨ। ਹੁਣ ਉਹ ਇਮਾਨਦਾਰ ਰਾਜਨੀਤੀ ਨੂੰ ਮੌਕਾ ਦੇਣਾ ਚਾਹੁੰਦੇ ਹਨ। ਸਿਸੋਦੀਆ ਨੇ ਦਾਅਵਾ ਕੀਤਾ ਕਿ ਦਿੱਲੀ ਦੇ ਲੋਕਾਂ ਨੇ 'ਆਪ' ਨੂੰ ਮੌਕਾ ਦਿੱਤਾ ਤਾਂ ਦਿੱਲੀ ਦੇ ਸਰਕਾਰੀ ਸਕੂਲ ਠੀਕ ਕੀਤੇ ਗਏ, ਸਰਕਾਰੀ ਹਸਪਤਾਲਾਂ ਦੀ ਹਾਲਤ ਠੀਕ ਕਰਕੇ ਲੋਕਾਂ ਨੂੰ ਮੁਫ਼ਤ ਅਤੇ ਚੰਗਾ ਇਲਾਜ ਦਿੱਤਾ ਗਿਆ। ਆਮ ਲੋਕਾਂ ਦੇ ਬਿਜਲੀ ਦੇ ਬਿਲ ਜ਼ੀਰੋ ਕੀਤੇ ਗਏ। ਹੁਣ ਪੰਜਾਬ ਦੀ ਵਾਰੀ ਹੈ। ਪੰਜਾਬ ਵਿੱਚ ਵੀ ਸਕੂਲ ਅਤੇ ਹਸਪਤਾਲ ਚੰਗੇ ਬਣਾਏ ਜਾਣਗੇ। ਦਿੱਲੀ ਦੀ ਤਰਾਂ ਪੰਜਾਬ ਵਿੱਚ ਵੀ ਚੰਗਾ ਕੰਮ ਕਰਕੇ ਦਿਖਾਇਆ ਜਾਵੇਗਾ।