ਭਾਖੜਾ ਦੇ ਫਲੱਡ ਗੇਟ ਖੋਲ੍ਹਣ ਦੀ ਤਿਆਰੀ: ਪਾਣੀ ਦਾ ਪੱਧਰ 1651 ਫੁੱਟ ਤੱਕ ਪਹੁੰਚਿਆ
ਚੰਡੀਗੜ੍ਹ, 22 ਜੁਲਾਈ 2023 - ਪੰਜਾਬ ਦੇ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਤਾਜ਼ਾ ਸਥਿਤੀ ਦੇ ਮੱਦੇਨਜ਼ਰ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ 2 ਦਿਨਾਂ ਦੌਰਾਨ ਮੀਂਹ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਪਰ ਅਜੇ ਵੀ ਤੱਕ ਸਥਿਤੀ ਕਾਬੂ ਹੇਠ ਹੈ।
ਅੱਜ ਦਰਜ ਕੀਤੇ ਗਏ ਅੰਕੜਿਆਂ ਅਨੁਸਾਰ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1651 ਫੁੱਟ ਤੱਕ ਪਹੁੰਚ ਗਿਆ ਹੈ, ਜਦੋਂ ਕਿ ਖ਼ਤਰੇ ਦਾ ਪੱਧਰ 1680 ਫੁੱਟ ਹੈ। ਜਿਕਰਯੋਗ ਹੈ ਕਿ ਪਿਛਲੇ ਸਾਲ ਅੱਜ ਦੇ ਦਿਨ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1587 ਫੁੱਟ ਸੀ ਜੋ ਕਿ ਪਿਛਲੇ ਸਾਲ ਨਾਲੋਂ 64 ਫੁੱਟ ਵੱਧ ਹੈ। ਰਾਹਤ ਦੀ ਗੱਲ ਇਹ ਹੈ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਅਜੇ ਵੀ ਖ਼ਤਰੇ ਵਾਲੇ ਖੇਤਰ ਤੋਂ 29 ਫੁੱਟ ਹੇਠਾਂ ਹੈ।
ਭਾਖੜਾ ਦੇ ਲਗਾਤਾਰ ਵੱਧ ਰਹੇ ਪਾਣੀ ਦੇ ਪੱਧਰ ਅਤੇ ਸਤਲੁਜ ਦਰਿਆ ਵਿੱਚ ਛੱਡੇ ਜਾ ਰਹੇ ਪਾਣੀ ਦੀ ਸਥਿਤੀ ਦੇ ਮੱਦੇਨਜ਼ਰ ਉਪ ਮੰਡਲ ਮੈਜਿਸਟਰੇਟ ਨੰਗਲ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ, ਕਿ ਸਤਲੁਜ ਦਰਿਆ ਦੇ ਕੰਢੇ 'ਤੇ ਵਸਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਅਤੇ ਚੌਕਸੀ ਵਰਤਣ ਦੀ ਸਲਾਹ ਦਿੱਤੀ ਗਈ ਹੈ।