- ਕਿਹਾ, ਸਮੂਹ ਜ਼ਿਲ੍ਹਾ ਨਿਵਾਸੀ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਨਾ ਕਰਨ
ਫ਼ਿਰੋਜ਼ਪੁਰ 25 ਅਪ੍ਰੈਲ 2020 : ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਕੋਵਿਡ ਗਾਈਡ ਲਾਈਨਜ਼ ਮੁਤਾਬਕ ਕਰੋਨਾ ਵਾਇਰਸ ਬਿਮਾਰੀ ਨੂੰ ਕਾਬੂ ਕਰਨ ਹਿੱਤ ਮੁਕੰਮਲ ਚੌਕਸੀ ਰੱਖੀ ਜਾ ਰਹੀ ਹੈ। ਜ਼ਿਲ੍ਹੇ ਅੰਦਰ ਕਰੋਨਾ ਦੇ ਪਹਿਲੇ ਪਾਜ਼ੀਟਿਵ ਕੇਸ ਦੀ ਸੂਚਨਾ ਮਿਲਣ ਤੇ ਸਮੁੱਚਾ ਸਿਹਤ ਵਿਭਾਗ ਮੁਕੰਮਲ ਤਨਦੇਹੀ ਅਤੇ ਲਗਨ ਨਾਲ ਕੰਮ ਕਰ ਰਿਹਾ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਮਰੀਜ਼ਾਂ ਦੀ ਕੁਆਰਨਟਾਈਨ ਅਤੇ ਆਈਸੋਲੇਸ਼ਨ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਸੰਭਾਵਿਤ ਮਰੀਜ਼ਾਂ ਤੇ ਨਜ਼ਰ ਰੱਖਣ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ ਦੇ ਸਮੂਹ ਜ਼ੋਨਲ ਲਾਇਸੈਂਸਿੰਗ ਅਧਿਕਾਰੀ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਕੈਮਿਸਟਾਂ ਵੱਲੋਂ ਸਟੋਰ ਤੇ ਜਾਂ ਕਿਸੇ ਵਿਅਕਤੀ ਦੇ ਘਰ ਫਲੂ,ਖੰਘ ਅਤੇ ਜ਼ੁਕਾਮ ਦੇ ਇਲਾਜ ਲਈ ਦਵਾਈਆਂ ਦੀ ਸਪਲਾਈ ਕਰਨ ਸਬੰਧੀ ਰਿਪੋਰਟ ਸਿਵਲ ਸਰਜਨ ਪਾਸ ਭੇਜਣਾ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਵਿਦੇਸ਼ਾਂ, ਬਾਹਰਲੇ ਸੂਬਿਆਂ ਤੋਂ ਆਏ ਅਤੇ ਦੂਜੇ ਜ਼ਿਲਿਆਂ ਦੇ ਪਾਜ਼ੀਟਿਵ ਕੇਸਾਂ ਸੰਪਰਕ ਵਾਲੇ ਵਿਅਕਤੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 14 ਦਿਨਾਂ ਲਈ ਘਰਾਂ ਅੰਦਰ ਹੀ ਇਕਾਂਤਵਾਸ ਲਈ ਕਿਹਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਕਰੋਨਾ ਵਾਇਰਸ ਕਿਸੇ ਕਰੋਨਾ ਵਾਇਰਸ ਪੀੜਿਤ ਵਿਅਕਤੀ ਦੇ ਨਿੱਛਣ, ਖੰਘਣ ਨਾਲ ਵਿਸ਼ਾਣੂਯੁਕਤ ਡਰਾਪਲੈਟਸ ਤੰਦਰੁਸਤ ਵਿਅਕਤੀ ਤੱਕ ਜਾਣ ਨਾਲ ਫੈਲਦਾ ਹੈ ਇਸ ਲਈ ਇਸ ਰੋਗ ਨੂੰ ਰੋਕਣ ਵਿੱਚ ਸੋਸ਼ਲ ਡਿਸਟੈਂਸਿੰਗ ਬਹੁਤ ਮਹੱਤਵਪੂਰਨ ਹ ਜੋ ਸਾਨੂੰ ਸਾਰਿਆਂ ਨੂੰ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ 2 ਮੀਟਰ ਦੀ ਦੂਰੀ ਰੱਖਣੀ ਚਾਹੀਦੀ ਹੈ।ਕਰੋਨਾ ਰੋਗ ਦੇ ਫੈਲਾਅ ਨੂੰ ਰੋਕਣ ਲਈ ਵਾਰ-ਵਾਰ ਹੱਥ ਧੋਣੇ ਚਾਹੀਦੇ ਹਨ ਅਤੇ ਸੈਨੀਟਾਈਜ਼ਰ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਕਿਹਾ ਕਿ ਕਿਸੇ ਕਿਸਮ ਦੀ ਘਬਰਾਹਟ ਵਿੱਚ ਨਾ ਆਉਣ ਅਤੇ ਸਰਕਾਰ ਤੇ ਪ੍ਰਸ਼ਾਸਣ ਵੱਲੋਂ ਜਾਰੀ ਹਦਾਇਤਾਂ ਦੀ ਪਾਲਨਾ ਕਰਨ ਤੇ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਜ਼ਰੂਰ ਪਹਿਨਿਆ ਜਾਵੇ।