← ਪਿਛੇ ਪਰਤੋ
ਦੇਵਾ ਨੰਦ ਸ਼ਰਮਾ
ਫਰੀਦਕੋਟ, 11 ਅਪ੍ਰੈਲ 2020 - ਫਰੀਦਕੋਟ ਸ਼ਹਿਰ ਦੀ ਮਿਸਤਰੀਆਂ ਵਾਲੀ ਗਲੀ ਵਿੱਚ ਦੂਜਾ ਕੋਰੋਨਾ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਵਿਸ਼ੇਸ਼ ਯਤਨ ਆਰੰਭੇ ਗਏ ਹਨ ਅਤੇ ਸਿਹਤ ਵਿਭਾਗ ਵੱਲੋਂ ਇਸ ਮਰੀਜ਼ ਦੇ ਸੰਪਰਕ ਵਿਚ ਆਏ ਵੱਖ ਵੱਖ ਲੋਕਾਂ ਦੇ ਸੈਂਪਲ ਇਕੱਤਰ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਪਹਿਲਾਂ ਮਿਸਤਰੀਆਂ ਵਾਲੀ ਗਲੀ ਇਲਾਕੇ ਨੂੰ ਕੰਟੋਨਮੈਂਟ ਏਰੀਆ ਘੋਸ਼ਿਤ ਕਰਕੇ ਸੀਲ ਕੀਤਾ ਗਿਆ ਸੀ ,ਪਰ ਹੁਣ ਇਸ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਲੱਸਟਰ ਜ਼ੋਨ ਘੋਸ਼ਿਤ ਕੀਤਾ ਗਿਆ ਹੈ ਤੇ ਉਸ ਅਨੁਸਾਰ ਇਲਾਕੇ ਵਿੱਚੋਂ ਲੋਕਾਂ ਦੇ ਸੈਂਪਲ ਲਏ ਜਾਣਗੇ ਅਤੇ ਹੋਰ ਲੋੜੀਂਦੀ ਕਾਰਵਾਈ ਆਰੰਭੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਜਿਹੜੇ ਲੋਕ ਇਸ ਮਰੀਜ਼ ਦੇ ਸੰਪਰਕ ਵਿੱਚ ਆਏ ਹਨ ਉਹ ਸਿਹਤ ਵਿਭਾਗ ਨੂੰ ਸੂਚਿਤ ਕਰਨ ਤਾਂ ਜੋ ਉਨ੍ਹਾਂ ਦੇ ਨਮੂਨੇ ਜਾਂਚ ਲਈ ਇਕੱਤਰ ਕੀਤੇ ਜਾ ਸਕਣ ਅਤੇ ਇਸ ਮਹਾਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਫ਼ਰੀਦਕੋਟ ਜ਼ਿਲ੍ਹੇ ਵਿੱਚ ਤਿੰਨ ਕੋਰੋਨਾ ਪਾਜਟਿਵ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਦਾ ਇਲਾਜ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਚੱਲ ਰਿਹਾ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਭਿਆਨਕ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਦੇਣ ਅਤੇ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਅਨੁਸਾਰ ਚੱਲਣ। ਉਨ੍ਹਾ ਲੋਕਾਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਵੀ ਅਪੀਲ ਕੀਤੀ।
Total Responses : 267