ਦੇਵਾ ਨੰਦ ਸ਼ਰਮਾ
ਫ਼ਰੀਦਕੋਟ, 26 ਅਗਸਤ, 2017 : ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਪਰਾਸ਼ਰ ਵੱਲੋਂ ਜ਼ਿਲ੍ਹਾ ਫਰੀਦਕੋਟ ਦੇ ਸਮੂਹ ਨਾਗਰਿਕਾਂ ਨੂੰ ਮੌਜੂਦਾ ਸਥਿਤੀ ਨੂੰ ਨਜਿੱਠਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਸ੍ਰੀ ਪਰਾਸ਼ਰ ਨੇ ਕਿਹਾ ਕਿ ਹਾਲਾਤ ਨੂੰ ਦੇਖਦਿਆਂ ਫਰੀਦਕੋਟ, ਜੈਤੋ ਅਤੇ ਕੋਟਕਪੁਰਾ ਦੇ ਸ਼ਹਿਰੀ ਇਲਾਕਿਆਂ ਵਿੱਚ ਅਮਨ ਸਾਂਤੀ ਬਣਾਈ ਰੱਖਣ ਕਰਫਿਊ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸੁਵਿਧਾ ਨੂੰ ਧਿਆਨ 'ਚ ਰੱਖ ਕੇ ਸਵੇਰੇ 8 ਤੋਂ 12 ਵਜ੍ਹੇ ਤੱਕ ਕਰਫਿਊ 'ਚ ਢਿੱਲ ਦਿੱਤੀ ਗਈ ਸੀ, ਤਾਂ ਜੋ ਲੋਕ ਆਪਣੀਆਂ ਰੋਜ਼ਾਨਾ ਦੀਆਂ ਲੋੜੀਂਦੀਆਂ ਵਸਤੂਆਂ ਖਰੀਦ ਸਕਣ ਅਤੇ ਕਿਸੇ ਕਿਸਮ ਦੀ ਔਕੜ ਮਹਿਸੂਸ ਨਾ ਕਰਨ।
ਸ੍ਰੀ ਪਰਾਸ਼ਰ ਨੇ ਕਿਹਾ ਕਿ ਜ਼ਿਲ੍ਹਾ ਨਿਵਾਸੀਆਂ ਨੂੰ ਕਰਫ਼ਿਊ ਦੇ ਹਾਲਾਤਾਂ ਨੂੰ ਧਿਆਨ 'ਚ ਰੱਖ ਕੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਲੋੜ ਹੈ, ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜ਼ਾਮ ਨਾ ਦੇ ਸਕੇ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਝੂਠੀਆਂ ਅਤੇ ਬੇਬੁਨਿਆਦ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਲਗਾਤਾਰ ਜ਼ਿਲ੍ਹੇ ਅੰਦਰ ਹੋ ਰਹੀਆਂ ਗਤਿਵਿਧੀਆਂ 'ਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਅਮਨ ਕਾਨੂੰਨ ਭੰਗ ਕਰਨ ਦੀ ਇਜ਼ਾਜਤ ਨਹੀ ਦਿੱਤੀ ਜਾਵੇਗੀ।
ਸ੍ਰੀ ਪਰਾਸ਼ਰ ਨੇ ਜ਼ਿਲ੍ਹੇ ਅੰਦਰ 25 ਅਗਸਤ ਸ਼ਾਮ 5 ਵਜੇ ਤੋਂ ਲੱਗੇ ਕਰਫ਼ਿਉ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਲਈ ਜ਼ਿਲ੍ਹਾ ਨਿਵਾਸੀਆਂ ਧੰਨਵਾਦ ਕੀਤਾ। ਸ੍ਰੀ ਪਰਾਸ਼ਰ ਨੇ ਦੱਸਿਆ ਕਿ ਮਿਤੀ 26 ਅਗਸਤ ਨੂੰ ਸ਼ਾਮ 5 ਵਜੇ ਤੋਂ ਰਾਤ 8.30 ਵਜ੍ਹੇ ਤੱਕ ਕਰਫ਼ਿਊ 'ਚ ਢਿੱਲ ਰਹੇਗੀ। ਇਸ ਢਿੱਲ ਦੌਰਾਨ ਲੋਕ ਆਪਣੀਆਂ ਜਰੂਰਤ ਦੀਆਂ ਵਸਤੂਆਂ ਸਬਜ਼ੀਆਂ, ਦੁੱਧ, ਰਾਸ਼ਨ ਅਤੇ ਦਵਾਈ ਵਗੈਰਾ ਖਰੀਦ ਸਕਦੇ ਹਨ। ਉਨ੍ਹਾਂ ਦੱਸਿਆ ਕਿ 8.30 ਵਜੇ ਤੋਂ ਬਾਅਦ ਅਗਲੇ ਹੁਕਮਾਂ ਤੱਕ ਕਰਫ਼ਿਊ ਲਾਗੂ ਰਹੇਗਾ।