ਚੰਡੀਗੜ੍ਹ, 27 ਜਨਵਰੀ, 2017 : ਸ਼੍ਰੀ ਹਰਿਮੰਦਿਰ ਸਾਹਿਬ (ਅੰਮ੍ਰਿਤਸਰ) ਵਿਖੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾ ਪਾਉਣ ਤੋਂ ਇਨਕਾਰ ਕਰਨ ਵਾਲੇ ਅਰਦਾਸੀਏ ਭਾਈ ਬਲਬੀਰ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਤੋਂ ਖਫਾ ਹੋ ਕੇ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਆਪ ਵਿੱਚ ਸ਼ਾਮਿਲ ਹੋ ਗਏ।
ਭਾਈ ਬਲਬੀਰ ਸਿੰਘ ਨੇ ਕਿਹਾ ਕਿ ਉਨਾਂ ਨੇ ਬਾਦਲ ਨੂੰ ਸਿਰੋਪਾ ਪਾਉਣ ਤੋਂ ਇਸ ਲਈ ਇਨਕਾਰ ਕਰ ਦਿੱਤਾ ਸੀ, ਕਿਉਂਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਸਨ ਅਤੇ ਉਨਾਂ ਨੂੰ ਪਤਾ ਚੱਲਿਆ ਸੀ ਕਿ ਇਸ ਪਾਪ ਵਿੱਚ ਸ਼ਾਮਿਲ ਲੋਕਾਂ ਨੂੰ ਬਾਦਲ ਪਰਿਵਾਰ ਵੱਲੋਂ ਮਾਲੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਬੇਅਦਬੀ ਦੀਆਂ ਐਨੀ ਵੱਡੀ ਪੱਧਰ ਉਤੇ ਘਟਨਾਵਾਂ ਸੱਤਾਧਾਰੀ ਪਾਰਟੀ ਦੀ ਸ਼ਹਿ ਤੋਂ ਬਿਨਾਂ ਨਹੀਂ ਹੋ ਸਕਦੀਆਂ। ਉਨਾਂ ਕਿਹਾ ਕਿ ਦੋਸ਼ੀਆਂ ਨੂੰ ਨਾ ਫੜੇ ਜਾਣ ਕਾਰਨ ਮੇਰਾ ਸਰਕਾਰ ਦੇ ਖਿਲਾਫ ਵਿਰੋਧ ਸੀ।
ਭਾਈ ਬਲਬੀਰ ਸਿੰਘ ਨੇ ਕਿਹਾ ਕਿ ਉਹ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਬਰਕਰਾਰ ਰੱਖਣ ਲਈ ਕੰਮ ਕਰਦੇ ਰਹਿਣਗੇ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਉਨਾਂ ਨੂੰ ਭਰੋਸਾ ਦਿੱਤਾ ਹੈ ਕਿ ਧਾਰਮਿਕ ਗ੍ਰੰਥਾਂ ਦੇ ਦੋਸ਼ੀਆਂ ਨੂੰ ਫੜ ਕੇ ਸਖਤ ਸਜਾ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਹਰੇਕ ਸਿੱਖ ਅਤੇ ਹਰ ਕੋਈ ਵਿਅਕਤੀ ਜਿਹੜਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਸਿੱਖਿਆਵਾਂ ਨੂੰ ਮੰਨਦਾ ਹੈ, ਬੇਅਦਬੀ ਘਟਨਾਵਾਂ ਦੀ ਟੀਸ ਉਹੀ ਜਾਣ ਸਕਦਾ ਹੈ।
ਰਸਮੀ ਤੌਰ ਉਤੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਭਾਈ ਬਲਬੀਰ ਸਿੰਘ ਨੇ ਲੰਬੀ ਤੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖਿਲਾਫ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਰਨੈਲ ਸਿੰਘ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਸੀ।
ਇਸ ਦੌਰਾਨ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਅਤੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਭਾਈ ਬਲਬੀਰ ਸਿੰਘ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨਾਂ ਨੂੰ ਭਰੋਸਾ ਦਿੱਤਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਠੇਸ ਨਹੀਂ ਪਹੁੰਚਣ ਦਿੱਤੀ ਜਾਵੇਗੀ ਅਤੇ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਫੜ ਕੇ ਮਿਸਾਲੀ ਸਜਾ ਦਿੱਤੀ ਜਾਵੇਗੀ, ਤਾਂ ਜੋ ਕੋਈ ਹੋਰ ਵਿਅਕਤੀ ਅਜਿਹੀ ਘਟਨਾ ਕਰਨ ਦੀ ਹਿੰਮਤ ਨਾ ਕਰ ਸਕੇ।
ਇਸ ਦੌਰਨ ਆਮ ਆਦਮੀ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਗਵੰਤ ਮਾਨ ਨੇ ਕਿਹਾ ਕਿ ਭਾਈ ਬਲਬੀਰ ਸਿੰਘ ਨੇ ਸਮੁੱਚੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦੀ ਰਹਿਨੁਮਾਈ ਕੀਤੀ ਹੈ। ਆਪ ਡਾਇਲਾਗ ਕਮੇਟੀ ਦੇ ਚੇਅਰਮੈਨ ਕੰਵਰ ਸੰਧੂ ਨੇ ਵੀ ਭਾਈ ਬਲਬੀਰ ਸਿੰਘ ਦਾ ਪਾਰਟੀ ਵਿਚ ਸ਼ਾਮਿਲ ਹੋਣ ਉਤੇ ਧੰਨਵਾਦ ਕੀਤਾ।
ਇੱਥੇ ਇਹ ਵਰਣਨਯੋਗ ਹੈ ਕਿ 12 ਦਸੰਬਰ 2016 ਨੂੰ ਜਦੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਰਬਾਰ ਸਾਹਿਬ ਮੱਥਾ ਟੇਕਣ ਗਏ ਸਨ, ਤਾਂ ਭਾਈ ਬਲਬੀਰ ਸਿੰਘ ਨੇ ਉਨਾਂ ਨੂੰ ਸਿਰੋਪਾ ਪਾਉਣ ਤੋਂ ਇਨਕਾਰ ਕਰ ਦਿੱਤਾ ਸੀ। ਸਿਰੋਪਾ ਪਾਉਣ ਤੋਂ ਮਨਾ ਕਰਨ ਦੀ ਵਜਾ ਨਾਲ ਐਸਜੀਪੀਸੀ ਨੇ ਭਾਈ ਬਲਬੀਰ ਸਿੰਘ ਦਾ ਅੰਮ੍ਰਿਤਸਰ ਤੋਂ ਬਾਹਰ ਤਬਾਦਲਾ ਕਰ ਦਿੱਤਾ ਸੀ।