ਫਿਰੋਜ਼ਪੁਰ 8 ਮਈ 2020 : ਕੋਰੋਨਾ ਵਾਇਰਸ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਦਿਤੀਆਂ ਜਾ ਰਹੀਆਂ ਢਿੱਲਾਂ ਨਾਲ ਜ਼ਿੰਦਗੀ ਹੌਲੀ ਹੌਲੀ ਲੀਹਾਂ 'ਤੇ ਆਉਣ ਲੱਗ ਪਈ ਹੈ। ਜਿੱਥੇ ਸਰਕਾਰ ਵੱਲੋ ਸਵੇਰੇ 7 ਤੋਂ ਦੁਪਹਿਰੇ 3 ਵਜੇ ਤੱਕ ਬਜ਼ਾਰ ਖੋਲਣ ਦੀ ਮਿਲੀ ਢਿੱਲ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਨੂੰ ਦੇਖਦੇ ਹੋਏ ਰਾਜਸਟਰੀਆ ਕਰਨ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਹੈ। ਜਿਸ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਵੀ ਰਾਜਸਟਰੀਆ ਕੀਤੀਆਂ ਗਈਆਂ ਹਨ।
ਜਾਣਕਾਰੀ ਦਿੰਦੇ ਹੋਏ ਸੁਖਚਰਨ ਸਿੰਘ ਚੰਨੀ ਨਾਇਬ ਤਹਿਸੀਲਦਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਕੁਲਵੰਤ ਸਿੰਘ ਆਈ ਏ ਐਸ ਦੇ ਦਿਸ਼ਾ ਨਿਰਦੇਸ਼ਾਂ ਤੇ ਜਿਲ੍ਹਾ ਫਿਰੋਜ਼ਪੁਰ ਵਿੱਚ ਰਜਿਸਟਰੀਆਂ ਦਾ ਕੰਮ ਸ਼ੁਰੂ ਹੋ ਗਿਆ ਹੈ। ਉਹਨਾਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਦੇਖਦੇ ਹੋਏ ਇਹ ਰਜਿਸਟਰੀਆਂ ਕੀਤੀਆਂ ਜਾ ਰਹੀਆਂ ਹਨ।
ਨਾਇਬ ਤਹਿਸੀਲਦਾਰ ਨੇ ਕਿਹਾ ਕਿ ਅੱਜ ਪਹਿਲੇ ਦਿਨ 12 ਰਜਿਸਟਰੀਆਂ ਕੀਤੀਆਂ ਗਈਆਂ ਹਨ।ਚੰਨੀ ਨੇ ਆਖਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸੋਸ਼ਲ ਡਿਸਟੈਸਿੰਗ ਦਾ ਖਿਆਲ ਰੱਖਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸੈਨੇਟਾਈਜ਼ਰ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਨਾਇਬ ਤਹਿਸੀਲਦਾਰ ਚੰਨੀ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਹਨਾਂ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਕੇ ਪੂਰਾ ਸਾਥ ਦੇਣ।