ਪੱਛਮੀ ਬੰਗਾਲ ਵਿੱਚ ਬੀਜੇਪੀ ਦੀ ਹੋਈ ਹਾਰ ’ਤੇ ਪੰਜਾਬ ਦੇ ਕਿਸਾਨਾਂ ’ਚ ਖੁਸ਼ੀ ਦੀ ਲਹਿਰ
ਕਮਲਜੀਤ ਸਿੰਘ ਸੰਧੂ
ਬਰਨਾਲਾ, 2 ਮਈ 2021 - ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਦਿੱਲੀ ਦੀਆਂ ਹੱਦਾਂ ’ਤੇ ਜਾਰੀ ਹੈ। ਇਸੇ ਦਰਮਿਆਨ ਅੱਜ ਪੰਜ ਰਾਜਾਂ ’ਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਸਾਹਮਣੇ ਆਏ ਹਨ। ਜਿਹਨਾਂ ਵਿੱਚੋਂ ਮੁੱਖ ਤੌਰ ’ਤੇ ਦੇਸ਼ ਭਰ ਦੇ ਲੋਕਾਂ ਸਮੇਤ ਪੰਜਾਬ ਦੇ ਕਿਸਾਨਾਂ ਦੀਆਂ ਨਜ਼ਰਾਂ ਪੱਛਮੀ ਬੰਗਾਲ ਦੇ ਚੋਣ ਨਤੀਜਿਆਂ ’ਤੇ ਟਿਕੀਆਂ ਹੋਈਆਂ ਸਨ। ਅੱਜ ਪੱਛਮੀ ਬੰਗਾਲ ਵਿੱਚ ਬੀਜੇਪੀ ਦੀ ਹੋਈ ਹਾਰ ’ਤੇ ਪੰਜਾਬ ਦੇ ਕਿਸਾਨਾਂ ’ਚ ਖੁਸ਼ੀ ਦੀ ਲਹਿਰ ਹੈ। ਕਿਉਂਕਿ ਸੰਯੁਕਤ ਕਿਸਾਨ ਮੋਰਚੇ ਦੇ ਕਿਸਾਨ ਆਗੂ ਬੀਜੇਪੀ ਨੂੰ ਵੋਟ ਨਾ ਦੇਣ ਲਈ ਬੰਗਾਲ ਦੇ ਲੋਕਾਂ ਨੂੰ ਅਪੀਲ ਕਰਨ ਗਏ ਸਨ।
ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਬੀਜੇਪੀ ਦੀ ਪੱਛਮੀ ਬੰਗਾਲ ਵਿੱਚ ਹਾਰ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਅਤੇ ਫ਼ਿਰਕੂ ਨੀਤੀਆਂ ਦੀ ਹਾਰ ਹੈ। ਇਸ ਹਾਰ ਨਾਲ ਸੰਯੁਕਤ ਕਿਸਾਨ ਮੋਰਚੇ ਦੀ ਵੱਡੀ ਜਿੱਤ ਹੋਈ ਹੈ। ਕਿਉਂਕਿ ਕਿਸਾਨ ਮੋਰਚੇ ਦੇ ਆਗੂ ਪੱਛਮੀ ਬੰਗਾਲ ਵਿੱਚ ਬੀਜੇਪੀ ਨੂੰ ਨਾ ਵੋਟ ਪਾਉਣ ਦੀ ਅਪੀਲ ਕਰਨ ਗਏ ਸਨ। ਜਿਸਦਾ ਅਸਰ ਇਹਨਾਂ ਚੋਣਾਂ ਵਿੱਚ ਦੇਖਣ ਨੂੰ ਮਿਲਿਆ ਹੈ। ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨ ਬਣਾ ਕੇ ਦੇਸ਼ ਦੀ ਖੇਤੀ ਅਤੇ ਕਿਸਾਨੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸਦਾ ਹੋਕਾ ਬੰਗਾਲ ਵਿੱਚ ਕਿਸਾਨ ਆਗੂਆਂ ਵਲੋਂ ਦਿੱਤਾ ਗਿਆ। ਜਿਸ ’ਤ ਬੰਗਾਲ ਦੇ ਕਿਸਾਨਾਂ ਨੇ ਖਾਸ ਧਿਆਨ ਦੇ ਕੇ ਬੀਜੇਪੀ ਨੂੰ ਵੋਟ ਨਹੀਂ ਦਿੱਤੀ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਜਿੱਥੇ ਚੋਣਾਂ ਹੋਣਗੀਆਂ, ਸੰਯੁਕਤ ਕਿਸਾਨ ਮੋਰਚੇ ਦੇ ਆਗੂ ਉਥੇ ਬੀਜੇਪੀ ਦਾ ਵਿਰੋਧ ਕਰਨ ਜਾਣਗੇ। ਖੇਤੀ ਕਾਨੂੰਨ ਰੱਦ ਹੋਣ ਤੱਕ ਉਹਨਾਂ ਦਾ ਸੰਘਰਸ਼ ਜਾਰੀ ਰਹੇਗਾ।