ਮੁੱਖ ਮੰਤਰੀ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਰਾਸ਼ਨ ਦੀ ਵੰਡ ਸਮੇ ਕਿਸੇ ਨਾਲ ਸਿਆਸੀ ਆਧਾਰ ਉੱਤੇ ਕੋਈ ਵਿਤਕਰਾ ਨਾ ਹੋਵੇ
ਮੁੱਖ ਮੰਤਰੀ ਨੂੰ ਡਿਪਟੀ ਕਮਿਸ਼ਨਰਾਂ ਨੂੰ ਇਹ ਦਿਸ਼ਾ ਨਿਰਦੇਸ਼ ਜਾਰੀ ਕਰਨ ਲਈ ਕਿਹਾ ਕਿ ਉਹ ਕਾਂਗਰਸੀ ਵਿਧਾਇਕਾਂ ਦੇ ਹੁਕਮਾਂ ਮੁਤਾਬਿਕ ਰਾਸ਼ਨ ਨਾ ਵੰਡਣ
ਅਕਾਲੀ ਵਰਕਰਾਂ ਨੂੰ ਜ਼ਿਲ੍ਹਾ ਪ੍ਰਸਾਸ਼ਨ ਨਾਲ ਮਿਲ ਕੇ ਅਤੇ ਨਿੱਜੀ ਤੌਰ ਤੇ ਰਾਹਤ ਕਾਰਜਾਂ ਵਿਚ ਯੋਗਦਾਨ ਪਾਉਣ ਲਈ ਆਖਿਆ
ਚੰਡੀਗੜ੍ਹ 29 ਮਾਰਚ 2020: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਦੇ ਸਾਂਸਦ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਹੈ ਕਿ ਉਹ ਫਿਰੋਜ਼ਪੁਰ ਸੰਸਦੀ ਹਲਕੇ ਦੇ ਸਾਰੇ ਹਸਪਤਾਲਾਂ ਵਿਚ ਇੱਕ ਇੱਕ ਵੈਂਟੀਲੇਟਰ ਦਾ ਪ੍ਰਬੰਧ ਕਰਨ ਲਈ ਆਪਣੇ ਸੰਸਦੀ ਕੋਟੇ ਵਿਚੋਂ ਵਿਚੋਂ ਇੱਕ ਕਰੋੜ ਰੁਪਿਆ ਦੇਣਗੇ। ਇਸ ਦੇ ਨਾਲ ਹੀ ਉਹਨਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਯਕੀਨੀ ਬਣਾਉਣ ਲਈ ਬੇਨਤੀ ਕੀਤੀ ਹੈ ਕਿ ਗਰੀਬਾਂ ਅਤੇ ਲੋੜਵੰਦਾਂ ਨੂੰ ਰਾਸ਼ਨ ਵੰਡਣ ਸਮੇਂ ਉਹਨਾਂ ਨਾਲ ਸਿਆਸੀ ਆਧਾਰ ਉੱਤੇ ਕਿਸੇ ਕਿਸਮ ਦਾ ਵਿਤਕਰਾ ਨਾ ਕੀਤਾ ਜਾਵੇ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਅਜਿਹੀ ਰਿਪੋਰਟਾਂ ਸਾਹਮਣੇ ਆਉਣ ਮਗਰੋਂ ਕਿ ਫਿਰੋਜ਼ਪੁਰ ਵਿਚ ਸਾਰੇ ਸਰਕਾਰੀ ਹਸਪਤਾਲਾਂ ਵਿਚ ਵੈਂਟੀਲੇਟਰਾਂ ਦੀ ਕਮੀ ਹੈ, ਉਹਨਾਂ ਨੇ ਆਪਣੇ ਸੰਸਦੀ ਕੋਟੇ ਵਿਚੋਂ ਇਹਨਾਂ ਮੈਡੀਕਲ ਉਪਕਰਣਾਂ ਲਈ ਪੈਸੇ ਦੇਣ ਦਾ ਫੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਇਹ ਪੈਸਾ ਡਿਪਟੀ ਕਮਿਸ਼ਨਰ ਨੂੰ ਦੇ ਦਿੱਤਾ ਜਾਵੇਗਾ, ਜੋ ਕਿ ਸਾਰੇ ਸਰਕਾਰੀ ਹਸਪਤਾਲਾਂ ਵਾਸਤੇ ਵੈਂਟਲੇਟਰਾਂ ਦੀ ਤੁਰੰਤ ਖਰੀਦ ਦਾ ਪ੍ਰਬੰਧ ਕਰਨਗੇ ਤਾਂ ਕਿ ਇਹ ਹਸਪਤਾਲ ਲੋੜ ਪੈਣ ਉੱਤੇ ਕਰੋਨਾ ਵਾਇਰਸ ਦੇ ਮਰੀਜ਼ਾਂ ਦਾ ਚੰਗੀ ਤਰ੍ਹਾਂ ਇਲਾਜ ਕਰ ਸਕਣ।
ਇਸੇ ਦੌਰਾਨ ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਇਹ ਵੀ ਬੇਨਤੀ ਕੀਤੀ ਕਿ ਗਰੀਬਾਂ ਅਤੇ ਲੋੜਵੰਦਾਂ ਨੂੰ ਸੁੱਕਾ ਰਾਸ਼ਨ ਵੰਡਦੇ ਸਮੇਂ ਉਹਨਾਂ ਨਾਲ ਕੋਈ ਵਿਤਕਰਾ ਨਾ ਕੀਤਾ ਜਾਵੇ। ਉਹਨਾਂ ਕਿਹਾ ਇਸ ਤਰ੍ਹਾਂ ਦੀਆਂ ਰਿਪੋਰਟਾਂ ਆਈਆਂ ਹਨ ਕਿ ਕਾਂਗਰਸੀ ਵਿਧਾਇਕ ਡਿਪਟੀ ਕਮਿਸ਼ਨਰਾਂ ਅਤੇ ਐਸਡੀਐਮਜ਼ ਦੇ ਨਾਲ ਜਾ ਕੇ ਉਹਨਾਂ ਨੂੰ ਆਪਣੇ ਸਮਰਥਕਾਂ ਨੂੰ ਰਾਸ਼ਨ ਵੰਡਣ ਦੀਆਂ ਹਦਾਇਤਾਂ ਦੇ ਰਹੇ ਹਨ। ਉਹਨਾਂ ਕਿਹਾ ਕਿ ਰਾਹਤ ਕਾਰਜਾਂ ਦੇ ਅਜਿਹੇ ਸਿਆਸੀਕਰਨ ਖ਼ਿਲਾਫ ਲੋਕਾਂ ਦਾ ਗੁੱਸਾ ਫੁੱਟਣਾ ਸ਼ੁਰੂ ਹੋ ਗਿਆ ਹੈ ਅਤੇ ਉਹ ਕਾਂਗਰਸੀਆਂ ਵਿਰੁੱਧ ਰੋਸ ਜਾਹਿਰ ਕਰ ਰਹੇ ਹਨ। ਉਹਨਾਂ ਕਿਹਾ ਕਿ ਸੰਕਟ ਦੇ ਸਮੇਂ ਕੀਤੀ ਜਾ ਰਹੀ ਅਜਿਹੀ ਕਾਣੀ-ਵੰਡ ਨਾਲ ਸੂਬੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ। ਉਹਨਾਂ ਕਿਹਾ ਕਿ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਹ ਦਿਸ਼ਾ ਨਿਰਦੇਸ਼ ਜਾਰੀ ਕਰੋ ਕਿ ਉਹ ਕਾਂਗਰਸੀ ਵਿਧਾਇਕਾਂ ਦੇ ਹੁਕਮਾਂ ਮੁਤਾਬਿਕ ਰਾਸ਼ਨ ਨਾ ਵੰਡਣ। ਡਿਪਟੀ ਕਮਿਸ਼ਨਰਾਂ ਨੂੰ ਇਹਨਾਂ ਰਾਹਤ ਕਾਰਜਾਂ ਦਾ ਸਿਆਸੀਕਰਨ ਨਹੀਂ ਹੋਣ ਦੇਣਾ ਚਾਹੀਦਾ ਅਤੇ ਇਹ ਰਾਸ਼ਨ ਸਭ ਤੋਂ ਵੱਧ ਲੋੜਵੰਦਾਂ ਨੂੰ ਵੰਡਣਾ ਚਾਹੀਦਾ ਹੈ। ਲੋੜਵੰਦਾਂ ਤਕ ਰਾਸ਼ਨ ਪਹੁੰਚਾਉਣ ਲਈ ਉਹ ਹੈਲਪ ਲਾਇਨਾਂ ਅਤੇ ਸਮਾਜ ਸੇਵੀ ਸੰਗਠਨਾਂ ਦੀ ਮੱਦਦ ਲੈ ਸਕਦੇ ਹਨ।
