ਅਸ਼ੋਕ ਵਰਮਾ
ਬਠਿੰਡਾ, 29 ਅਪ੍ਰੈਲ 2020 - ਬਠਿੰਡਾ ਜ਼ਿਲ੍ਹੇ ਦਾ ਗਰੀਨ ਜੋਨ ਦਾ ਰੁਤਬਾ ਟੁੱਟ ਗਿਆ ਹੈ। ਨਾਂਦੇੜ ਸਾਹਿਬ ਤੋਂ ਪਰਤੇ ਦੋ ਸ਼ਰਧਾਲੂਆਂ ਦੀ ਕੋਵਿਡ 19 ਬਿਮਾਰੀ ਸਬੰਧੀ ਕਰਵਾਏ ਟੈਸਟ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਬਠਿੰਡਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਸ਼ਰਧਾਲੂਆਂ ਨੂੰ ਜ਼ਿਲ੍ਹੇ ਵਿਚ ਆਉਣ ਵਾਲੇ ਦਿਨ ਤੋਂ ਹੀ ਸਰਕਾਰੀ ਇਕਾਂਤਵਾਸ ਵਿਚ ਰੱਖਿਆ ਹੋਇਆ ਸੀ ਅਤੇ ਇਨ੍ਹਾਂ ਨੂੰ ਪਰਿਵਾਰ ਜਾਂ ਹੋਰ ਲੋਕਾਂ ਨੂੰ ਮਿਲਣ ਦੀ ਮਨਾਹੀ ਕੀਤੀ ਹੋਈ ਹੈ।
ਉਨ੍ਹਾਂ ਨੇ ਕਿਹਾ ਕਿ ਲੋਕ ਕਿਸੇ ਘਬਰਾਹਟ ਵਿਚ ਨਾ ਆਉਣ ਅਤੇ ਆਪਣੇ ਘਰਾਂ ਵਿਚ ਰਹਿਣ। ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੇ ਇਨ੍ਹਾਂ ਲੋਕਾਂ ਤੋਂ ਹੋਰ ਲੋਕਾਂ ਨੂੰ ਬਿਮਾਰੀ ਦੀ ਲਾਗ ਨਾ ਲੱਗੇ ਇਸ ਲਈ ਪਹਿਲਾਂ ਹੀ ਸਾਰੀਆਂ ਸਾਵਧਾਨੀਆਂ ਰੱਖੀਆਂ ਸਨ। ਉਨ੍ਹਾਂ ਨੇ ਅਪੀਲ ਕੀਤੀ ਕਿ ਉਹ ਕਰਫਿਊ ਦਾ ਸਖਤੀ ਨਾਲ ਪਾਲਣ ਕਰਨ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਾਜ਼ੀਟਿਵ ਆਉਣ ਵਾਲਿਆਂ ਵਿਚੋਂ ਇਕ ਪੁਰਸ਼ ਹੈ ਅਤੇ ਇਕ ਔਰਤ ਹੈ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਵਿਚੋਂ ਇੱਕ ਬਠਿੰਡਾ ਦਾ ਰਹਿਣ ਵਾਲਾ ਹੈ ਜਦੋਂ ਕਿ ਇੱਕ ਦਿੱਲੀ ਨਾਲ ਸਬੰਧਤ ਹੈ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਦੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਦੇ ਨਾਲ ਆਏ ਸਹਿਯਾਤਰੀਆਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ।