ਕਿਹਾ-ਪਿੰਡਾਂ ਵਿਚ ਜੰਗੀ ਪੱਧਰ 'ਤੇ ਚੱਲ ਰਹੇ ਹਨ ਵਿਕਾਸ ਕਾਰਜ
ਐਸ ਏ ਐਸ ਨਗਰ, 08 ਜੁਲਾਈ 2020: ਸਿਹਤ ਅਤੇ ਪਰਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਪਿੰਡ ਚੱਪੜਚਿੜੀ ਦੀਆਂ ਗਲੀਆਂ ਅਤੇ ਨਾਲੀਆਂ ਦੀ ਮੁਰੰਮਤ ਲਈ ਅੱਜ ਪਿੰਡ ਦੀ ਪੰਚਾਇਤ ਨੂੰ 5 ਲੱਖ ਰੁਪਏ ਦੀ ਗ੍ਰਾਂਟ ਸੌਂਪੀ। ਇਸ ਮੌਕੇ ਗੱਲਬਾਤ ਕਰਦਿਆਂ ਸ. ਸਿੱਧੂ ਨੇ ਦਸਿਆ ਕਿ ਇਹ ਰਕਮ ਹਲਕਾ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਮਨੀਸ਼ ਤਿਵਾੜੀ ਦੇ ਅਖ਼ਤਿਆਰੀ ਕੋਟੇ ਵਿਚੋਂ ਦਿਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡ ਦੀਆਂ ਗਲੀਆਂ ਤੇ ਨਾਲੀਆਂ ਦੀ ਮੁਰੰਮਤ ਦਾ ਕੰਮ ਕਾਫ਼ੀ ਸਮੇਂ ਤੋਂ ਲਟਕਿਆ ਪਿਆ ਸੀ ਜਿਹੜਾ ਹੁਣ ਛੇਤੀ ਹੀ ਪੂਰਾ ਕਰ ਦਿਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਪਿੰਡ ਜਾਂ ਸ਼ਹਿਰ ਦੇ ਸਮੁੱਚੇ ਵਿਕਾਸ ਲਈ ਸੜਕਾਂ ਅਤੇ ਗਲੀਆਂ ਦਾ ਪੱਕਾ ਹੋਣਾ ਬਹੁਤ ਜ਼ਰੂਰੀ ਹੈ ਤਾਕਿ ਲੋਕਾਂ ਅਤੇ ਵਾਹਨਾਂ ਦੀ ਆਵਾਜਾਈ ਸੁਖਾਲੇ ਢੰਗ ਨਾਲ ਹੋ ਸਕੇ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਹੇਠ ਸੂਬਾ ਭਰ ਵਿਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਸਰਕਾਰ ਪਿੰਡਾਂ ਦੇ ਵਿਕਾਸ ਕਾਰਜਾਂ ਵਲ ਵਿਸ਼ੇਸ਼ ਧਿਆਨ ਦੇ ਰਹੀ ਹੈ ਜਿਸ ਲਈ ਭਾਰੀ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ•ਾਂ ਇਹ ਵੀ ਕਿਹਾ ਕਿ ਹਲਕਾ ਮੋਹਾਲੀ ਵਿਚ ਬਹੁਤੇ ਵਿਕਾਸ ਕਾਰਜ ਮੁਕੰਮਲ ਕੀਤੇ ਜਾ ਚੁਕੇ ਹਨ ਅਤੇ ਬਾਕੀ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ।
ਪੰਜਾਬ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਬਾਰੇ ਗੱਲ ਕਰਦਿਆਂ ਸਿਹਤ ਮੰਤਰੀ ਸ. ਸਿੱਧੂ ਨੇ ਆਖਿਆ ਕਿ ਪੰਜਾਬ ਸਰਕਾਰ ਲੋਕਾਂ ਦੀ ਤੰਦਰੁਸਤੀ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕੰਮ ਤੋਂ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਮਾੜੀ ਮੋਟੀ ਤਕਲੀਫ਼ ਹੋਣ 'ਤੇ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 'ਤੇ ਸੰਪਰਕ ਕਰ ਕੇ ਮਾਹਰ ਡਾਕਟਰ ਦੀ ਸਲਾਹ ਲੈਣ। ਉਨ੍ਹਾਂ ਦੱਸਿਆ ਕਿ ਕੋਵਿਡ -19 ਦੇ ਵਧ ਰਹੇ ਖ਼ਤਰੇ ਨੂੰ ਧਿਆਨ ਵਿਚ ਰਖਦਿਆਂ, ਪੰਜਾਬ ਸਰਕਾਰ ਨੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਗਾਇਨੀਕਾਲੋਜੀ ਓਪੀਡੀ ਅਤੇ ਜਨਰਲ ਓਪੀਡੀ ਸੇਵਾਵਾਂ ਲਈ ਈ-ਸੰਜੀਵਨੀ ਓਪੀਡੀ ਦਾ ਸਮਾਂ ਸਵੇਰੇ 8:00 ਤੋਂ 2:00 (ਸੋਮਵਾਰ ਤੋਂ ਸਨਿਚਰਵਾਰ) ਤਕ ਵਧਾ ਦਿਤਾ ਹੈ। ਇਹ ਕਦਮ ਮਾਹਰ ਡਾਕਟਰਾਂ ਨੂੰ ਵੱਧ ਤੋਂ ਵੱਧ ਸਮੇਂ ਲਈ ਮਰੀਜ਼ਾਂ ਲਈ ਉਪਲਬਧ ਕਰਵਾਉਣ ਅਤੇ ਰਾਜ ਭਰ ਵਿਚ ਆਨਲਾਈਨ ਟੈਲੀਕਾਨਸਲਟੇਸ਼ਨ ਦੀਆਂ ਸਹੂਲਤਾਂ ਮੁਹਈਆ ਕਰਵਾ ਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਕੈਪਟਨ ਪਿਆਰਾ ਸਿੰਘ ਸਰਪੰਚ ਚੱਪੜਚਿੜੀ, ਮੈਂਬਰ ਪੰਚਾਇਤ ਕੇਸਰ ਸਿੰਘ, ਦਰਸ਼ਨ ਸਿੰਘ, ਤਜਿੰਦਰ ਸਿੰਘ, ਪਰਮਜੀਤ ਕੌਰ, ਨਰਿੰਦਰ ਕੌਰ ਅਤੇ ਹੋਰ ਨਗਰ ਵਾਸੀ ਹਾਜ਼ਰ ਸਨ।