ਅਕਾਲੀ ਦਲ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਇਸ ਗੱਲ ਵੱਲ ਵੀ ਧਿਆਨ ਦੇਣ ਲਈ ਕਿਹਾ ਕਿ ਉਹਨਾਂ ਵੱਲੋਂ ਕੀਤੇ ਐਲਾਨਾਂ ਅਤੇ ਦਿੱਤੇ ਭਰੋਸਿਆਂ ਦੇ ਬਾਵਜੂਦ ਲੋੜਵੰਦਾਂ ਤਕ ਰਾਸ਼ਨ ਨਹੀਂ ਪਹੁੰਚ ਰਿਹਾ ਹੈ। ਇਸ ਸੰਬੰਧੀ ਲੋਕਾਂ ਨੇ ਰੋਸ ਪ੍ਰਦਰਸ਼ਨ ਕਰਨੇ ਸ਼ੁਰੂ ਕਰ ਦਿੱਤੇ ਹਨ। ਇੰਝ ਜਾਪਦਾ ਹੈ ਕਿ ਜਿਹੜਾ ਰਾਸ਼ਨ ਸਰਕਾਰ ਵੱਲੋਂ ਲੋਕਾਂ ਨੂੰ ਵੰਡਣ ਲਈ ਭੇਜਿਆ ਜਾ ਰਿਹਾ ਹੈ, ਉਸ ਨੂੰ ਬੇਈਮਾਨਾਂ ਦੁਆਰਾ ਰਸਤੇ ਵਿਚ ਹੀ ਗਾਇਬ ਕੀਤਾ ਜਾ ਰਿਹਾ ਹੈ। ਅਜਿਹੇ ਭ੍ਰਿਸ਼ਟ ਵਿਅਕਤੀ ਕਿੰਨੇ ਵੀ ਉੱਚੇ ਅਹੁਦਿਆਂ ਉੱਤੇ ਕਿਉਂ ਨਾ ਹੋਣ, ਉਹਨਾਂ ਖ਼ਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਇੱਕ ਵੱਖਰੇ ਸੁਨੇਹੇ ਵਿਚ ਸਰਦਾਰ ਬਾਦਲ ਨੇ ਸਾਰੇ ਅਕਾਲੀ ਵਿਧਾਇਕਾਂ, ਹਲਕਾ ਸੇਵਾਦਾਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਸਰਕਲ ਪ੍ਰਧਾਨਾਂ ਨੂੰ ਪਿੰਡਾਂ ਅਤੇ ਵਾਰਡਾਂ ਵਿਚ ਉਹਨਾਂ ਗਰੀਬ ਲੋਕਾਂ ਦੀ ਸ਼ਨਾਖਤ ਕਰਨ ਲਈ ਆਖਿਆ, ਜਿਹਨਾਂ ਨੂੰ ਰਾਸ਼ਨ ਦੀ ਸਖ਼ਤ ਲੋੜ ਹੈ। ਉਹਨਾਂ ਕਿਹਾ ਕਿ ਇਕੱਠੀ ਕੀਤੀ ਇਹ ਜਾਣਕਾਰੀ ਜ਼ਿਲ੍ਹਾ ਪ੍ਰਸਾਸ਼ਨ ਨਾਲ ਸਾਂਝੀ ਕਰਨੀ ਚਾਹੀਦੀ ਹੈ ਅਤੇ ਇਸ ਦੇ ਨਾਲ ਹੀ ਲੋੜਵੰਦਾਂ ਤਕ ਰਾਸ਼ਨ ਪਹੁੰਚਾਉਣ ਲਈ ਉਹਨਾਂ ਨੂੰ ਪਾਰਟੀ ਪੱਧਰ ਅਤੇ ਨਿੱਜੀ ਪੱਧਰ ਉੱਤੇ ਜੀਅ ਤੋੜ ਯਤਨ ਕਰਨੇ ਚਾਹੀਦੇ ਹਨ।