ਅਸ਼ੋਕ ਵਰਮਾ
ਬਠਿੰਡਾ, 17 ਮਈ 2020 - ਬਠਿੰਡਾ ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਹੁਣ ਕੋਰੋਨਾ ਨਾਲ ਲੜ ਰਹੇ ਕੇਵਲ ਚਾਰ ਲੋਕ ਰਹਿ ਗਏ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਅੱਜ 11 ਹੋਰ ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 43 ਲੋਕਾਂ ਦੇ ਨਮੂਨਿਆਂ ਦੀਆਂ ਰਿਪੋਰਟਾਂ ਪਾਜ਼ੀਟਿਵ ਆਈਆਂ ਸਨ। ਇਨ੍ਹਾਂ ਵਿੱਚੋਂ ਹੁਣ ਤੱਕ 39 ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਉਨ੍ਹਾਂ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਇਨ੍ਹਾਂ ਨੂੰ ਹੋਰ 2 ਹਫਤੇ ਤੱਕ ਘਰਾਂ ਵਿਚ ਇਕਾਂਤਵਾਸ ਵਿਚ ਰਹਿਣਾ ਪਵੇਗਾ।
ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਨੂੰ ਹਸਪਤਾਲ ਤੋਂ ਰਵਾਨਾ ਕਰਨ ਤੋਂ ਪਹਿਲਾਂ ਬਕਾਇਦਾ ਇਸ ਸਬੰਧੀ ਸਾਰੀਆਂ ਜਰੂਰੀ ਸਲਾਹਾਂ ਡਾਕਟਰਾਂ ਵੱਲੋਂ ਦੇ ਕੇ ਵਿਦਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਲਈ ਹੁਣ ਕਾਫੀ ਛੋਟਾਂ ਦਿੱਤੀਆਂ ਗਈਆਂ ਹਨ ਅਤੇ ਹੁਣ ਜਿੰਮੇਵਾਰੀ ਲੋਕਾਂ ਦੀ ਬਣਦੀ ਹੈ ਕਿ ਉਹ ਸਾਰੀਆਂ ਸਾਵਧਾਨੀਆਂ ਰੱਖਣ। ਉਨ੍ਹਾਂ ਨੇ ਕਿਹਾ ਕਿ ਬਜਾਰਾਂ ਆਦਿ ਵਿਚ ਸਮਾਜਿਕ ਦੂਰੀ ਦੇ ਨਿਯਮ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇ ਅਤੇ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਜਰੂਰ ਪਹਿਨਿਆ ਜਾਵੇ।