ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼; 4 ਪਿਸਤੌਲਾਂ ਸਮੇਤ 1 ਕਾਬੂ
- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
- ਗ੍ਰਿਫ਼ਤਾਰ ਵਿਅਕਤੀ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਪੰਜਾਬ ਵਿੱਚ ਕਰਦਾ ਸੀ ਸਪਲਾਈ: ਡੀਜੀਪੀ ਗੌਰਵ ਯਾਦਵ
- ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਮੱਧ ਪ੍ਰਦੇਸ਼ ਅਧਾਰਿਤ ਹਥਿਆਰ ਤਸਕਰਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ: ਡੀਆਈਜੀ ਜੇ ਏਲੈਂਚੇਜ਼ੀਅਨ
ਚੰਡੀਗੜ੍ਹ, 16 ਅਗਸਤ 2024 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਅੰਤਰਰਾਜੀ ਸੰਗਠਿਤ ਹਥਿਆਰ ਤਸਕਰੀ ਰੈਕੇਟ ਚਲਾਉਣ ਵਾਲੇ ਵਿਅਕਤੀ ਨੂੰ ਵਿੱਚ ਕਾਬੂ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਚਾਰ .32 ਬੋਰ ਦੇ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।
ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਨੋਦ ਕੁਮਾਰ ਉਰਫ ਰਾਹੁਲ ਵਾਸੀ ਗਿਆਸਪੁਰਾ, ਲੁਧਿਆਣਾ ਵਜੋਂ ਹੋਈ ਹੈ। ਮੁਲਜ਼ਮ ਅਪਰਾਧਿਕ ਪਿਛੋਕੜ ਵਾਲਾ ਹੈ ਅਤੇ ਉਸ ਦੇ ਖਿਲਾਫ ਚੋਰੀ ਅਤੇ ਲੁੱਟ-ਖੋਹ ਦੇ ਮਾਮਲੇ ਦਰਜ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਸਐਸਓਸੀ ਅੰਮ੍ਰਿਤਸਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਗੋਲੀ ਸਿੱਕੇ ਦੀ ਸਪਲਾਈ ਕਰਨ ਵਾਲਾ ਮੁਲਜ਼ਮ ਵਿਨੋਦ ਅਪਰਾਧਿਕ ਤੱਤਾਂ ਨੂੰ ਹਥਿਆਰਾਂ ਦੀ ਖੇਪ ਪਹੁੰਚਾਉਣ ਲਈ ਲੁਧਿਆਣਾ ਤੋਂ ਖਰੜ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਐਸਐਸਓਸੀ ਦੀ ਪੁਲਿਸ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਵਿਨੋਦ ਕੁਮਾਰ ਨੂੰ ਘੜੂੰਆਂ, ਖਰੜ ਦੇ ਟੋਲ ਪਲਾਜ਼ਾ ਨੇੜਿਓਂ ਕਾਬੂ ਕਰਕੇ ਉਸ ਕੋਲੋਂ .32 ਬੋਰ ਦੇ ਦੋ ਪਿਸਤੌਲ ਬਰਾਮਦ ਕੀਤੇ। ਉਨ੍ਹਾਂ ਅੱਗੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਮੁਲਜ਼ਮ ਵੱਲੋਂ ਦੱਸੇ ਟਿਕਾਣੇ ਤੋਂ .32 ਬੋਰ ਦੇ ਦੋ ਹੋਰ ਪਿਸਤੌਲ ਬਰਾਮਦ ਕੀਤੇ ਗਏ।
ਡੀਜੀਪੀ ਨੇ ਦੱਸਿਆ ਕਿ ਇਹ ਮੁਲਜ਼ਮ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਤੋਂ ਇਲਾਵਾ ਵੱਖ-ਵੱਖ ਗਰੋਹਾਂ ਨੂੰ ਲੌਜਿਸਟਿਕ ਸਹਾਇਤਾ ਵੀ ਪ੍ਰਦਾਨ ਕਰ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਿਤ ਕਰਨ ਲਈ ਹੋਰ ਜਾਂਚ ਜਾਰੀ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ ਡੀਆਈਜੀ ਕਾਊਂਟਰ ਇੰਟੈਲੀਜੈਂਸ ਜੇ. ਏਲੈਂਚੇਜ਼ੀਅਨ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਲੁਧਿਆਣਾ ਜੇਲ੍ਹ ਵਿੱਚ ਸਜਾ ਦੌਰਾਨ ਜੇਲ ਵਿੱਚ ਬੰਦ ਅਤੇ ਬਾਹਰ ਬੈਠੇ ਗੈਂਗਸਟਰਾਂ ਦੇ ਸੰਪਰਕ ਵਿੱਚ ਆਇਆ ਸੀ ਅਤੇ ਹੁਣ ਉਹ ਉਨ੍ਹਾਂ ਗੈਂਗਸਟਰਾਂ ਲਈ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਖੇਪ ਲਿਆ ਕੇ ਸੂਬੇ ਵਿੱਚ ਕਾਰਜਸ਼ੀਲ ਵੱਖ-ਵੱਖ ਗਰੋਹਾਂ ਤੱਕ ਪਹੁੰਚਾਉਣ ਦਾ ਕੰਮ ਕਰ ਰਿਹਾ ਸੀ।
ਪੁੱਛਗਿੱਛ ਦੌਰਾਨ ਮੁਲਜ਼ਮ ਨੇ ਇਹ ਵੀ ਖੁਲਾਸਾ ਕੀਤਾ ਕਿ ਪਿਛਲੇ ਇੱਕ ਮਹੀਨੇ ਦੌਰਾਨ ਉਹ ਗੈਰ-ਕਾਨੂੰਨੀ ਹਥਿਆਰਾਂ ਦੀਆਂ ਦੋ ਵੱਡੀਆਂ ਖੇਪਾਂ ਲਿਆ ਚੁੱਕਾ ਹੈ ਜੋ ਕਿ ਉਸਨੇ ਪਿੰਡ ਜਸੌਂਦੀ, ਬੁਰਹਾਨਪੁਰ, ਮੱਧ ਪ੍ਰਦੇਸ਼ ਤੋਂ ਲਿਆ ਕੇ ਮੋਹਾਲੀ ਖੇਤਰ ਵਿੱਚ ਸਪਲਾਈ ਕੀਤੀਆਂ ਸਨ।
ਇਸ ਸਬੰਧੀ ਐਫਆਈਆਰ ਨੰ. 15 ਮਿਤੀ 13.08.2024 ਨੂੰ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਥਾਣਾ ਐਸਐਸਓਸੀ, ਐਸਏਐਸ ਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।