ਭਗਵੰਤ ਮਾਨ ਨੇ ਟਰਾਈਡੈਂਟ ਗਰੁੱਪ ਦੇ ਪਲਾਂਟ ਕੰਪਲੈਕਸ ਦਾ ਕੀਤਾ ਦੌਰਾ
ਟਰਾਈਡੈਂਟ ਗਰੁੱਪ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਿਹੈ
ਬਰਨਾਲਾ, 17 ਅਗਸਤ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦੇਸ਼ ਦੇ ਉੱਘੇ ਉਦਯੋਗਿਕ ਘਰਾਣੇ ਟਰਾਈਡੈਂਟ ਗਰੁੱਪ ਵਿਖੇ ਪੁੱਜੇ, ਜਿੱਥੇ ਗਰੁੱਪ ਦੇ ਚੇਅਰਮੈਨ ਅਤੇ ਯੋਜਨਾ ਬੋਰਡ ਪੰਜਾਬ ਦੇ ਵਾਈਸ ਚੇਅਰਮੈਨ ਪਦਮ ਸ਼੍ਰੀ ਰਾਜਿੰਦਰ ਗੁਪਤਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਜਿੰਦਰ ਗੁਪਤਾ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਬੜੇ ਹੀ ਗਰਮਜੋਸ਼ੀ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਉਨ੍ਹਾਂ ਨਾਲ ਵਿਚਾਰ ਵਟਾਂਦਰਾ ਕੀਤਾ। ਮਾਨ ਨੇ ਰਾਜਿੰਦਰ ਗੁਪਤਾ ਨੂੰ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸਿੰਗਲ ਵਿੰਡੋ ਸਿਸਟਮ ਸ਼ੁਰੂ ਕੀਤਾ ਗਿਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਟਰਾਈਡੈਂਟ ਗਰੁੱਪ ਪੰਜਾਬ ਦਾ ਹੀ ਨਹੀਂ, ਸਗੋਂ ਦੇਸ਼ ਦਾ ਇੱਕ ਉੱਭਰਦਾ ਟੈਕਸਟਾਈਲ ਗਰੁੱਪ ਹੈ ਜਿਸ ਨੇ ਵਿਦੇਸ਼ਾਂ ਵਿੱਚ ਵੀ ਆਪਣੀ ਛਾਪ ਛੱਡੀ ਹੈ। ਉਨ੍ਹਾਂ ਕਿਹਾ ਕਿ ਟਰਾਈਡੈਂਟ ਗਰੁੱਪ 20 ਹਜ਼ਾਰ ਤੋਂ ਵੱਧ ਲੋਕਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ 'ਤੇ ਰੁਜ਼ਗਾਰ ਮੁਹੱਈਆ ਕਰਵਾ ਕੇ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾ ਰਿਹਾ ਹੈ।
ਟਰਾਈਡੈਂਟ ਗਰੁੱਪ ਵਿਖੇ ਪਹੁੰਚਣ 'ਤੇ ਗੁਪਤਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਮੁੱਖ ਮੰਤਰੀ ਮਾਨ ਦੀ ਅਗਵਾਈ 'ਚ ਪੰਜਾਬ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਮੁੱਖ ਮੰਤਰੀ ਮਾਨ ਵੱਲੋਂ ਸਾਨੂੰ ਜੋ ਵੀ ਹੁਕਮ ਦਿੱਤਾ ਜਾਵੇਗਾ ਅਸੀਂ ਉਸ ਨੂੰ ਪੂਰਾ ਕਰਾਂਗੇ ਅਤੇ ਪੰਜਾਬ ਦੇ ਉਦਯੋਗਿਕ ਵਿਕਾਸ ਵਿੱਚ ਅਸੀਂ ਪਹਿਲਾਂ ਨਾਲੋਂ ਵੱਧ ਯੋਗਦਾਨ ਪਾਵਾਂਗੇ।