ਫਤਹਿਗੜ੍ਹ ਸਾਹਿਬ: ਨਾਮਜ਼ਦਗੀਆਂ ਦੇ ਆਖਰੀ ਦਿਨ 9 ਉਮੀਦਵਾਰਾਂ ਨੇ ਭਰੇ ਕਾਗਜ
ਦੀਦਾਰ ਗੁਰਨਾ
- ਕੁੱਲ 23 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਕਰਵਾਏ ਦਾਖਲ
- ਜਿਲਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਵਾਇਆ ਜਾਣੂ
ਫ਼ਤਹਿਗੜ੍ਹ ਸਾਹਿਬ 14 ਮਈ 2024 - ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਲੋਕ ਸਭਾ ਚੋਣ ਹਲਕਾ 08 ਫਤਿਹਗੜ੍ਹ ਸਾਹਿਬ (ਅ:ਜ:) ਤੋਂ ਅੱਜ 09 ਉਮੀਦਵਾਰਾਂ ਨੇ ਜਿਲਾ ਚੋਣ ਅਫਸਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਕੋਲ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ। ਅੱਜ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰ ਸਿੰਘ, ਉਹਨਾਂ ਦੇ ਕਵਰਿੰਗ ਕੈਂਡੀਡੇਟ ਵਜੋਂ ਉਹਨਾਂ ਦੇ ਸੁਪੱਤਰ ਕਾਮਿਲ ਅਮਰ ਸਿੰਘ, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੇਜਾ ਰਾਮ ਅਤੇ ਉਨ੍ਹਾ ਦੇ ਕਵਰਿੰਗ ਕੈਂਡੀਡੇਟ ਵਜੋਂ ਉਨ੍ਹਾਂ ਦੀ ਧਰਮ ਪਤਨੀ ਲਤਾ ਦੇਵੀ, ਬਹੁਜਨ ਸਮਾਜ ਪਾਰਟੀ ਦੇ ਕਵਰਿੰਗ ਉਮੀਦਵਾਰ ਗੁਰਪ੍ਰੀਤ ਸਿੰਘ, ਸੱਚੋ ਸੱਚ ਪਾਰਟੀ ਦੇ ਉਮੀਦਵਾਰ ਵਜੋਂ ਕਮਲਜੀਤ ਕੌਰ, ਪੰਜਾਬ ਨੈਸ਼ਨਲ ਪਾਰਟੀ ਤੋਂ ਨਾਇਬ ਸਿੰਘ, ਆਜਾਦ ਉਮੀਦਵਾਰ ਸੁੱਖਰਾਮ ਅਤੇ ਨਿਰਮਲ ਸਿੰਘ ਨੇ ਆਪਣੇ ਕਾਗਜ਼ ਦਾਖਲ ਕੀਤੇ। ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ 14 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਸਨ, ਇਸ ਤਰ੍ਹਾਂ ਹੁਣ ਤੱਕ 23 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਚੁੱਕੇ ਹਨ।
ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਨੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਨਵੀਆਂ ਹਦਾਇਤਾਂ ਅਨੁਸਾਰ ਉਮੀਦਵਾਰ ਆਪਣੇ ਚੋਣ ਪ੍ਰਚਾਰ ਤੇ 95 ਲੱਖ ਤੋਂ ਵੱਧ ਦੀ ਰਕਮ ਖਰਚ ਨਹੀਂ ਕਰ ਸਕਦੇ ਅਤੇ 20 ਹਜਾਰ ਤੋਂ ਵੱਧ ਦੀ ਅਦਾਇਗੀ ਕੇਵਲ ਚੈੱਕਾਂ ਰਾਹੀਂ ਹੀ ਕੀਤੀ ਜਾ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਖਰਚੇ ਦਾ ਪੂਰਾ ਰਿਕਾਰਡ ਰੱਖਣਾ ਜਰੂਰੀ ਹੈ ਅਤੇ ਸਾਰੇ ਖਰਚ ਬਾਰੇ "ਖਰਚਾ ਰਜਿਸਟਰ" ਵਿੱਚ ਇੰਦਰਾਜ ਹੋਣਾ ਚਾਹੀਦਾ ਹੈ ਤਾਂ ਜੋ ਕਿਸੇ ਕਿਸਮ ਦੀ ਪਰੇਸ਼ਾਨੀ ਪੇਸ਼ ਨਾ ਆਵੇ। ਉਹਨਾਂ ਉਮੀਦਵਾਰਾਂ ਨੂੰ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ ਕਰਨ ਦੇ ਨਾਲ ਹੀ ਆਦਰਸ਼ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ ਇਸ ਲਈ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।ਜ਼ਿਲ੍ਹਾ ਚੋਣ ਅਫਸਰ ਨੇ ਉਮੀਦਵਾਰਾਂ ਨੂੰ ਦੱਸਿਆ ਕਿ 15 ਮਈ ਨੂੰ ਨਾਮਜਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਅਤੇ 17 ਮਈ ਨੂੰ ਨਾਮਜਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ।