ਫਿਰੋਜ਼ਪੁਰ 4 ਅਪ੍ਰੈਲ 2020 : ਫਰਵਰੀ ਤੇ ਮਾਰਚ ਮਹੀਨੇ ਦੀ ਪੈਨਸ਼ਨ ਨਾ ਮਿਲਣ ਕਾਰਨ ਫਿਰੋਜ਼ਪੁਰ ਜ਼ਿਲ੍ਹੇ ਦੇ ਪੰਚਾਇਤੀ ਰਾਜ ਦੇ ਪੈਨਸ਼ਨਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀਜ਼, ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਅੱਜ ਹਰਭਗਵਾਨ ਕੰਬੋਜ਼, ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਵਿਚ ਕੀਤੀ ਗਈ। ਮੀਟਿੰਗ ਵਿਚ ਬੂਟਾ ਸਿੰਘ ਮੀਤ ਪ੍ਰਧਾਨ, ਰਮੇਸ਼ ਕੁਮਾਰ ਭੱਟੀ, ਮੋਹਨ ਲਾਲ ਵੈਟਨਰੀ ਹਸਪਤਾਲ ਮੁੱਦਕੀ, ਤਰਲੋਕ ਸਿੰਘ ਸੀਨੀਅਰ ਮੀਤ ਪ੍ਰਧਾਨ ਹਾਜ਼ਰ ਹੋਏ। ਮੀਟਿੰਗ ਵਿਚ ਇਹ ਵੀ ਮੰਗ ਕੀਤੀ ਗਈ ਕਿ 11 ਫਰਵਰੀ ਨੂੰ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਵਿਚ ਹੋਈ ਮੀਟਿੰਗ ਵਿਚ ਮੰਨੀਆਂ ਗਈਆਂ ਮੰਗਾਂ ਜਿਵੇਂ ਕਿ ਐੱਲਟੀਸੀ, ਸਰਕਾਰੀ ਕਰਮਚਾਰੀਆਂ ਵਾਂਗ 75 ਸਾਲ ਤੇ 80 ਸਾਲ ਦੀ ਉਮਰ ਹੋਣ ਤੇ ਮਿਲਦਾ ਲਾਭ ਵੀ ਨਹੀਂ ਦਿੱਤਾ ਗਿਆ ਤੇ ਨਾ ਹੀ ਪੈਨਸ਼ਨ ਪਹਿਲੀ ਤਾਰੀਖ ਨੂੰ ਪੈਨਸ਼ਨਰਾਂ ਦੇ ਬੈਂਕ ਖਾਤਿਆਂ ਵਿਚ ਪਾਈ ਜਾਂਦੀ ਹੈ। ਉਨ੍ਹਾਂ ਆਖਿਆ ਕਿ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਜ਼ਿਲ੍ਹਾ ਪ੍ਰਧਾਨ ਹਰਭਗਵਾਨ ਕੰਬੋਜ਼ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਅਪੀਲ ਕੀਤੀ ਕਿ ਅੱਜ ਸਾਰਾ ਦੇਸ਼ ਕੋਰੋਨਾ ਵਾਇਰਸ ਵਰਗੀ ਨਾ ਮੁਰਾਦ ਬਿਮਾਰੀ ਨਾਲ ਜੂਝ ਰਿਹਾ ਹੈ। ਅਜਿਹੇ ਸਮੇਂ ਵਿਚ ਪੰਚਾਇਤੀ ਕਾਮਿਆਂ ਨੂੰ ਬਿਨਾ ਦੇਰੀ ਤੋਂ ਪੈਨਸ਼ਨ ਰਿਲੀਜ਼ ਕੀਤੀ ਜਾਵੇ ਤਾਂ ਜੋ ਉਹ ਆਪਣੇ ਪਰਿਵਾਰਾਂ ਅਤੇ ਦਵਾਈ ਦਾਰੂ ਚਾਲੂ ਰੱਖ ਕੇ ਪਾਲਣ ਪੋਸ਼ਣ ਚੰਗੀ ਤਰ੍ਹਾਂ ਕਰ ਸਕਣ।