ਅਸ਼ੋਕ ਵਰਮਾ
ਬਠਿੰਡਾ, 20 ਅਕਤੂਬਰ 2020 - ਪੰਜਾਬ ਸਰਕਾਰ ਵੱਲੋਂ ਕਿਸਾਨੀ, ਆੜਤ ਅਤੇ ਮਜਦੂਰੀ ਨੂੰ ਬਚਾਉਣ ਲਈ ਲਿਆਂਦੇ ਗਏ ਤਿੰਨ ਬਿੱਲਾਂ ਦਾ ਕਿਸਾਨਾਂ, ਆੜਤੀਆਂ ਅਤੇ ਮਜਦੂਰਾਂ ਨੇ ਸਮਰਥਨ ਕੀਤਾ ਹੈ ਅਤੇ ਇਸ ਫੈਸਲੇ ਨੂੰ ਇਹਨਾਂ ਤਿੰਨਾਂ ਵਰਗਾਂ ਨੂੰ ਬਚਾਉਣ ਵਾਲਾ ਕਰਾਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਕੋਟਫੱਤਾ ਦੇ ਪ੍ਰਧਾਨ ਧਰਮਜੀਤ ਸਿੰਘ ਨੇ ਮੁੱਖ ਮੰਤਰੀ, ਕੈਪਟਨ ਅਮਰਿੰਦਰ ਸਿੰਘ ਦੀ ਪ੍ਰਸ਼ੰਸਾ ਕਰਦਿਆ ਕਿਹਾ ਕਿ ਵਿਧਾਨ ਸਭਾ ਚ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਦੇ ਇਸ ਦਲੇਰਾਨਾ ਕਦਮ ਨਾਲ ਸੂਬੇ ਵਿੱਚ ਕਿਸਾਨੀ, ਆੜਤ ਅਤੇ ਮਜਦੂਰੀ ਬਚ ਜਾਵੇਗੀ। ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੇ ਇਹ ਬਿੱਲ ਖਪਤਕਾਰਾਂ ਨੂੰ ਅਨਾਜ ਦੀ ਜਮਾਂਖੋਰੀ ਤੇ ਕਾਲਾਬਾਜਾਰੀ ਤੋਂ ਵੀ ਬਚਾਉਣਗੇ।
ਬਠਿੰਡਾ ਦੀ ਮੁੱਖ ਦਾਣਾ ਮੰਡੀ ਵਿਚ ਮੌਜੂਦ ਹੋਰਨਾਂ ਕਿਸਾਨਾਂ ਨੇ ਕਿਹਾ ਕਿ ਪੇਸ ਕੀਤੇ ਗਏ ਬਿੱਲ “ਕਿਸਾਨ ਵਪਾਰ ਅਤੇ ਵਣਜ ਦੀਆਂ ਵਿਸੇਸ ਵਿਵਸਥਾਵਾਂ ਅਤੇ ਪੰਜਾਬ ਸੋਧ ਬਿੱਲ, 2020 ਇਹ ਯਕੀਨੀ ਬਣਾਉਂਦਾ ਹੈ ਕਿ ਕਣਕ ਜਾਂ ਝੋਨੇ ਦੀ ਕੋਈ ਵੀ ਵਿਕਰੀ ਜਾਂ ਖਰੀਦ ਯੋਗ ਨਹੀਂ ਹੋਵੇਗੀ ਜਦ ਤੱਕ ਇਸਦੀ ਅਦਾ ਕੀਤੀ ਕੀਮਤ ਐਮਐਸਪੀ ਦੇ ਬਰਾਬਰ ਜਾਂ ਵੱਧ ਨਹੀਂ ਹੁੰਦੀ। ਐਮਐਸਪੀ ਤੋਂ ਘੱਟ ਖਰੀਦਣ ਵਾਲਾ ਕੋਈ ਵੀ ਹੋਵੇ ਉਸਨੂੰ ਤਿੰਨ ਸਾਲ ਦੀ ਕੈਦ ਦੀ ਸਜਾ ਹੋਵੇਗੀ।
ਦੱਸਣਯੋਗ ਹੈ ਕਿ ਬਿੱਲ 2 “ਜਰੂਰੀ ਚੀਜਾਂ ਦੀ ਵਿਸ਼ੇਸ਼ ਵਿਵਸਥਾ ਅਤੇ ਪੰਜਾਬ ਸੋਧ ਬਿੱਲ“ ਖਪਤਕਾਰਾਂ ਨੂੰ ਅਨਾਜ ਦੀ ਜਮਾਂਖੋਰੀ ਤੇ ਕਾਲਾਬਾਜਾਰੀ ਤੋੰ ਬਚਾਉਂਦਾ ਹੈ ਅਤੇ ਕਿਸਾਨਾਂ ਅਤੇ ਖੇਤ ਮਜਦੂਰਾਂ ਦੀ ਰੋਜੀ-ਰੋਟੀ ਦੀ ਰੱਖਿਆ ਕਰਦਾ ਹੈ।ਇਸੇ ਤਰਾਂ ਬਿੱਲ ਨੰਬਰ 3 ਮੁੱਲ ਅਸੋਰੈਂਸ ਅਤੇ ਫਾਰਮ ਸੇਵਾਵਾਂ ਬਿੱਲ, 2020 ਤਹਿਤ ਕਣਕ ਤੇ ਝੋਨੇ ਦੀ ਕੋਈ ਵੀ ਖਰੀਦ ਜਾਂ ਵਿਕਰੀ ਐਮਐਸਪੀ ਤੋਂ ਹੇਠਾਂ ਨਾ ਹੋਵੇ ਅਤੇ ਜੇਕਰ ਕੋਈ ਸੰਸਥਾ ਇਸ ਤਰਾਂ ਕਰਦੀ ਹੈ ਤਾਂ ਉਸਨੂੰ ਤਿੰਨ ਸਾਲ ਦੀ ਸਜਾ ਹੋਵੇਗੀ।