ਫਿਰੋਜ਼ਪੁਰ 5 ਅਕਤੂਬਰ 2020 : ਕਿਸਾਨ ਸੰਗਠਨਾਂ ਵੱਲੋਂ ਦੇਸ਼ ਵਿਆਪੀ ਦੀ ਦਿੱਤੇ ਬੰਦ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਫਿਰੋਜ਼ਪੁਰ ਵਿਚ ਵੱਖ ਵੱਖ ਕਿਸਾਨ ਮਜ਼ਦੂਰ ਸੰਗਠਨਾਂ ਵੱਲੋਂ ਚਾਰ ਮੁੱਖ ਮਾਰਗਾਂ 'ਤੇ ਜਾਮ ਲਗਾਇਆ ਗਿਆ ਅਤੇ ਧਰਨੇ ਦਿੱਤੇ ਗਏ। ਫਿਰੋਜ਼ਪੁਰ ਛਾਉਣੀ ਦੀ ਚੁੰਗੀ ਨੰਬਰ 7 ਵਿਖੇ, ਤਲਵੰਡੀ ਭਾਈ ਚੋਂਕ, ਮੱਖੂ ਦੇ ਬੰਗਾਲੀ ਪੁਲ ਦੇ ਕੋਲ ਅਤੇ ਫਿਰੋਜ਼ਪੁਰ ਫਾਜ਼ਿਲਕਾ ਸੜਕ 'ਤੇ ਗੁਰਦੁਆਰਾ ਪ੍ਰਗਟ ਸਿੰਘ ਦੇ ਕੋਲ ਕਿਸਾਨਾਂ ਵੱਲੋਂ ਲਗਾਏ ਗਏ ਧਰਨਿਆਂ ਦੇ ਕਾਰਨ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੀ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਕਿਸਾਨਾਂ ਨੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਮੰਗ ਕੀਤੀ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨ ਅਤੇ ਬਿਜਲੀ ਸੋਧ ਐਕਟ 2020 ਤੁਰੰਤ ਵਾਪਸ ਲਏ ਜਾਣ। ਕਿਸਾਨਾਂ ਨੇ ਪ੍ਰਧਾਨ ਮੰਤਰੀ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਦੋਸ਼ ਲਗਾਇਆ ਕਿ ਕੇਂਦਰ ਦੀ ਸਰਕਾਰ ਦੇਸ਼ ਦੇ ਕਿਸਾਨਾਂ ਅਤੇ ਕਿਸਾਨਾਂ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ ਅਤੇ ਅੰਬਾਨੀ ਅਡਾਨੀ ਨੂੰ ਫਾਇਦਾ ਪਹੁੰਚਾਉਣ ਲਈ ਦੇਸ਼ ਭਰ ਦੇ ਕਿਸਾਨਾਂ ਦੇ ਹਿੱਤਾਂ ਨਾਲ ਖਿਲਵਾੜ ਕਰ ਰਹੀ ਹੈ।
ਕਿਸਾਨ ਮਜ਼ਦੂਰ ਸੰਗਠਨਾਂ ਵੱਲੋਂ ਅੱਜ ਦੀ ਦੇਸ਼ ਵਿਆਪੀ ਬੰਦ ਦੀ ਕਾਲ ਨੂੰ ਦੇਖਦੇ ਹੋਏ ਜ਼ਿਲ੍ਹਾ ਪੁਲਿਸ ਵੱਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਅਤੇ ਫਿਰੋਜ਼ਪੁਰ ਛਾਉਣੀ ਦੇ ਮੁੱਖ ਮਾਰਗਾਂ ਤੇ ਬੈਰੀਗੇਟਸ ਲਗਾ ਕੇ ਪੁਲਿਸ ਫੌਰਸ ਤੈਨਾਤ ਕੀਤੀ ਗਈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਮਾਹੌਲ ਨੂੰ ਖਰਾਬ ਨਾ ਕਰ ਸਕਣ। ਬੰਦ ਦੇ ਕਾਰਨ ਬਾਹਰੋਂ ਆਉਣ ਵਾਲੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।