ਦੇਵਾ ਨੰਦ ਸ਼ਰਮਾ
ਫਰੀਦਕੋਟ, 15 ਅਪ੍ਰੈਲ 2020 - ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ ਮੁਤਾਬਕ ਜ਼ਿਲ੍ਹੇ ਅੰਦਰ ਕੋਵਿਡ -19 ਦੀ ਮਹਾਂਮਾਰੀ ਵਿਰੁੱਧ ਵਿੱਢੀ ਇਸ ਮੁਹਿੰਮ ਤਹਿਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਜ਼ਿਲ੍ਹੇ ਅੰਦਰ ਪਾਜ਼ੀਟਿਵ ਆਏ 3 ਕੇਸਾਂ ਦੇ ਰਿਹਾਇਸ਼ੀ ਖੇਤਰ ਦਾ ਸਰਵੇ, ਸ਼ੱਕੀ ਮਰੀਜਾਂ ਦੀ ਮੈਡੀਕਲ ਸਕਰੀਨਿੰਗ ਅਤੇ ਸੈਂਪਲ ਲੈਣ ਸਬੰਧੀ ਸਰਗਰਮੀਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ।
ਜ਼ਿਲ੍ਹਾ ਫਰੀਦਕੋਟ ਦੇ 45 ਸੈਂਪਲਾਂ ਚੋਂ 19 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 26 ਵਿਅਕਤੀਆਂ ਦੀ ਰਿਪੋਰਟ ਆਉਣੀ ਬਾਕੀ ਹੈ। ਫਰੀਦਕੋਟ ਕੋਰੋਨਾ ਦੇ ਹੁਣ ਤੱਕ 3 ਮਰੀਜ਼ ਹੀ ਹਨ। ਇਹ ਜਾਣਕਾਰੀ ਸਿਵਲ ਸਰਜਨ ਫਰੀਦਕੋਟ ਡਾ. ਰਜਿੰਦਰ ਕੁਮਾਰ ਅਤੇ ਜ਼ਿਲ੍ਹਾ ਨੋਡਲ ਅਫਸਰ ਕੋਵਿਡ-19 ਡਾ.ਮਨਜੀਤ ਕ੍ਰਿਸ਼ਨ ਭੱਲਾ ਨੇ ਸਾਂਝੀ ਕਰਦਿਆਂ ਦੱਸਿਆ ਕਿ ਇਸ ਭਿਆਨਕ ਬਿਮਾਰੀ ਤੋਂ ਜਾਗਰੂਕ ਕਰਨ ਅਤੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਸਬੰਧੀ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।
ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਵੱਲੋਂ ਹੁਣ ਪੰਜਾਬ ਵਿਚ ਪਾਜ਼ੇਟਿਵ ਅਤੇ ਸ਼ੱਕੀ ਮਰੀਜ਼ਾਂ ਦੀ ਗਿਣਤੀ ਵੱਧਣ ਕਾਰਨ ਆਮ ਲੋਕਾਂ ਨੂੰ ਘਰਾਂ ਤੋਂ ਬਾਹਰ ਜਾਣ ਸਮੇਂ ਹਰ ਵਿਅਕਤੀ ਨੂੰ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ ਜਾਂ ਮਾਸਕ ਦੀ ਜਗਾ ਰੁਮਾਲ,ਚੁੰਨੀ ਜਾਂ ਪਰਨਾ ਵੀ ਮੁੰਹ ਤੇ ਲਪੇਟਿਆ ਜਾ ਸਕਦਾ ਹੈ। ਉਨਾਂ ਸਮਾਜਿਕ ਦੂਰੀ ਬਣਾ ਕਿ ਰੱਖਣ ਅਤੇ ਘਰ ਰਹੋ ਸੁਰੱਖਿਅਤ ਰਹੋ ਦੀ ਅਪੀਲ ਵੀ ਕੀਤੀ।