ਮਹਿਲ ਕਲਾਂ, 28 ਜਨਵਰੀ, 2017 (ਗੁਰਭਿੰਦਰ ਗੁਰੀ) : ਬਸਪਾ ਮੁਖੀ ਅਤੇ ਉੱਤਰ ਪ੍ਰਦੇਸ ਦੀ ਸਾਬਕਾ ਮੁੱਖ ਮੰਤਰੀ ਕੁਮਾਰੀ ਮਾਇਆਵਤੀ 30 ਜਨਵਰੀ ਦਿਨ ਐਤਵਾਰ ਨੂੰ ਅਨਾਜ ਮੰਡੀ ਮਹਿਲ ਕਲਾਂ ਵਿਖੇ ਹੋਣ ਵਾਲੀ ਮਹਾਂ ਰੈਲੀ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ ਤੇ ਪੁੱਜ ਰਹੇ ਹਨ ਅਤੇ ਬਸਪਾ ਦੀ ਇਸ ਮਹਾਂ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਬਸਪਾ ਵਰਕਰ ਸ਼ਮੂਲੀਅਤ ਕਰਨਗੇ। ਇਹ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਸੂਬਾ ਇੰਚਾਰਜ ਸ੍ਰੀ ਪ੍ਰਕਾਸ਼ ਭਾਰਤੀ ਨੇ ਮਹਿਲ ਕਲਾਂ ਵਿਖੇ ਬਸਪਾ ਉਮੀਦਵਾਰ ਡਾ. ਮੱਖਣ ਸਿੰਘ ਸੇਰਪੁਰ ਦੇ ਚੋਣ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ। ਬਸਪਾ ਪੰਜਾਬ ਦੇ ਇੰਚਾਰਜ ਸ੍ਰੀ ਪ੍ਰਕਾਸ਼ ਭਾਰਤੀ ਨੇ ਅਨਾਜ ਮੰਡੀ ਮਹਿਲ ਕਲਾਂ ਵਿਖੇ ਪੁੱਜ ਕੇ ਪੰਡਾਲ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਰੈਲੀ ਦੀ ਸੁਰੱਖਿਆ ਸਬੰਧੀ ਮਾਇਆਵਤੀ ਦੇ ਸੁਰੱਖਿਆ ਕਰਮੀ ਮਹਿਲ ਕਲਾਂ ਵਿਖੇ ਪੁੱਜ ਚੁੱਕੇ ਹਨ ਅਤੇ ਉਨ੍ਹਾਂ ਨੇ ਅੱਜ ਅਨਾਜ ਮੰਡੀ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੁਲਾਕਾਤ ਕੀਤੀ। ਬਸਪਾ ਉਮੀਦਵਾਰ ਡਾ. ਮੱਖਣ ਸਿੰਘ ਸੇਰਪੁਰ ਨੇ ਕਿਹਾ ਮਹਿਲ ਕਲਾਂ ਮਹਾਂ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆ ਕਿਹਾ ਕਿ ਪੰਜਾਬ ਦੀ ਜਵਾਨੀ, ਕਿਸਾਨੀ, ਸਾਂਤੀ ਅਤੇ ਭਾਈਚਾਰੇ ਨੂੰ ਬਚਾਉਣ ਲਈ ਬਸਪਾ ਦਾ ਸਾਥ ਦੇਣ।