ਅੰਮ੍ਰਿਤਸਰ, 23 ਅਗਸਤ, 2016 : ਕੌਮ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹਵਾਲਾ ਦੇ ਕੇ ਪੰਜ ਪਿਆਰਿਆਂ ਨੇ ਆਪਣੇ ਇਕ ਆਦੇਸ਼ 'ਚ ਸਮੂਹ ਪੰਥਕ ਜਥੇਬੰਦੀਆਂ ਕੋਲੋਂ ਇਕ ਪਲੇਟਫਾਰਮ 'ਤੇ ਲਿਆਉਣ ਲਈ ਆਪਣੀ ਈ-ਮੇਲ ਦੇ ਕੇ ਏਕਤਾ ਸਬੰਧੀ ਸੁਝਾਅ ਮੰਗੇ ਹਨ। ਪੰਜ ਪਿਆਰਾ ਭਾਈ ਸਤਨਾਮ ਸਿੰਘ, ਭਾਈ ਮੰਗਲ ਸਿੰਘ, ਭਾਈ ਸਤਨਾਮ ਸਿੰਘ, ਭਾਈ ਮੇਜਰ ਸਿੰਘ, ਭਾਈ ਤਰਲੋਕ ਸਿੰਘ ਦੇ ਦਸਤਖਤਾਂ ਹੇਠ ਜਾਰੀ ਇਕ ਆਦੇਸ਼ 'ਚ ਲਿਖਿਆ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਪੰਥ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਨਾਲ ਉਨ੍ਹਾਂ ਦਾ ਸੰਪਰਕ ਬਣਿਆ ਹੋਇਆ ਹੈ। ਜਥੇਬੰਦੀਆਂ ਅਤੇ ਸਿੱਖ ਸੰਗਤਾਂ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋ ਰਹੀ ਨਿਰਾਦਰੀ ਨੂੰ ਲੈ ਕੇ ਨਿਰਾਸ਼ਾ ਦਾ ਆਲਮ ਹੈ ਅਤੇ ਉਨ੍ਹਾਂ ਦੇ ਹਿਰਦੇ ਵਲੂੰਧਰੇ ਪਏ ਹਨ। ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਸਰਵਉੱਚਤਾ, ਪ੍ਰਭੂਸਤਾ ਅਤੇ ਮੀਰੀ-ਪੀਰੀ ਦੇ ਸਿਧਾਂਤ 'ਤੇ ਪਹਿਰਾ ਦੇਣ ਵਾਲੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਇਸ ਗੱਲ ਤੋਂ ਚਿੰਤਤ ਹਨ ਕਿ ਪੰਥਕ ਸ਼ਕਤੀ ਦਾ ਕੇਂਦਰੀਕਰਨ ਨਹੀਂ ਹੋ ਰਿਹਾ। ਪੰਥਕ ਏਕਤਾ ਵੱਲ ਕਦਮ ਪੁੱਟਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਏਕਤਾ ਬਗੈਰ ਪੰਥਕ ਸ਼ਕਤੀ ਦਾ ਪ੍ਰਗਟਾਵਾ ਨਹੀਂ ਹੋ ਸਕਦਾ। ਪੰਥਕ ਜਥੇਬੰਦੀਆਂ ਦੀਆਂ ਭਾਵਨਾਵਾਂ ਅਤੇ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਪੰਜ ਸਿੰਘਾਂ ਵੱਲੋਂ ਸਮੂਹ ਪੰਥਕ ਜਥੇਬੰਦੀਆਂ ਨੂੰ ਏਕਤਾ ਦੀ ਅਪੀਲ ਕੀਤੀ ਜਾਂਦੀ ਹੈ। ਉਨ੍ਹਾਂ ਨੇ ਕਿਸੇ ਸਿਆਸੀ ਪਾਰਟੀ ਦਾ ਨਾਂ ਲਏ ਬਿਨਾਂ ਕਿਹਾ ਕਿ ਉਨ੍ਹਾਂ ਨੂੰ ਵੀ ਪੰਥਕ ਏਕਤਾ ਵੱਲ ਹੱਥ ਅੱਗੇ ਵਧਾਉਣਾ ਪਵੇਗਾ।