ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਕੈਬਨਿਟ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨਾਲ ਨਵ-ਨਿਯੁਕਤ ਜੇ.ਈਜ਼ ਦੀ ਗਰੁੱਪ ਫ਼ੋਟੋ
ਐਸ.ਏ.ਐਸ. ਨਗਰ, 24 ਦਸੰਬਰ, 2016 : ਅੱਜ ਇੱਥੇ ਵਿਕਾਸ ਭਵਨ ਮੋਹਾਲੀ ਵਿਖੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਕੈਬਨਿਟ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੇ ਇੱਕ ਸਾਦੇ ਸਮਾਗਮ ਦੌਰਾਨ ਵਿਭਾਗ 'ਚ 34 ਨਵੇਂ ਜੇ.ਈਜ਼ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ। ਇਨ੍ਹਾਂ ਨੂੰ ਸਿੱਧੀ ਭਰਤੀ 'ਚ ਰੱਖਿਆ ਗਿਆ ਹੈ। ਇਸ ਮੌਕੇ 'ਤੇ ਵਿਭਾਗ ਦੇ ਵਿੱਤੀ ਕਮਿਸ਼ਨਰ ਅਤੇ ਸਕੱਤਰ ਸ੍ਰੀ ਐਸ.ਆਰ. ਲੱਧੜ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਜਦੋਂ ਇਹ ਨਿਯੁਕਤੀ ਪੱਤਰ ਜਾਰੀ ਕੀਤੇ ਗਏ, ਤਾਂ ਪੱਤਰ ਲੈਣ ਵਾਲੇ ਨੌਜਵਾਨਾਂ ਦੇ ਚਿਹਰਿਆਂ 'ਤੇ ਖ਼ੁਸ਼ੀ ਉਨ੍ਹਾਂ ਦੀਆਂ ਅੰਤਰੀਵ ਭਾਵਨਾਵਾਂ ਦਾ ਪ੍ਰਗਟਾਵਾ ਕਰ ਰਹੀ ਸੀ।
ਸ. ਮਲੂਕਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਵੱਖ-ਵੱਖ ਖੇਤਰਾਂ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਵੱਡੀ ਪੱਧਰ 'ਤੇ ਮੁਹੱਈਆ ਕਰਵਾਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਵੱਖ-ਵੱਖ ਪੱਧਰਾਂ 'ਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਸ. ਮਲੂਕਾ ਨੇ ਨਿਯੁਕਤੀ ਪੱਤਰ ਲੈਣ ਵਾਲੇ ਯੁਵਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਪੂਰੀ ਤਰ੍ਹਾਂ ਈਮਾਨਦਾਰੀ ਅਤੇ ਪ੍ਰਤੀਬੱਧਤਾ ਨਾਲ ਕੰਮ ਕਰਨ। ਸ. ਮਲੂਕਾ ਨੇ ਕਿਹਾ ਕਿ ਨੌਕਰੀ 'ਚ ਰਹਿ ਕੇ ਪੇਂਡੂ ਸਮਾਜ ਦੀ ਸੇਵਾ ਕਰਨਾ ਜ਼ਿੰਦਗੀ 'ਚ ਇੱਕ ਵਧੀਆ ਮੌਕਾ ਮਿਲਿਆ ਹੈ। ਉਨ੍ਹਾਂ ਨੂੰ ਆਸ ਹੈ ਕਿ ਉਹ ਵੀ ਪਿੰਡਾਂ ਦੇ ਬਹੁਪੱਖੀ ਵਿਕਾਸ ਵਿੱਚ ਡਟ ਕੇ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਅਜੇ ਪਿੰਡਾਂ 'ਚ ਸੀਵਰੇਜ, ਗਲੀਆਂ-ਨਾਲੀਆਂ, ਲਾਈਟਾਂ ਅਤੇ ਪਖਾਨਿਆਂ ਆਦਿ ਦੇ ਹੋਰ ਕੰਮ ਵੀ ਕਰਨੇ ਹਨ।
ਸ. ਮਲੂਕਾ ਨੇ ਕਿਹਾ ਕਿ ਇਸ ਵੇਲੇ ਪੂਰੇ ਦੇਸ਼ ਅੰਦਰ ਪਿੰਡਾਂ ਦੇ ਵਿਕਾਸ ਲਈ ਪੰਜਾਬ ਮੋਹਰੀ ਸੂਬਾ ਬਣ ਗਿਆ ਹੈ। ਇਸ ਤੋਂ ਇਲਾਵਾ ਮਗਨਰੇਗਾ ਦੀਆਂ ਸਕੀਮਾਂ ਅਧੀਨ ਗਰੀਬ ਪਰਿਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦਾ ਮੁੱਖ ਨਿਸ਼ਾਨਾ ਹੀ ਪੰਜਾਬ ਦਾ ਬਹੁਪੱਖੀ ਵਿਕਾਸ ਹੈ। ਸ੍ਰੀ ਲੱਧੜ ਨੇ ਨਵੇਂ ਮੁਲਾਜ਼ਮਾਂ ਨੂੰ ਸੇਵਾ ਭਾਵਨਾ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੱਤੀ।