ਦੇਵਾ ਨੰਦ ਸ਼ਰਮਾ
- ਵੱਖ-ਵੱਖ ਥਾਵਾਂ ਨੂੰ ਕੀਤਾ ਜਾ ਰਿਹਾ ਹੈ ਸੈਨੇਟਾਈਜ਼
- ਕਰੋਨਾ ਵਾਇਰਸ ਨੂੰ ਠੱਲ੍ਹ ਪਾਉਣ ਲਈ ਸਰਕਾਰ ਨੂੰ ਪੂਰਨ ਸਹਿਯੋਗ ਦੇਣ ਲੋਕ
ਫਰੀਦਕੋਟ, 14 ਅਪ੍ਰੈਲ 2020 - ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਵੱਲੋਂ ਵੱਖ-ਵੱਖ ਕਦਮ ਚੁੱਕੇ ਜਾ ਰਹੇ ਹਨ ਤੇ ਇਨ੍ਹਾਂ ਕਦਮਾਂ ਦੀ ਲੜੀ ਤਹਿਤ ਜ਼ਿਲ੍ਹੇ ਵਿੱਚ ਵਿਸ਼ੇਸ਼ ਸੈਨੇਟਾਈਜ਼ੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ ਇਸੇ ਲੜੀ ਤਹਿਤ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਪਿੰਡਾਂ ਨੂੰ ਵੀ ਸੈਨੇਟਾਈਜ਼ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਫਰੀਦਕੋਟ ਨੇ ਦੱਸਿਆ ਕਿ ਹੁਣ ਤੱਕ ਫਰੀਦਕੋਟ ਸ਼ਹਿਰ ਨੂੰ ਦੋ ਵਾਰ ਸੈਨੇਟਾਈਜ਼ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਜੋ ਵੀ ਫੈਸਲੇ ਲਏ ਜਾ ਰਹੇ ਹਨ, ਉਹ ਲੋਕਾਂ ਦੀ ਭਲਾਈ ਲਈ ਹੀ ਲਏ ਜਾ ਰਹੇ ਹਨ, ਜਿਨ੍ਹਾਂ ਸਬੰਧੀ ਲੋਕਾਂ ਵੱਲੋਂ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਕਰੋਨਾ ਨਾਮਕ ਗੰਭੀਰ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਬਿਮਾਰੀ ਤੋਂ ਬਚਾਅ ਦੇ ਮੱਦੇਨਜ਼ਰ ਵਿਸ਼ੇਸ਼ ਸੈਨੇਟਾਈਜ਼ੇਸ਼ਨ ਮੁਹਿੰਮ ਚਲਾ ਕੇ ਵੱਖ-ਵੱਖ ਥਾਵਾਂ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ ਅਤੇ ਵੱਖ-ਵੱਖ ਸੰਚਾਰ ਸਾਧਨਾਂ ਰਾਹੀਂ ਲੋਕਾਂ ਨੂੰ ਕੋਰੋਨਾ ਵਾਇਰਸ ਤੋ ਬਚਾਅ ਸਬੰਧੀ ਵੱਧ ਤੋਂ ਵੱਧ ਸਾਫ ਸਫਾਈ ਰੱਖਣ ਲਈ ਵੀ ਪ੍ਰੇਰਿਆ ਜਾ ਰਿਹਾ ਹੈ। ਕੁਮਾਰ ਸੌਰਭ ਰਾਜ ਲੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਇਆ ਜਾਵੇ। ਖੰਘ ਜਾਂ ਛਿੱਕਣ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕਿਆ ਜਾਵੇ ਕਿਉਂਕਿ ਇਹ ਬਿਮਾਰੀ ਇੱਕ ਪੀੜਤ ਵਿਅਕਤੀ ਤੋਂ ਤੰਦਰੁਸਤ ਵਿਅਕਤੀ ਨੂੰ ਥੁੱਕਣ ਰਾਹੀਂ ਫੈਲਦੀ ਹੈ। ਇਸ ਲਈ ਫਲੂ ਵਰਗੇ ਲੱਛਣਾਂ ਵਾਲੇ ਵਿਅਕਤੀ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੀ ਜਾਵੇ। ਕਿਸੇ ਵੀ ਵਿਅਕਤੀ ਨਾਲ ਹੱਥ ਨਾ ਮਿਲਾਇਆ ਜਾਵੇ।
ਇਸ ਮੌਕੇ ਚੀਫ਼ ਸੈਕਟਰੀ ਇੰਸਪੈਕਟਰ ਹਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਫਰੀਦਕੋਟ ਸ਼ਹਿਰ ਨੂੰ ਤੀਸਰੇ ਰਾਊਂਡ ਵਿਚ ਜਿਹੜੀਆਂ ਥਾਵਾਂ ਰਹਿ ਗਈਆਂ ਹਨ, ਉਨ੍ਹਾਂ ਤੇ ਛਿੜਕਾਅ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੱਲ ਮਿਤੀ 15-04-2020 ਤੋਂ ਸ਼ਹਿਰ ਨੂੰ ਵਾਰਡ ਵਾਈਜ਼ ਸੈਨੇਟਾਈਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਣ ਨਗਰ ਕੌਂਸਲ ਵੱਲੋਂ 4 ਹੋਰ ਮੋਟਰ ਪੰਪ ਮੰਗਵਾਏ ਗਏ ਹਨ, ਜਿਸ ਨਾਲ ਸੈਨੇਟਾਈਜ਼ ਕਰਨ ਵਿਚ ਹੋਰ ਸਹੂਲਤ ਮਿਲੇਗੀ। ਉਨ੍ਹਾਂ ਹੋਰ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜਿਹੜ ਖੇਤਰ ਸੀਲ ਕੀਤੇ ਗਏ ਹਨ, ਉਨ੍ਹਾਂ ਦੇ ਘਰ ਦਾ ਕੂੜਾ ਵੱਖਰੇ ਤੌਰ ਤੇ ਇਕੱਠਾ ਕਰਕੇ ਦਬਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਫਾਈ-ਸੇਵਕ ਆਮ ਦੀ ਤਰ੍ਹਾਂ ਘਰ-ਘਰ ਤੋਂ ਕੂੜਾ ਇਕੱਠਾ ਕਰ ਰਹੇ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਉਨ੍ਹਾਂ ਨੂੱ ਸੈਨੇਟਾਈਜ਼ਰ, ਸਾਬਣ ਆਦਿ ਸਮਾਨ ਦੀ ਵੰਡ ਕੀਤੀ ਗਈ ਤਾਂ ਕਿ ਉਹ ਆਪਣੀ ਸਿਹਤ ਦਾ ਵੀ ਖਿਆਲ ਰੱਖ ਸਕਣ।